ਵਧੀਕ ਡਿਪਟੀ ਕਮਿਸ਼ਨਰ ਵਲੋਂ ਨਿਗਮ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਮੀਟਿੰਗ

11/23/2017 2:02:46 PM

ਜਲੰਧਰ (ਅਮਿਤ)— ਜ਼ਿਲੇ ਵਿਚ ਸਥਾਨਕ ਸਰਕਾਰਾਂ ਦੀਆਂ ਆਉਣ ਵਾਲੀਆਂ ਚੋਣਾਂ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਜਲੰਧਰ ਡਾ. ਭੁਪਿੰਦਰਪਾਲ ਸਿੰਘ ਵੱਲੋਂ ਬੁੱਧਵਾਰ ਨੂੰ ਈ. ਆਰ. ਓਜ਼ ਅਤੇ ਏ. ਈ. ਆਰ. ਓਜ਼ ਦੀ ਰੀਵਿਊ ਮੀਟਿੰਗ ਕੀਤੀ ਗਈ। 
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲਾ ਚੋਣ ਅਫਸਰ ਜਲੰਧਰ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਨਗਰ ਨਿਗਮ ਦੀਆਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਨੂੰ ਆਧਾਰ ਮੰਨ ਕੇ ਤਿਆਰ ਕੀਤਾ ਗਿਆ ਹੈ। ਡਾ. ਭੁਪਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਵੋਟਰ ਸੂਚੀਆਂ ਦੀ ਡਰਾਫ਼ਟ ਪ੍ਰਕਾਸ਼ਨ ਪਹਿਲਾਂ ਹੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਮੁਹੱਈਆ ਕਰਵਾ ਕੇ ਇਤਰਾਜ਼ ਅਤੇ ਦਾਅਵੇ ਪ੍ਰਾਪਤ ਕੀਤੇ ਜਾ ਚੁੱਕੇ ਹਨ। 
ਉਨ੍ਹਾਂ ਕਿਹਾ ਕਿ ਇਸ ਸਬੰਧੀ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 27 ਨਵੰਬਰ 2017 ਨੂੰ ਕੀਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 28 ਨਵੰਬਰ ਨੂੰ ਕਰ ਦਿੱਤੀ ਜਾਵੇਗੀ। ਉਨ੍ਹਾਂ ਈ. ਆਰ. ਓਜ਼ ਅਤੇ ਏ. ਈ. ਆਰ. ਓਜ਼ ਨੂੰ ਕਿਹਾ ਕਿ ਇਸ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਇਹ ਚੋਣਾਂ ਜਿੰਨੀ ਜਲਦੀ ਹੋ ਸਕੇ, ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਆਪਣੇ ਸਟਾਫ ਨੂੰ ਇਸ ਕੰਮ ਨੂੰ ਪੂਰੀ ਲਗਨ ਨਾਲ ਅਤੇ ਤੈਅ ਸ਼ਡਿਊਲ ਮੁਤਾਬਿਕ ਪੂਰਾ ਕਰਨ ਲਈ ਕਿਹਾ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਬ ਡਵੀਜ਼ਨਲ ਮੈਜਿਸਟਰੇਟ ਵਰਿੰਦਰ ਪਾਲ ਸਿੰਘ ਬਾਜਵਾ, ਮੈਡਮ ਨਵਨੀਤ ਕੌਰ ਬੱਲ ਅਤੇ ਰਾਜੀਵ ਵਰਮਾ, ਆਰ. ਟੀ. ਏ. ਦਰਬਾਰਾ ਸਿੰਘ, ਅਸਟੇਟ ਅਫਸਰ ਪੁੱਡਾ ਡਾ. ਜੈ ਇੰਦਰ ਸਿੰਘ ਅਤੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਦੀਪਕ ਭਾਟੀਆ ਅਤੇ ਹੋਰ ਵੀ ਹਾਜ਼ਰ ਸਨ।