ਗ਼ੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲਿਆਂ ਦੀ ਆਵੇਗੀ ਸ਼ਾਮਤ ਹੁਣ, ਮੁੱਖ ਮੰਤਰੀ ਵਲੋਂ ਕਾਰਵਾਈ ਦੇ ਹੁਕਮ

Wednesday, Feb 07, 2024 - 07:02 PM (IST)

ਗ਼ੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲਿਆਂ ਦੀ ਆਵੇਗੀ ਸ਼ਾਮਤ ਹੁਣ, ਮੁੱਖ ਮੰਤਰੀ ਵਲੋਂ ਕਾਰਵਾਈ ਦੇ ਹੁਕਮ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ’ਚ ਭਵਿੱਖ ’ਚ ਗ਼ੈਰ ਕਾਨੂੰਨੀ ਕਾਲੋਨੀਆਂ ਬਣਨ ਤੋਂ ਰੋਕਣ ਲਈ ਗ਼ੈਰ ਕਾਨੂੰਨੀ ਕਾਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਵਾਸਤੇ ਅਧਿਕਾਰੀਆਂ ਨੂੰ ਬਿੱਲ ਦਾ ਖਰੜਾ ਤਿਆਰ ਕਰਨ ਲਈ ਆਖਿਆ। ਜ਼ਮੀਨ/ਜਾਇਦਾਦ ਦੀ ਰਜਿਸਟਰੇਸ਼ਨ ਲਈ ਐੱਨ. ਓ. ਸੀ. ਦੀ ਸ਼ਰਤ ਖ਼ਤਮ ਕਰਨ ਦੇ ਸੂਬਾ ਸਰਕਾਰ ਦੇ ਹਾਲੀਆ ਫੈਸਲੇ ਦੇ ਸੰਦਰਭ ’ਚ ਅੱਜ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਫ਼ੈਸਲੇ ਦਾ ਮੰਤਵ ਆਮ ਜਨਤਾ ਨੂੰ ਸਹੂਲਤ ਦੇਣਾ ਹੈ। ਉਨ੍ਹਾਂ ਕਿਹਾ ਕਿ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਦੁਆਲੇ ਸ਼ਿਕੰਜਾ ਕਸਣ ਲਈ ਨਵਾਂ ਕਾਨੂੰਨ ਬਣਾਉਣ ਦੀ ਬੇਹੱਦ ਲੋੜ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਤੋਂ ਪਹਿਲਾਂ ਨਵੇਂ ਬਿੱਲ ਦਾ ਖਰੜਾ ਤਿਆਰ ਕਰਨ ਲਈ ਆਖਿਆ ਤਾਂ ਕਿ ਵਿਧਾਨ ਸਭਾ ਤੋਂ ਇਸ ਦੀ ਪ੍ਰਵਾਨਗੀ ਲਈ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਗ਼ੈਰ ਕਾਨੂੰਨੀ ਕਲੋਨਾਈਜ਼ਰ ਸਬਜ਼ਬਾਗ਼ ਦਿਖਾ ਕੇ ਲੋਕਾਂ ਨੂੰ ਲੁੱਟਦੇ ਹਨ ਅਤੇ ਆਪਣੀਆਂ ਗ਼ੈਰ ਪ੍ਰਵਾਨਿਤ ਕਾਲੋਨੀਆਂ ਵੇਚ ਦਿੰਦੇ ਹਨ। ਉਨ੍ਹਾਂ ਕਿਹਾ ਕਿ ਠੱਗੇ ਗਏ ਲੋਕ ਇਨ੍ਹਾਂ ਕਾਲੋਨੀਆਂ ’ਚ ਬੁਨਿਆਦੀ ਸਹੂਲਤਾਂ ਲਈ ਦਰ-ਦਰ ਦੀਆਂ ਠੋਕਰਾਂ ਖਾਂਦੇ ਰਹਿੰਦੇ ਹਨ।

ਇਹ ਵੀ ਪੜ੍ਹੋ : ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਖੋਲ੍ਹੇ ਜਾਣ ਨਵੇਂ ਰਾਹ, ਮੰਤਰੀ ਅਮਨ ਅਰੋੜਾ ਨੇ ਅਫ਼ਸਰਾਂ ਨੂੰ ਦਿੱਤੇ ਇਹ ਨਿਰਦੇਸ਼

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਲੋਨਾਈਜ਼ਰ ਗ਼ੈਰ ਕਾਨੂੰਨੀ ਤਰੀਕੇ ਨਾਲ ਪੈਸਾ ਬਣਾ ਲੈਂਦੇ ਹਨ, ਜਦੋਂ ਕਿ ਉਨ੍ਹਾਂ ਦੀਆਂ ਗ਼ਲਤ ਕਾਰਵਾਈਆਂ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਬਿਨਾਂ ਪ੍ਰਵਾਨਗੀ ਲਏ ਪਲਾਟ ਵੇਚ ਰਹੇ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ’ਚ ਗ਼ੈਰ ਕਾਨੂੰਨੀ ਕਾਲੋਨੀਆਂ ਬਣਾਉਣ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਇਸ ਜ਼ੁਰਮ ’ਚ ਸ਼ਾਮਲ ਸਾਰੇ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਦਮ ਚੁੱਕੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ, ਜੋ ਪੰਜਾਬ ’ਚ ਕਿਸੇ ਵੀ ਤਰ੍ਹਾਂ ਗ਼ੈਰ ਕਾਨੂੰਨੀ ਕਲੋਨੀ ਬਣਨ ਤੋਂ ਰੋਕਣ ਦਾ ਕੰਮ ਕਰੇਗਾ।

ਇਹ ਵੀ ਪੜ੍ਹੋ : ਧਿਆਨ ਦੇਣ ਜਲੰਧਰ ਵਾਸੀ, ਡੀ. ਸੀ. ਨੇ ਜਾਰੀ ਕੀਤੇ ਇਹ ਨਿਰਦੇਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e


author

Anuradha

Content Editor

Related News