ਮੁੱਖ ਮੰਤਰੀ ਸ਼ਰਾਬ ਘਪਲੇ ''ਚ 4 ਕਾਂਗਰਸੀ ਆਗੂਆਂ ਸਮੇਤ ਰਸੂਖਵਾਨ ਮੁਲਜ਼ਮਾਂ ਖਿਲਾਫ ਕਰਨ ਕਾਰਵਾਈ: ਅਕਾਲੀ ਦਲ

Sunday, May 17, 2020 - 08:10 PM (IST)

ਚੰਡੀਗੜ੍ਹ,(ਅਸ਼ਵਨੀ)- ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ 5600 ਕਰੋੜ ਰੁਪਏ ਦੇ ਨਾਜਾਇਜ਼ ਸ਼ਰਾਬ ਘਪਲੇ ਦੇ ਮਾਮਲੇ ’ਚ ਚਾਰ ਕਾਂਗਰਸੀ ਵਿਧਾਇਕਾਂ ਸਮੇਤ ਰਸੂਖਵਾਨ ਮੁਲਜ਼ਮਾਂ ਖ਼ਿਲਾਫ ਕਾਰਵਾਈ ਕਰਨ। ਪਾਰਟੀ ਨੇ ਮੁੱਖ ਮੰਤਰੀ ਨੂੰ ਇਹ ਵੀ ਕਿਹਾ ਹੈ ਕਿ ਉਹ ਇਸ ਘਪਲੇ ਲਈ ਜ਼ਿੰਮੇਵਾਰ ਸ਼ਰਾਬ ਫੈਕਟਰੀਆਂ ਦੇ ਮਾਲਕਾਂ ਅਤੇ ਨਕਲੀ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਐੱਸ. ਐੱਚ. ਓਜ਼ ਨੂੰ ਨਿਸ਼ਾਨਾ ਬਣਾ ਕੇ ਲੋਕਾਂ ਨੂੰ ਬੇਵਕੂਫ ਨਾ ਬਣਾਉਣ ਅਤੇ ਇਸ ਘਪਲੇ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਨਾ ਕਰਨ। ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬੀਆਂ ਵਲੋਂ ਰੋਸ ਪ੍ਰਗਟਾਉਣ ਮਗਰੋਂ ਮੁੱਖ ਮੰਤਰੀ ਨੇ ਨਕਲੀ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਬੜੀ ਦੇਰੀ ਨਾਲ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਰ ਇਸ ਮਾਮਲੇ ’ਚ ਘਨੌਰ, ਰਾਜਪੁਰਾ, ਖੰਨਾ ਅਤੇ ਬਲਾਚੌਰ ਦੇ ਕਾਂਗਰਸੀ ਵਿਧਾਇਕਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਹੇਠਲੇ ਪੱਧਰ ਦੇ ਅਧਿਕਾਰੀਆਂ ਖਿਲਾਫ਼ ਕਾਰਵਾਈ ਕਰਕੇ 2000 ਕਰੋੜ ਰੁਪਏ ਦੇ ਨਕਲੀ ਸ਼ਰਾਬ ਦੇ ਘਪਲੇ ਅਤੇ ਸਰਕਾਰੀ ਖਜ਼ਾਨੇ ਨੂੰ ਆਬਕਾਰੀ ਆਮਦਨ ’ਚ ਪਏ 3600 ਕਰੋੜ ਰੁਪਏ ਦੇ ਘਾਟੇ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਚੰਦੂਮਾਜਰਾ ਨੇ ਕਿਹਾ ਕਿ ਅਸੀਂ ਅਜਿਹਾ ਨਹੀਂ ਹੋਣ ਦਿਆਂਗੇ। ਉਨ੍ਹਾਂ ਕਿਹਾ ਕਿ ਇਹ ਸਮੱਸਿਆ ਐੱਸ. ਐੱਚ. ਓਜ਼ ਅਤੇ ਡੀ. ਐੱਸ. ਪੀਜ਼ ਦੇ ਨਾਲ ਨਹੀਂ, ਸਗੋਂ ਉਨ੍ਹਾਂ ਦੀ ਨਿਯੁਕਤੀ ਲਈ ਜ਼ਿੰਮੇਵਾਰ ਕਾਂਗਰਸੀ ਵਿਧਾਇਕਾਂ ਨਾਲ ਜੁੜੀ ਹੈ। ਜੇਕਰ ਵਿਧਾਇਕਾਂ ਵਿਰੁੱਧ ਕਾਰਵਾਈ ਕੀਤੀ ਜਾਂਦੀ ਹੈ ਤਾਂ ਸਭ ਕੁੱਝ ਖੁੱਲ੍ਹ ਕੇ ਸਾਹਮਣੇ ਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਹਾਈਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ’ਚ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕਰਦੇ ਹਾਂ ਅਤੇ ਨਾਲ ਹੀ ਇਹ ਵੀ ਮੰਗ ਕਰਦੇ ਹਾਂ ਕਿ ਕਾਂਗਰਸੀ ਆਗੂਆਂ ਵਲੋਂ ਚਲਾਈਆਂ ਜਾ ਰਹੀਆਂ ਨਕਲੀ ਸ਼ਰਾਬ ਦੀਆਂ ਫੈਕਟਰੀਆਂ ਅਤੇ ਠੇਕਿਆਂ ਦੀ ਜਾਂਚ ਲਈ ਇਕ ਵਿਧਾਨ ਸਭਾ ਕਮੇਟੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਖਜ਼ਾਨੇ ਨੂੰ ਮੋਟਾ ਚੂਨਾ ਲਾਉਣ ਵਾਲੇ ਸਾਰੇ ਦੋਸ਼ੀਆਂ ਦੀ ਸ਼ਨਾਖਤ ਕਰਨ, ਕੇਸ ਦਰਜ ਕਰਨ ਅਤੇ ਗ੍ਰਿਫ਼ਤਾਰੀ ਮਗਰੋਂ ਸਰਕਾਰ ਉਨ੍ਹਾਂ ਕੋਲੋਂ 5600 ਕਰੋੜ ਰੁਪਏ ਦੀ ਉਗਰਾਹੀ ਦੀ ਪ੍ਰਕਿਰਿਆ ਸ਼ੁਰੂ ਕਰੇ ਅਤੇ ਇਹ ਸਾਰਾ ਪੈਸਾ ਵਾਪਸ ਸਰਕਾਰੀ ਖਜ਼ਾਨੇ ’ਚ ਜਮ੍ਹਾਂ ਕਰਵਾਏ।

