ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Sunday, Jun 08, 2025 - 03:42 PM (IST)

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ, ਰਾਜੇਸ਼ ਢੰਡ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦਮਨਜੀਤ ਸਿੰਘ ਮਾਨ ਨੇ ਜ਼ਿਲ੍ਹਾ ਫਿਰੋਜ਼ਪੁਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ’ਚ ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਨਿਰੋਈ ਸਿਹਤ ਵਾਲੇ ਵਿਅਕਤੀ ਰੂਰਲ ਅਤੇ ਗ੍ਰਾਮੀਣ ਬੈਂਕਾਂ, ਡਾਕਖਾਨੇ ਅਤੇ ਛੋਟੇ ਡਾਕਘਰਾਂ, ਰੇਲਵੇ ਸਟੇਸ਼ਨ, ਸਰਕਾਰੀ ਦਫਤਰਾਂ, ਇੰਸਟੀਚਿਊਟਾਂ, ਨਹਿਰਾਂ ਦੇ ਕੰਢੇ, ਸਤਲੁਜ ਦਰਿਆ ਦੇ ਪੁਲਾਂ ਅਤੇ ਖ਼ਾਸ ਤੌਰ ’ਤੇ ਬਿਜਲੀ ਬੋਰਡ ਦੇ ਗਰਿੱਡਾਂ, ਸਬ-ਸਟੇਸ਼ਨਾਂ, ਟਰਾਂਸਮਿਸ਼ਨ ਲਾਈਨਾਂ, ਟਰਾਂਸਫਾਰਮਰਾਂ ਅਤੇ ਬਿਜਲੀ ਦੇ ਖੰਭਿਆਂ ਨੂੰ ਤੋੜ-ਫੋੜ ਤੋਂ ਬਚਾਉਣ ਲਈ 24 ਘੰਟੇ ਗਸ਼ਤ/ਪਹਿਰਾ ਲਾਇਆ ਜਾਵੇ। ਉਨ੍ਹਾਂ ਨੇ ਇਹ ਵੀ ਹੁਕਮ ਦਿੱਤਾ ਕਿ ਹਰ ਪਿੰਡ ਦੀ ਪੰਚਾਇਤ ਐਕਟ ਦੀ ਧਾਰਾ (4-1) ਦੀ ਪੂਰੀ ਤਰਜ਼ਮਾਨੀ ਕਰਦਿਆਂ ਹੋਇਆ ਆਪਣੇ ਖੇਤਰਾਂ ’ਚ ਡਿਊਟੀ ਕਰਾਏਗੀ।

ਉਨ੍ਹਾਂ ਨੇ ਜ਼ਿਲ੍ਹੇ ’ਚ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਕਿਆਂ ਨੂੰ ਚਲਾਉਣ, ਢੋਲ, ਡਰੱਮ ਅਤੇ ਹੋਰ ਕਿਸੇ ਤਰ੍ਹਾਂ ਦੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ (ਜਨ ਹਿੱਤ ਐਮਰਜੈਂਸੀ ਦੀ ਹਾਲਤ ਨੂੰ ਛੱਡ ਕੇ) ’ਤੇ ਵੀ ਪੂਰਨ ਪਾਬੰਦੀ ਲਾਈ ਜਾਂਦੀ ਹੈ। ਇਸੇ ਤਰ੍ਹਾਂ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਰਿਹਾਇਸ਼ੀ ਇਲਾਕਿਆਂ ’ਚ ਕਿਸੇ ਤਰ੍ਹਾਂ ਦੇ ਹਾਰਨ ਵਜਾਉਣ ’ਤੇ ਪਾਬੰਦੀ ਲਾਈ ਗਈ ਹੈ। ਕਿਸੇ ਵੀ ਥਾਂ ’ਤੇ ਚਲਾਏ ਜਾ ਰਹੇ ਲਾਊਡ ਸਪੀਕਰ, ਪਬਲਿਕ ਐਡਰੈੱਸ ਸਿਸਟਮ ਆਦਿ ਦੀ ਆਵਾਜ਼ ਸੀਮਾ 10 ਡੀ. ਬੀ. (ਏ) ਅਤੇ 75 ਡੀ. ਬੀ. (ਏ) (ਸਬੰਧਿਤ ਜਗ੍ਹਾ ਦੇ ਆਵਾਜ਼ੀ ਸਟੈਂਡਰਡ ਅਨੁਸਾਰ) ਤੋਂ ਵੱਧ ਨਹੀਂ ਹੋਵੇਗੀ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਫਿਰੋਜ਼ਪੁਰ ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰ ਚਲਾਉਣ ’ਤੇ ਅਤੇ ਜਿਥੇ ਫ਼ੌਜ ਵੱਲੋਂ ਅਸਲਾ ਜਮ੍ਹਾਂ ਕੀਤਾ ਗਿਆ ਹੈ, ਉਸ ਦੇ 1000 ਮੀਟਰ ਦੇ ਦਾਇਰੇ ਅੰਦਰ ਫਸਲਾਂ ਦੇ ਨਾੜ ਨੂੰ ਅੱਗ ਲਾਉਣ ਅਤੇ ਉਸਾਰੀ ਕਰਨ ’ਤੇ ਰੋਕ ਲਾਈ ਹੈ।

