ਪਾਕਿਸਤਾਨ ਤੋਂ ਮੰਗਵਾਏ ਅਸਲੇ ਸਣੇ 2 ਨੌਜਵਾਨ ਗ੍ਰਿਫ਼ਤਾਰ
Thursday, Nov 05, 2026 - 08:23 PM (IST)
ਬਟਾਲਾ/ਡੇਰਾ ਬਾਬਾ ਨਾਨਕ/ਕਲਾਨੌਰ (ਬੇਰੀ, ਮਨਮੋਹਨ)- ਪਾਕਿਸਤਾਨ ਵੱਲੋਂ ਭਾਰਤ ’ਚ ਆਪਣੇ ਨਾਪਾਕ ਇਰਾਦਿਆਂ ਨੂੰ ਅੰਜ਼ਾਮ ਦੇਣ ਲਈ ਆਏ ਦਿਨ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ ਪਰ ਸਰਹੱਦ ’ਤੇ ਬੈਠੇ ਦੇਸ਼ ਦੇ ਬਰਾਦਰ ਸੈਨਿਕਾਂ ਅਤੇ ਪੰਜਾਬ ਪੁਲਸ ਵਲੋਂ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਨੂੰ ਰੋਕਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਪਾਕਿਸਤਾਨ ਵਲੋਂ ਡਰੋਨ ਰਾਹੀਂ ਆਏ ਇਕ ਗਲਾਕ ਪਿਸਟਲ ਅਤੇ 7 ਮੈਗਜੀਨਾਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ.ਐੱਚ.ਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਗੌਰਵ ਯਾਦਵ, ਆਈ.ਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀ.ਐੱਸ.ਪੀ ਡੇਰਾ ਬਾਬਾ ਨਾਨਕ ਜੋਗਾ ਸਿੰਘ ਦੇ ਦਿਸ਼ਾ ਨਿਰਦੇਸਾਂ ਤਹਿਤ ਪੁਲਸ ਵਲੋਂ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਕੱਸੋਵਾਲ ਪੋਸਟ ’ਤੇ ਤਾਇਨਾਤ ਬੀ.ਐੱਸ.ਐੱਫ ਦੇ 22 ਰਾਜਪੂਤ ਦੇ ਅਧਿਕਾਰੀਆਂ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਨੇ 2 ਨੌਜਵਾਨਾਂ ਨੂੰ ਸ਼ੱਕੀ ਹਾਲਤ ’ਚ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਉਕਤ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਪੁਲਸ ਨੂੰ ਦੱਸਿਆ ਕਿ ਉਹ ਪਾਕਿਸਤਾਨ ’ਚ ਰਹਿੰਦੇ ਇਕ ਵਿਅਕਤੀ ਦੇ ਕਹਿਣ ’ਤੇ ਪਿੰਡ ਘਣੀਏ ਕੇ ਬੇਟ ਦੇ ਖੇਤਾਂ ’ਚ ਪਾਕਿਸਤਾਨ ਤੋਂ ਡਰੋਨ ਰਾਹੀਂ ਆਏ ਹਥਿਆਰ ਲੈਣ ਲਈ ਆਏ ਸਨ।
ਉਨ੍ਹਾਂ ਕਿਹਾ ਕਿ ਪੁਲਸ ਨੇ ਉਕਤ ਨੌਜਵਾਨਾਂ ਦੀ ਨਿਸ਼ਾਨਦੇਹੀ ਤੋਂ ਪਿੰਡ ਘਣੀਏ ਕੇ ਬੇਟ ਦੇ ਖੇਤਾਂ ’ਚੋਂ ਇਕ ਗਲਾਕ ਪਿਸਟਲ ਅਤ 7 ਮੈਗਜੀਨ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਫੜੇ ਗਏ ਨੌਜਵਾਨਾਂ ਦੀ ਪਛਾਣ ਰਾਹੁਲ ਪ੍ਰੀਤ ਸਿੰਘ ਵਾਸੀ ਧਾਰੀਵਾਲ ਸੋਹੀਆਂ ਅਤੇ ਰਵੀ ਰਾਜਪੂਤ ਵਾਸੀ ਅਭੇਪੁਰ ਪੰਚਕੁਲਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਨੇ ਗਲਾਕ ਪਿਸਟਲ ਅਤੇ ਮੈਗਜੀਨਾਂ ਨੂੰ ਕਬਜ਼ੇ ’ਚ ਲੈ ਕੇ ਉਕਤ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