ਇਹ ਟਿੱਪਣੀ ਕਰਦਿਆਂ ਕਿ ਕਾਂਗਰਸ ਸਰਕਾਰ ਇਕ ਵੱਡੇ ਭ੍ਰਿਸ਼ਟਾਚਾਰ ’ਚ ਉਲਝ ਗਈ ਹੈ, ਜਿਸ ਦੀਆਂ ਤਾਰਾਂ ਉਪਰ ਤਕ ਜੁੜੀਆਂ ਹਨ, ਅਕਾਲੀ ਆਗੂ ਨੇ ਕਿਹਾ ਕਿ ਸਰਕਾਰੀ ਪੁਸ਼ਤਪਨਾਹੀ ਹੇਠ ਸਰਕਾਰੀ ਖਜ਼ਾਨੇ ਦੀ ਲੁੱਟ ਤੋਂ ਕਾਂਗਰਸੀ ਸੰਤੁਸ਼ਟ ਨਹੀਂ ਹਨ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਨੇ ਇਹ ਮੰਗ ਕੀਤੀ ਹੈ ਕਿ ਸ਼ਰਾਬ ਦੇ ਠੇਕੇਦਾਰਾਂ ਨੂੰ ਤਾਲਾਬੰਦੀ ਦੌਰਾਨ ਪਏ ਘਾਟੇ ਲਈ 676 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਥੋਂ ਤਕ ਕਿ ਜਿਹੜੇ ਕਾਂਗਰਸੀ ਆਗੂ ਟਵਿਟਰ ’ਤੇ ਸਰਗਰਮ ਹਨ ਅਤੇ ਸਰਕਾਰੀ ਖਜ਼ਾਨੇ ਨੂੰ ਪਏ ਘਾਟੇ ਦੀ ਜਾਂਚ ਕਰਵਾਉਣ ਦੀ ਮੰਗ ਕਰ ਚੁੱਕੇ ਹਨ, ਉਨ੍ਹਾਂ ਸਾਰਿਆਂ ਨੂੰ ਖਰੀਦ ਲਿਆ ਗਿਆ ਜਾਪਦਾ ਹੈ ਕਿਉਂਕਿ ਹੁਣ ਉਹ ਸਾਰੇ ਠੇਕੇਦਾਰਾਂ ਨੂੰ ਮੁਆਵਜ਼ਾ ਦੇਣ ਦੇ ਹੱਕ ’ਚ ਉਤਰ ਆਏ ਹਨ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਠੇਕੇਦਾਰਾਂ ਦੀ ਇਸ ਮੰਗ ਨੂੰ ਮੰਨਣ ਵਾਲਾ ਸਰਕਾਰ ਦਾ ਫੈਸਲਾ ਹੈਰਾਨ ਕਰਨ ਵਾਲਾ ਹੈ ਕਿਉਂਕਿ ਇਹ ਇਕ ਤੱਥ ਹੈ ਕਿ ਕਾਂਗਰਸੀਆਂ ਦੇ ਇਨ੍ਹਾਂ ਸ਼ਰਾਬ ਦੇ ਠੇਕਿਆਂ ਤੋਂ ਨਾ ਸਿਰਫ਼ ਕਰਫਿਊ ਦੌਰਾਨ ਸ਼ਰਾਬ ਦੀ ਹੋਮ ਡਿਲੀਵਰੀ ਹੁੰਦੀ ਸੀ ਸਗੋਂ ਸ਼ਰੇਆਮ ਵੀ ਠੇਕਿਆਂ ਤੋਂ ਸ਼ਰਾਬ ਵੇਚੀ ਜਾਂਦੀ ਸੀ, ਜਿਸ ਤਰ੍ਹਾਂ ਬਲਾਚੌਰ ਦੇ ਵਿਧਾਇਕ ਦਰਸ਼ਨ ਲਾਲ ਦੇ ਭਤੀਜੇ ਨੇ ਰੋਪੜ ਵਿਖੇ ਕੀਤਾ ਸੀ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕਾਂਗਰਸੀ ਆਪਣੀ ਸਾਰੀ ਸ਼ਰਾਬ ਕਾਲੇ ਬਜ਼ਾਰ ’ਚ ਵੇਚ ਚੁਕੇ ਹਨ ਤਾਂ ਉਨ੍ਹਾਂ ਨੂੰ ਕਿਹੜੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ?

