ਹਾੜ੍ਹੀ ਦੀ ਖ਼ਰੀਦ ਲਈ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ, ਮੰਡੀਆਂ 'ਚ ਕੀਤੇ ਗਏ ਪੁਖ਼ਤਾ ਪ੍ਰਬੰਧ : ਮੰਤਰੀ ਕਟਾਰੂਚੱਕ
Thursday, Mar 30, 2023 - 11:07 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 1 ਅਪ੍ਰੈਲ, 2023 ਤੋਂ ਸ਼ੁਰੂ ਹੋਣ ਵਾਲੇ ਆਗਾਮੀ ਹਾੜੀ ਮੰਡੀਕਰਨ ਸੀਜ਼ਨ (ਆਰ.ਐੱਮ.ਐੱਸ.) ਦੌਰਾਨ ਕਣਕ ਦੀ ਨਿਰਵਿਘਨ ਖ਼਼ਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਵੱਲੋਂ ਨਿਰਵਿਘਨ ਖ਼ਰੀਦ ਪ੍ਰਕਿਰਿਆ ਲਈ 29,000 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐੱਲ.) ਦੀ ਮਨਜ਼ੂਰੀ ਦਿੱਤੀ ਗਈ ਹੈ। ਮੰਤਰੀ ਨੇ ਅੱਗੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਫ਼ਸਲ ਦੀਆਂ ਅਦਾਇਗੀਆਂ ਯਕੀਨੀ ਬਣਾਈਆਂ ਜਾਣਗੀਆਂ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ।
ਇਹ ਵੀ ਪੜ੍ਹੋ : ਵਿਜੀਲੈਂਸ ਦੀ ਗ੍ਰਿਫ਼ਤ 'ਚ ਸਾਬਕਾ ਮੰਤਰੀ ਦਾ ਪੁੱਤਰ, ਅਦਾਲਤ ਨੇ 6 ਦਿਨਾਂ ਦੇ ਰਿਮਾਂਡ 'ਤੇ ਭੇਜਿਆ, ਪੜ੍ਹੋ ਪੂਰਾ ਮਾਮਲਾ
ਇਸ ਦੇ ਨਾਲ ਹੀ ਕਣਕ ਦੀ ਰੀਸਾਈਕਲਿੰਗ ਨੂੰ ਰੋਕਣ ਲਈ ਖਰੀਦ ਕੇਂਦਰ ਤੋਂ ਸਟੋਰੇਜ ਪੁਆਇੰਟ ਤੱਕ ਕਣਕ ਦੀ ਢੋਆ-ਢੁਆਈ ਲਈ ਵਰਤੇ ਜਾਣ ਵਾਲੇ ਸਾਰੇ ਟਰਾਂਸਪੋਰਟ ਵਾਹਨਾਂ ਵਿੱਚ ਵਾਹਨ ਟਰੈਕਿੰਗ ਸਿਸਟਮ ਲਾਉਣੇ ਲਾਜ਼ਮੀ ਕੀਤੇ ਗਏ ਹਨ। ਕਿਸਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਮੰਤਰੀ ਨੇ ਕਿਹਾ ਕਿ ਸਾਰੇ ਖ਼ਰੀਦ ਕੇਂਦਰਾਂ ਵਿੱਚ ਫਸਟ-ਏਡ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਸਾਵਧਾਨੀ ਅਤੇ ਪਹਿਲ ਦੇ ਆਧਾਰ 'ਤੇ ਨਜਿੱਠਿਆ ਜਾ ਸਕੇ। ਮੰਡੀ ਬੋਰਡ ਵੱਲੋਂ ਖਰੀਦ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ : CM ਮਾਨ ਦੀ ਕਿਸਾਨਾਂ ਨੂੰ ਅਪੀਲ, ਖੇਤੀਬਾੜੀ 'ਚ ਮਿਸਾਲੀ ਤਬਦੀਲੀ ਲਿਆਉਣ ਦਾ ਦਿੱਤਾ ਸੱਦਾ
ਮੰਤਰੀ ਨੇ ਇਹ ਵੀ ਦੱਸਿਆ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਮੀਂਹ ਰੁਕਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਖਰੀਦ ਕਾਰਜ ਮੁੜ ਸ਼ੁਰੂ ਹੋ ਜਾਣ। ਮਾਰਕੀਟ ਕਮੇਟੀਆਂ ਨੂੰ ਕਿਹਾ ਗਿਆ ਹੈ ਕਿ ਉਹ ਮਿਉਂਸਪਲ ਕਮੇਟੀਆਂ ਨਾਲ ਤਾਲਮੇਲ ਕਰਨ ਅਤੇ ਖਰੀਦ ਸਮੇਂ ਦੌਰਾਨ ਮੀਂਹ ਪੈਣ ਦੀ ਸੂਰਤ ਵਿੱਚ ਸੱਕਸ਼ਨ ਮਸ਼ੀਨਾਂ ਅਤੇ ਲੋੜੀਂਦੀ ਲੇਬਰ ਉਪਲਬਧ ਹੋਣ ਨੂੰ ਯਕੀਨੀ ਬਣਾਉਣ। ਮੰਤਰੀ ਵੱਲੋਂ ਸਮੂਹ ਜ਼ਿਲਿਆਂ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਹੋਏ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪੂਰੀ ਮੁਸਤੈਦੀ ਵਰਤਣ ਦੀ ਹਦਾਇਤ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਪੇਸ਼ ਨਾ ਆਵੇ। ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਅਤੇ ਪੱਕੀ ਫ਼ਸਲ ਹੀ ਖਰੀਦ ਕੇਂਦਰਾਂ ਵਿੱਚ ਲੈ ਕੇ ਆਉਣ ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਕੋਈ ਦੇਰੀ ਨਾ ਹੋਵੇ।