ਸਮਾਜ ਵਿਰੋਧੀ ਅਨਸਰਾਂ ’ਤੇ ਨਕੇਲ ਕੱਸਣ ਲਈ ਪੰਜਾਬ ਪੁਲਸ ਚੁੱਕਣ ਜਾ ਰਹੀ ਇਹ ਕਦਮ, ਪੜ੍ਹੋ ਪੂਰੀ ਖ਼ਬਰ

11/22/2022 9:39:53 PM

ਚੰਡੀਗੜ੍ਹ/ਫਗਵਾੜਾ : ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਾਰੇ ਹਾਈਟੈਕ ਨਾਕਿਆਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ।

ਉਹਨਾਂ ਸੀ.ਪੀ.ਜ਼/ਐੱਸ.ਐੱਸ.ਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਖਾਸ ਤੌਰ ’ਤੇ ਰਾਤ ਵੇਲੇ ਪੁਲਸ ਚੌਕੀਆਂ ਵਿੱਚ ਵਾਧਾ ਕਰਨ ਅਤੇ ਹਰੇਕ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ, ਜਿਸ ਨਾਲ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਸਲਾਹ ਦਿੱਤੀ ਕਿ ਸਾਰੇ ਨਾਕਿਆਂ ਦਰਮਿਆਨ ਇਸ ਤਰੀਕੇ ਨਾਲ ਤਾਲਮੇਲ ਕੀਤਾ ਜਾਣਾ ਚਾਹੀਦਾ ਹੈ ਕਿ ਕਿਸੇ ਵੀ ਘਟਨਾ ਦੀ ਸੂਚਨਾ ਮਿਲਣ ‘ਤੇ ਤੁਰੰਤ ਸਰਗਰਮ ਹੋ ਜਾਣ।

ਇਹ ਵੀ ਪੜ੍ਹੋ : ਵਿਜੀਲੈਂਸ ਦੀ ਵੱਡੀ ਕਾਰਵਾਈ: ਲੁਧਿਆਣਾ ਟੈਂਡਰ ਘੁਟਾਲੇ 'ਚ ਦੋ ਡੀ.ਐੱਫ.ਐੱਸ.ਸੀ ਗ੍ਰਿਫ਼ਤਾਰ

ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਜਲੰਧਰ ਰੇਂਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਸਬੰਧੀ ਫਗਵਾੜਾ ਵਿੱਚ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਆਈ.ਜੀ.ਪੀ. ਜਲੰਧਰ ਰੇਂਜ ਗੁਰਸ਼ਰਨ ਸੰਧੂ ਅਤੇ ਐੱਸ.ਐੱਸ.ਪੀ ਕਪੂਰਥਲਾ ਨਵਨੀਤ ਬੈਂਸ ਵੀ ਹਾਜ਼ਰ ਸਨ। ਉਨ੍ਹਾਂ ਸਮੂਹ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਸਮਾਜ ਵਿਰੋਧੀ ਅਨਸਰਾਂ ’ਤੇ ਬਾਜ਼ ਅੱਖ ਰੱਖਣ ਅਤੇ ਚੌਕਸੀ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ।

PunjabKesari

ਉਨ੍ਹਾਂ ਮੀਟਿੰਗ ਦੌਰਾਨ ਅਮਨ-ਕਾਨੂੰਨ ਨਾਲ ਸਬੰਧਤ ਅਹਿਮ ਮਾਮਲਿਆਂ ਬਾਰੇ ਵੀ ਹਦਾਇਤਾਂ ਜਾਰੀ ਕੀਤੀਆਂ।  ਏ.ਡੀ.ਜੀ.ਪੀ. ਨੇ ਕਿਹਾ ਕਿ ਪੁਲਸ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਦਿਨ ਰਾਤ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ, ਰਾਜ ਵਿੱਚ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਵਿੱਚ ਕਾਫ਼ੀ ਸਫ਼ਲਤਾ ਮਿਲ ਰਹੀ  ਹੈ।


Mandeep Singh

Content Editor

Related News