ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਐਕਸ਼ਨ ਮੋਡ ''ਚ ਪ੍ਰਸ਼ਾਸਨ, ਧੜਾਧੜ ਹੋ ਰਹੀਆਂ FIRs ਤੇ ਲੱਖਾਂ ਰੁਪਏ ਜੁਰਮਾਨਾ

Monday, Oct 21, 2024 - 07:57 PM (IST)

ਚੰਡੀਗੜ੍ਹ- ਪਰਾਲੀ ਸਾੜਨ 'ਤੇ ਮੁਕੰਮਲ ਰੋਕ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਸ ਨੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਸ (ਸਪੈਸ਼ਲ ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ। 

ਜ਼ਿਕਰਯੋਗ ਹੈ ਕਿ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਮੁਕੰਮਲ ਰੋਕ ਲਈ ਮਾਨਯੋਗ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏ.ਕਿਊ.ਐੱਮ.) ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੂੰ ਪੁਲਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ। 

ਡੀ.ਜੀ.ਪੀ. ਪੰਜਾਬ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਰੋਜ਼ਾਨਾ ਆਧਾਰ 'ਤੇ ਸਮੀਖਿਆ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫ਼ਸਰਾਂ, ਸੀ.ਪੀਜ਼/ਐੱਸ.ਐੱਸ.ਪੀਜ਼ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐੱਸ.ਐੱਚ.ਓਜ਼) ਨਾਲ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ- ਘਰ ਦੇ ਨਵੇਂ 'ਚਿਰਾਗ' ਨੂੰ ਦੇਖਣ ਹਸਪਤਾਲ ਗਏ ਪਿਓ-ਪੁੱਤ 'ਤੇ ਵਰ੍ਹਿਆ ਗੋ.ਲ਼ੀਆਂ ਦਾ ਮੀਂਹ, ਦੋਵਾਂ ਦੀ ਹੋਈ ਦਰਦਨਾਕ ਮੌਤ

ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਸ ਟੀਮਾਂ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਨੱਥ ਪਾਉਣ ਲਈ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਜ਼ਮੀਨੀ ਪੱਧਰ 'ਤੇ ਅਣਥੱਕ ਯਤਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਡੀ.ਸੀਜ਼/ਐੱਸ.ਐੱਸ.ਪੀਜ਼ ਅਤੇ ਐੱਸ.ਡੀ.ਐੱਮਜ਼/ਡੀ.ਐੱਸ.ਪੀਜ਼ ਵੱਲੋਂ ਪਰਾਲੀ ਸਾੜਨ ਸਬੰਧੀ ਹੌਟਸਪਾਟ ਵਜੋਂ ਦਰਜ ਕੀਤੇ ਗਏ ਪਿੰਡਾਂ ਦੇ ਸਾਂਝੇ ਦੌਰੇ ਕਰਨ ਦੇ ਨਾਲ-ਨਾਲ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਵੱਖ-ਵੱਖ ਕਿਸਾਨਾਂ/ਕਿਸਾਨ ਯੂਨੀਅਨਾਂ ਨਾਲ ਜਨ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਪਿਛਲੇ ਕੁਝ ਦਿਨਾਂ ਵਿੱਚ ਡੀ.ਸੀਜ਼/ਐੱਸ.ਐੱਸ.ਪੀਜ਼ ਵੱਲੋਂ 522 ਅਤੇ ਐੱਸ.ਡੀ.ਐੱਮਜ਼/ਡੀ.ਐੱਸ.ਪੀਜ਼ ਵੱਲੋਂ 981 ਸਾਂਝੇ ਦੌਰੇ ਕੀਤੇ ਗਏ ਹਨ, ਜਿਸ ਦੌਰਾਨ ਉਨ੍ਹਾਂ ਵੱਲੋਂ 2,504 ਜਨ ਜਾਗਰੂਕਤਾ ਮੀਟਿੰਗਾਂ ਅਤੇ ਕਿਸਾਨਾਂ/ਕਿਸਾਨ ਯੂਨੀਅਨਾਂ ਨਾਲ 2,457 ਮੀਟਿੰਗਾਂ ਕੀਤੀਆਂ ਗਈਆਂ ਹਨ। 