ਉਨ੍ਹਾਂ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡਾਂ/ਸ਼ਹਿਰਾਂ ’ਚ ਚੱਲ ਰਹੇ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਅਤੇ ਸਿਨੇਮਾ ਆਦਿ ਨੂੰ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਦਸਤਾਵੇਜ਼ ਇਸ ਹੁਕਮ ਦੇ ਜਾਰੀ ਹੋਣ ਤੋਂ 15 ਦਿਨਾਂ ਦੇ ਅੰਦਰ-ਅੰਦਰ ਸਮਰੱਥ ਅਧਿਕਾਰੀ ਨੂੰ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਕ ਹੋਰ ਹੁਕਮ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਰਹਿੰਦੇ ਮਕਾਨ ਮਾਲਕਾਂ ਵੱਲੋਂ ਆਪਣੇ ਘਰਾਂ ’ਚ ਜੋ ਕਿਰਾਏਦਾਰ ਬਿਠਾਏ ਜਾਂਦੇ ਹਨ, ਉਨ੍ਹਾਂ ਮਕਾਨ ਮਾਲਕਾਂ ਅਤੇ ਮਕਾਨ ਦੇ ਇੰਚਾਰਜਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਘਰਾਂ ’ਚ ਬਿਠਾਏ ਕਿਰਾਏਦਾਰਾਂ ਦੇ ਨਾਂ ਅਤੇ ਪਤੇ ਆਪਣੇ ਨਜ਼ਦੀਕੀ ਥਾਣੇ/ਪੁਲਸ ਚੌਂਕੀ ’ਚ ਤੁਰੰਤ ਦਰਜ ਕਰਾਉਣ। ਉਨ੍ਹਾਂ ਜ਼ਿਲ੍ਹਾ ਫਿਰੋਜ਼ਪੁਰ ਦੇ ਕਾਰਖਾਨੇਦਾਰ, ਵਪਾਰੀ ਜਾਂ ਕਿਸਾਨ ਜਿਹੜੇ ਆਪਣੇ ਕਾਰੋਬਾਰ ਨੂੰ ਚਲਾਉਣ ਲਈ ਪਰਵਾਸੀ ਮਜ਼ਦੂਰਾਂ ਨੂੰ ਰੁਜ਼ਗਾਰ ਦਿੰਦੇ ਹਨ ਜਾਂ ਆਪਣੇ ਘਰੇਲੂ ਕੰਮਾਂ ’ਚ ਨੌਕਰੀ ਦਿੰਦੇ ਹਨ, ਉਨ੍ਹਾਂ ਮਜ਼ਦੂਰਾਂ ਦੀ ਸੂਚਨਾ, ਨਾਮ, ਪਤਾ, ਠਿਕਾਣੇ ਸਮੇਤ ਫੋਟੋਗ੍ਰਾਫਰ ਸਬੰਧਿਤ ਪੁਲਸ ਸਟੇਸ਼ਨਾਂ ’ਚ ਦੇਣ ਦੇ ਹੁਕਮ ਦਿੱਤੇ ਹਨ। ਇਹ ਹੁਕਮ 2 ਮਹੀਨੇ ਤੱਕ ਲਾਗੂ ਰਹਿਣਗੇ।


author

Babita

Content Editor

Related News