‘ਅਗਨੀਪਥ ਯੋਜਨਾ’ ਖ਼ਿਲਾਫ਼ ਪ੍ਰਦਰਸ਼ਨਾਂ ਦੇ ਮੱਦੇਨਜ਼ਰ ADGP ਨੇ ਪੰਜਾਬ ਪੁਲਸ ਨੂੰ ‘ਅਲਰਟ’ ਰਹਿਣ ਦੇ ਦਿੱਤੇ ਹੁਕਮ
Monday, Jun 20, 2022 - 12:03 AM (IST)
ਚੰਡੀਗੜ੍ਹ (ਬਿਊਰੋ) : ਕੇਂਦਰ ਸਰਕਾਰ ਦੀ ‘ਅਗਨੀਪਥ ਯੋਜਨਾ’ ਖ਼ਿਲਾਫ਼ ਦੇਸ਼ ਭਰ ’ਚ ਹੋ ਰਹੇ ਹਿੰਸਕ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਪੰਜਾਬ ਪੁਲਸ ਨੂੰ ਚੌਕਸ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਹਨ। ਕੇਂਦਰ ਸਰਕਾਰ ਵੱਲੋਂ ਫ਼ੌਜ ’ਚ ਭਰਤੀ ਨੂੰ ਲੈ ਕੇ ਸ਼ੁਰੂ ਕੀਤੀ ਗਈ ਅਗਨੀਪਥ ਯੋਜਨਾ ਦੇ ਵਿਰੋਧ ’ਚ ਦੇਸ਼ ਭਰ ’ਚ ਸ਼ੁਰੂ ਹੋਏ ਵਿਰੋਧ ਪ੍ਰਦਰਸ਼ਨਾਂ ਤੇ 20 ਜੂਨ ਨੂੰ ਸੋਸ਼ਲ ਮੀਡੀਆ ’ਤੇ ਫ਼ੈਲਾਈ ਜਾ ਰਹੀ ਭਾਰਤ ਬੰਦ ਦੀ ਕਾਲ ਨੂੰ ਗੰਭੀਰਤਾ ਨਾਲ ਲੈਂਦਿਆਂ ਏ. ਡੀ. ਜੀ. ਪੀ. ਲਾਅ ਐਂਡ ਆਰਡਰ ਪੰਜਾਬ ਈਸ਼ਵਰ ਸਿੰਘ ਨੇ ਸਾਰੇ ਜ਼ਿਲ੍ਹਿਆਂ ਦੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਪੂਰੀ ਤਰ੍ਹਾਂ ਨਾਲ ਅਲਰਟ ਰਹਿਣ ਸਮੇਤ ਸੋਸ਼ਲ ਮੀਡੀਆ ’ਤੇ ਸ਼ਰਾਰਤੀ ਅਨਸਰਾਂ ਵੱਲੋਂ ਪਾਏ ਜਾ ਰਹੇ ਭੜਕਾਊ ਮੈਸੇਜ ’ਤੇ ਵੀ ਪੈਨੀ ਨਜ਼ਰ ਰੱਖਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਅਗਨੀਪਥ ਯੋਜਨਾ ਨੂੰ ਲੈ ਕੇ ਦੇਸ਼ ਦੇ ਕਈ ਸੂਬਿਆਂ ’ਚ ਪਿਛਲੇ ਕੁਝ ਦਿਨਾਂ ਤੋਂ ਹਿੰਸਕ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸ਼ਨੀਵਾਰ ਨੂੰ ਲੁਧਿਆਣਾ ’ਚ ਰੋਸ ਪ੍ਰਦਰਸ਼ਨ ਦੀ ਆੜ ’ਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਰੇਲਵੇ ਸਟੇਸ਼ਨ ਸਮੇਤ ਹੋਰ ਸਥਾਨਾਂ ’ਤੇ ਤੋੜ-ਭੰਨ ਕਰਦੇ ਹੋਏ ਪੁਲਸ ਦੇ ਵਾਹਨ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ। ਹੁਣ ਸੋਸ਼ਲ ਮੀਡੀਆ ’ਤੇ 20 ਜੂਨ ਨੂੰ ਭਾਰਤ ਬੰਦ ਦੀ ਕਾਲ ਸਬੰਧੀ ਅਫਵਾਹ ਮੈਸੇਜ ਪੋਸਟ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਫਗਵਾੜਾ ’ਚ ਜਿਊਲਰ ਨੂੰ ਫੋਨ ’ਤੇ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਮੰਗੀ 40 ਲੱਖ ਦੀ ਫਿਰੌਤੀ
