ਪੰਜਾਬ ਪੁਲਸ ਵੱਲੋਂ ਗੈਰ-ਕਾਨੂੰਨੀ ਲਾਟਰੀ ਆਪ੍ਰੇਟਰਾਂ, ਜੂਏਬਾਜ਼ਾਂ ਖ਼ਿਲਾਫ਼ ਸੂਬਾ ਪੱਧਰੀ ਕਾਰਵਾਈ, 40 FIR's ਦਰਜ

Saturday, Jun 10, 2023 - 09:10 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਪੁਲਸ ਨੇ ਅੱਜ ਸੂਬੇ ਭਰ 'ਚ ਗੈਰ-ਕਾਨੂੰਨੀ ਲਾਟਰੀ ਗਤੀਵਿਧੀਆਂ ਅਤੇ ਜੂਏ (ਦੜਾ-ਸੱਟਾ) 'ਚ ਸ਼ਾਮਲ ਲੋਕਾਂ 'ਤੇ ਸ਼ਿਕੰਜਾ ਕੱਸਦਿਆਂ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਵੱਡੀ ਕਾਰਵਾਈ ਕੀਤੀ। ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਕਾਰਵਾਈ ਸੂਬੇ ਭਰ ਵਿੱਚ ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਇਕੋ ਸਮੇਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਰੇ ਸੀਪੀਜ਼/ਐੱਸਐੱਸਪੀਜ਼ ਨੂੰ ਹਰੇਕ ਥਾਣੇ ਦੇ ਐੱਸਐੱਚਓਜ਼/ਵਧੀਕ ਐੱਸਐੱਚਓਜ਼ ਨੂੰ ਹਦਾਇਤ ਜਾਰੀ ਕਰਕੇ ਉਨ੍ਹਾਂ ਲੋਕਾਂ, ਜਿਨ੍ਹਾਂ ਖ਼ਿਲਾਫ਼ ਪਿਛਲੇ 5 ਸਾਲਾਂ 'ਚ ਜੂਆ ਐਕਟ ਦੇ 2 ਤੋਂ ਵੱਧ ਕੇਸ ਦਰਜ ਹਨ, ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰਨ ਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਲਈ ਕਿਹਾ ਗਿਆ ਸੀ।

ਇਹ ਵੀ ਪੜ੍ਹੋ : ਭਾਰਤ ਤੇ ਸਰਬੀਆ 1 ਅਰਬ ਯੂਰੋ ਦੇ ਦੁਵੱਲੇ ਵਪਾਰ ਲਈ ਸਹਿਮਤ

ਇਸ ਕਾਰਵਾਈ ਦੌਰਾਨ 1500 ਪੁਲਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 285 ਪੁਲਸ ਟੀਮਾਂ ਨੇ ਗੈਰ-ਕਾਨੂੰਨੀ ਲਾਟਰੀ ਆਪ੍ਰੇਟਰਾਂ ਅਤੇ ਜੂਏਬਾਜ਼ਾਂ ਨਾਲ ਸਬੰਧਤ 500 ਤੋਂ ਵੱਧ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਸੂਬੇ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ਵਿੱਚ ਦਿਨ ਭਰ ਚੱਲੀ ਇਸ ਮੁਹਿੰਮ ਦੌਰਾਨ ਗੈਰ-ਕਾਨੂੰਨੀ ਲਾਟਰੀ ਗਤੀਵਿਧੀਆਂ 'ਚ ਸ਼ਾਮਲ ਘੱਟੋ-ਘੱਟ 110 ਵਿਅਕਤੀਆਂ ਅਤੇ ਦੜਾ-ਸੱਟਾ ਵਿੱਚ ਸ਼ਾਮਲ 434 ਵਿਅਕਤੀਆਂ ਦੀ ਚੈਕਿੰਗ ਕੀਤੀ ਗਈ।

ਇਹ ਵੀ ਪੜ੍ਹੋ : ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਮੱਥਾ ਟੇਕ ਕੀਤੀ ਅਰਦਾਸ

ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਪੁਲਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ 'ਚੋਂ 46610 ਰੁਪਏ ਬਰਾਮਦ ਕਰਕੇ 40 ਐੱਫਆਈਆਰਜ਼ ਵੀ ਦਰਜ ਕੀਤੀਆਂ ਹਨ। ਇਸ ਕਾਰਵਾਈ ਨੂੰ ਅੰਜਾਮ ਦੇਣ ਦਾ ਮਕਸਦ ਗੈਰ-ਕਾਨੂੰਨੀ ਲਾਟਰੀ ਆਪ੍ਰੇਟਰਾਂ ਅਤੇ ਜੂਏਬਾਜ਼ਾਂ 'ਤੇ ਨਜ਼ਰ ਰੱਖਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਛਾਪੇਮਾਰੀਆਂ ਅੱਗੇ ਵੀ ਜਾਰੀ ਰਹਿਣਗੀਆਂ। ਜ਼ਿਕਰਯੋਗ ਹੈ ਕਿ ਅਜਿਹੀਆਂ ਕਾਰਵਾਈਆਂ ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਤੇ ਆਮ ਲੋਕਾਂ 'ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਵੀ ਸਹਾਈ ਹੁੰਦੀਆਂ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News