ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਦੀ ਖੈਰ ਨਹੀਂ, ਮਿਲੀ ਸਖਤ ਚਿਤਾਵਨੀ

Friday, Aug 09, 2019 - 08:47 AM (IST)

ਚੰਡੀਗੜ੍ਹ : ਪੰਜਾਬ ਦੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸੂਬੇ 'ਚ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਦੋਸ਼ੀਆਂ ਖਿਲਾਫ ਮੁੱਕਦਮੇ ਦਰਜ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆਂ ਨਹੀਂ ਜਾਵੇਗਾ। ਇੱਥੋਂ ਜਾਰੀ ਇਕ ਬਿਆਨ 'ਚ ਸਰਕਾਰੀਆ ਨੇ ਕਿਹਾ ਕਿ ਸੂਬੇ ਦੇ ਕੁਝ ਹਿੱਸਿਆਂ ਤੋਂ ਉਨ੍ਹਾਂ ਨੂੰ ਗੈਰ ਕਾਨੂੰਨੀ ਮਾਈਨਿੰਗ ਦੀਆਂ ਰਿਪੋਰਟਾਂ ਮਿਲ ਰਹੀਆਂ ਹਨ, ਜਿਸ ਸਦਕਾ ਸਰਕਾਰੀ ਖਜ਼ਾਨੇ ਨੂੰ ਚੂਨਾ ਲੱਗ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖਿਲਾਫ ਸਖਤ ਐਕਸ਼ਨ ਲੈਣ ਦੀਆਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ। ਸਰਕਾਰੀਆ ਨੇ ਕਿਹਾ ਕਿ ਜਿਨ੍ਹਾਂ ਮਾਲਕਾਂ ਦੀਆਂ ਜ਼ਮੀਨਾਂ ਤੋਂ ਗੈਰ ਕਾਨੂੰਨੀ ਮਾਈਨਿੰਗ ਹੋ ਰਹੀ ਹੈ, ਉਨ੍ਹਾਂ ਖਿਲਾਫ ਵੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ ਅਤੇ ਜ਼ਮੀਨ 'ਚੋਂ ਜਿੰਨੇ ਫੁੱਟ ਤੱਕ ਰੇਤ-ਬੱਜ਼ਰੀ ਕੱਢੀ ਗਈ ਹੈ, ਉਸ ਹਿਸਾਬ ਨਾਲ ਰਿਕਵਰੀ ਕੀਤੀ ਜਾਵੇਗੀ ਅਤੇ ਮਾਮਲਾ ਵੀ ਦਰਜ ਕੀਤਾ ਜਾਵੇਗਾ।

ਖਣਨ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਕੁੱਲ 7 ਖਣਨ ਕਲੱਸਟਰਾਂ 'ਚੋਂ 6 ਕਲੱਸਟਰਾਂ ਦੀ ਨੀਲਾਮੀ ਹੋ ਚੁੱਕੀ ਹੈ ਅਤੇ ਲੋਕਾਂ ਨੂੰ ਵਾਜਬ ਭਾਅ 'ਤੇ ਰੇਤ-ਬੱਜ਼ਰੀ ਮੁਹੱਈਆ ਕਰਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਜ਼ਿਕਰਯੋਗ ਹੈ ਕਿ 6 ਕਲੱਸਟਰਾਂ ਦੀ ਈ-ਨੀਲਾਮੀ ਤੋਂ ਪੰਜਾਬ ਸਰਕਾਰ ਨੂੰ ਰਿਕਾਰਡ 274.75 ਕਰੋੜ ਰੁਪਏ ਦੀ ਆਮਦਨ ਹੋਈ ਹੈ। ਅਜੇ ਮੋਹਾਲੀ ਕਲੱਸਟਰ ਦੀ ਨਿਲਾਮੀ ਹੋਣੀ ਬਾਕੀ ਹੈ।ਸਰਕਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖਣਨ ਤੋਂ 300 ਕਰੋੜ ਰੁਪਏ ਦੀ ਕਮਾਈ ਦਾ ਟੀਚਾ ਮਿਥਿਆ ਹੈ ਅਤੇ ਇਸ ਨੂੰ ਪੂਰਾ ਕਰ ਲਏ ਜਾਣ ਦੀ ਪੂਰੀ ਉਮੀਦ ਹੈ।


Babita

Content Editor

Related News