ਇਹ ਵੀ ਪੜ੍ਹੋ- ਕਲਯੁਗੀ ਪੁੱਤ ਦੀ ਕਰਤੂਤ ; ਆਪਣੀ ਮਾਂ ਦਾ ਬੇਰਹਿਮੀ ਨਾਲ ਕੀਤਾ ਕ.ਤਲ, ਫ਼ਿਰ ਘਰ ਨੂੰ ਤਾਲਾ ਲਾ ਕੇ ਹੋਇਆ ਫ਼ਰਾਰ

ਪਰਾਲੀ ਸਾੜਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ
ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਸੈਟੇਲਾਈਟਾਂ ਰਾਹੀਂ 1,393 ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਪਤਾ ਲੱਗਣ ਉਪਰੰਤ ਜੁਆਇੰਟ ਟੀਮਾਂ ਨੂੰ ਮੌਕੇ 'ਤੇ ਜਾਂਚ ਲਈ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਟੀਮਾਂ ਵੱਲੋਂ 874 ਮਾਮਲਿਆਂ ਵਿੱਚ ਐੱਫ.ਆਈ.ਆਰ. ਦਰਜ ਕੀਤੀਆਂ ਹਨ, ਜਦਕਿ 471 ਥਾਵਾਂ ‘ਤੇ ਪਰਾਲੀ ਸਾੜਨ ਦਾ ਕੋਈ ਮਾਮਲਾ ਨਹੀਂ ਪਾਇਆ ਗਿਆ। ਹਾਲਾਂਕਿ, 471 ਮਾਮਲਿਆਂ ਦੀ ਰੋਜ਼ਾਨਾ ਡਾਇਰੀ ਰਿਪੋਰਟ (ਡੀ.ਡੀ.ਆਰ.) ਸਬੰਧਤ ਪੁਲਸ ਸਟੇਸ਼ਨਾਂ ਵਿੱਚ ਦਰਜ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਐੱਫ.ਆਈ.ਆਰ. ਦਰਜ ਕਰਨ ਤੋਂ ਇਲਾਵਾ 397 ਕੇਸਾਂ ਵਿੱਚ 10.55 ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ ਅਤੇ 394 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ। ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਵਿਰੁੱਧ ਸਰਕਾਰ ਦੇ ਯਤਨਾਂ ਵਿੱਚ ਸਹਿਯੋਗ ਦੇਣ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਹੈ, ਕਿਉਂ ਕਿ ਇਸ ਨਾਲ ਨਾ ਸਿਰਫ ਵਾਤਾਵਰਣ ਪ੍ਰਦੂਸ਼ਣ ਹੁੰਦਾ ਹੈ ਬਲਕਿ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ 'ਤੇ ਵੀ ਮਾੜਾ ਅਸਰ ਪੈਂਦਾ ਹੈ।

ਦੱਸਣਯੋਗ ਹੈ ਕਿ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਅਤੇ ਮੁਲਾਜ਼ਮਾਂ ਦੀ ਗਿਣਤੀ ਦੇ ਅਧਾਰ 'ਤੇ  ਢੁੱਕਵੀਂ ਗਿਣਤੀ ਵਿੱਚ ਵਾਧੂ ਗਸ਼ਤ ਪਾਰਟੀਆਂ ਅਤੇ ਉੱਡਣ ਦਸਤੇ ਪਰਾਲੀ ਸਾੜਨ ਦੀਆਂ ਗਤੀਵਿਧੀਆਂ 'ਤੇ ਲਗਾਤਾਰ ਚੌਕਸੀ ਰੱਖ ਰਹੇ ਹਨ।

ਇਹ ਵੀ ਪੜ੍ਹੋ- ਘਰੋਂ ਰੋਜ਼ੀ-ਰੋਟੀ ਕਮਾਉਣ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਖੇਤਾਂ 'ਚ ਕੰਮ ਕਰਦੇ ਸਮੇਂ ਆਈ ਦਰਦਨਾਕ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News