ਕਾਂਗਰਸੀ ਵਿਧਾਇਕਾਂ ਮਦਨ ਲਾਲ ਜਲਾਲਪੁਰ ਅਤੇ ਹਰਦਿਆਲ ਕੰਬੋਜ ਦੇ ਖਾਸ ਬੰਦਿਆਂ ਵਲੋਂ ਚਲਾਈ ਜਾ ਰਹੀ ਨਕਲੀ ਸ਼ਰਾਬ ਦੀ ਫੈਕਟਰੀ ਸੰਬੰਧੀ ਤਾਜ਼ਾ ਖੁਲਾਸੇ ਬਾਰੇ ਬੋਲਦਿਆਂ ਅਕਾਲੀ ਆਗੂ ਨੇ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਅਜੇ ਤਕ ਇਨ੍ਹਾਂ ਵਿਧਾਇਕਾਂ ਖ਼ਿਲਾਫ ਅਪਰਾਧਿਕ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਮੁੱਖ ਮੰਤਰੀ ਨੈਤਿਕਤਾ ਦੀਆਂ ਗੱਲਾਂ ਕਰ ਰਿਹਾ ਹੈ ਪਰ ਉਨ੍ਹਾਂ ਵਿਧਾਇਕਾਂ ਖ਼ਿਲਾਫ ਕੋਈ ਕਾਰਵਾਈ ਨਹੀਂ ਕਰ ਰਿਹਾ ਹੈ, ਜਿਹੜੇ ਨਾ ਸਿਰਫ ਸਰਕਾਰੀ ਖਜ਼ਾਨੇ ਨੂੰ ਲੁੱਟ ਰਹੇ ਹਨ, ਸਗੋਂ ਉਸ ਦੇ ਆਪਣੇ ਜ਼ਿਲੇ ਅੰਦਰ ਨਕਲੀ ਸ਼ਰਾਬ ਸਪਲਾਈ ਕਰਕੇ ਲੋਕਾਂ ਨੂੰ ਜ਼ਹਿਰ ਪਿਲਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਹੇਠਲੇ ਪੱਧਰ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਕੇ ਇਸ 5600 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਉਤੇ ਪਰਦਾ ਪਾਉਣ ਦੀ ਆਪਣੀ ਨੀਤੀ ਜਾਰੀ ਰੱਖੀ ਤਾਂ ਆਉਣ ਵਾਲੇ ਦਿਨਾਂ ਸਥਿਤੀ ਬਦ ਤੋਂ ਬਦਤਰ ਹੋ ਜਾਵੇਗੀ ਅਤੇ ਪੰਜਾਬ ਅੰਦਰ ਜੰਗਲ ਰਾਜ ਦਾ ਬੋਲਬਾਲਾ ਹੋ ਜਾਵੇਗਾ।


Bharat Thapa

Content Editor

Related News