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਲਈ ਏ. ਡੀ. ਜੀ. ਪੀ. ਵੱਲੋਂ ਪੁਲਸ ਪ੍ਰਸ਼ਾਸਨ ਨੂੰ ਭੇਜੇ ਪੱਤਰ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਕੁਝ ਦੇਸ਼ ਵਿਰੋਧੀ ਸੰਸਥਾਵਾਂ ਬੰਦ ਕਾਲ ਸਬੰਧੀ ਅਫਵਾਹ ਦਾ ਸੋਸ਼ਲ ਮੀਡੀਆ ਦੇ ਜ਼ਰੀਏ ਸਮਰਥਨ ਕਰਨ ਸਮੇਤ ਧਰਨੇ ਪ੍ਰਦਰਸ਼ਨ ਲਈ ਲੋਕਾਂ ਨੂੰ ਗ਼ਲਤ ਇਨਫਰਮੇਸ਼ਨ ਦੇਣ ਦਾ ਕੰਮ ਕਰ ਰਹੀਆਂ ਹਨ। ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਸੋਸ਼ਲ ਮੀਡੀਆ ਗਰੁੱਪਸ ’ਤੇ ਪੈਨੀ ਨਜ਼ਰ ਰੱਖਣ ਦੇ ਨਾਲ-ਨਾਲ ਰੇਲਵੇ ਸਟੇਸ਼ਨ, ਸਰਕਾਰੀ ਅਦਾਰਿਆਂ ਸਮੇਤ ਭਾਜਪਾ ਅਤੇ ਹਿੰਦੂ ਸੰਗਠਨਾਂ ਦੇ ਦਫ਼ਤਰਾਂ ਦੀ ਸਖਤ ਸੁਰੱਖਿਆ ਵਿਵਸਥਾ ਪ੍ਰਬੰਧ ਕਰੇ। ਇਸ ਪੱਤਰ ਵਿਚ ਖ਼ਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਕੁਝ ਟਰੇਨਿੰਗ ਸੈਂਟਰ ਵੀ ਪਿੱਛੇ ਰਹਿ ਕੇ ਪ੍ਰਦਰਸ਼ਨਕਾਰੀਆਂ ਦਾ ਸਮਰਥਨ ਕਰ ਰਹੇ ਹਨ, ਜਿਨ੍ਹਾਂ ਦੀ ਬਕਾਇਦਾ ਲਿਸਟ ਵੀ ਪੁਲਸ ਪ੍ਰਸ਼ਾਸਨ ਨੂੰ ਭੇਜਦੇ ਹੋਏ ਹੋਰ ਸੈਂਟਰ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਮਝਣ ਦੀ ਸਲਾਹ ਵੀ ਦਿੱਤੀ ਗਈ ਹੈ। ਸਥਾਨਕ ਪੁਲਸ ਪ੍ਰਸ਼ਾਸਨ ਨੂੰ ਸਾਰੇ ਪ੍ਰਦਰਸ਼ਨਕਾਰੀਆਂ ਦੀ ਵੀਡੀਓਗ੍ਰਾਫੀ ਕਰਨ ਅਤੇ ਫੋਟੋ ਲੈਣ ਦੇ ਵੀ ਆਦੇਸ਼ ਦਿੰਦੇ ਹੋਏ ਉੱਚ ਅਧਿਕਾਰੀਆਂ ਨੂੰ ਖੁਦ ਇਸ ਪ੍ਰਦਰਸ਼ਨ ਦੀ ਅਗਵਾਈ ਕਰਨ ਦੀ ਸਲਾਹ ਦਿੰਦੇ ਹੋਏ ਕਿਸੇ ਵੀ ਸੰਕਟ ਦੀ ਸਥਿਤੀ ਵਿਚ ਵਾਧੂ ਸੁਰੱਖਿਆ ਬਲਾਂ ਨੂੰ ਤਿਆਰ ਰਹਿਣ ਦੇ ਹੁਕਮ ਵੀ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਫਿਲੌਰ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਸਾਲਾ ਬੱਚੇ ਦੀ ਮੌਤ