ਕੋਰੋਨਾ ਦੇ ਵਧ ਰਹੇ ਮਾਮਲਿਆਂ ਦੌਰਾਨ ਪ੍ਰਸ਼ਾਸਨ ਦਾ ਵੱਡਾ ਐਲਾਨ, ਜਲੰਧਰ ’ਚ ਵੱਧੇਗੀ ਸਖ਼ਤੀ
Tuesday, Apr 20, 2021 - 05:17 PM (IST)
ਜਲੰਧਰ (ਰਾਹੁਲ ਕਾਲਾ) : ਜ਼ਿਲ੍ਹੇ ’ਚ ਵਧ ਰਹੇ ਕੋਰੋਨਾ ਵਾਇਰਸ ਦੇ ਕੇਸਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੰਭੀਰ ਚਿੰਤਾ ਜ਼ਾਹਿਰ ਕੀਤੀ ਗਈ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਹਿਦਾਇਤ ਜਾਰੀ ਕੀਤੀ ਹੈ ਕਿ ਜੇਕਰ ਸ਼ਹਿਰ ’ਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਰਫ਼ਤਾਰ ਅਜਿਹੀ ਰਹੀ ਤਾਂ ਜਲੰਧਰ ’ਚ ਹੋਰ ਸਖ਼ਤੀ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਕਿ ਜਲੰਧਰ ’ਚ ਹੁਣ ਰੋਜ਼ਾਨਾ 400 ਦੇ ਕਰੀਬ ਨਵੇਂ ਕੇਸ ਆ ਰਹੇ ਹਨ।ਕੋਰੋਨਾ ਖ਼ਿਲਾਫ਼ ਚੱਲ ਰਹੇ ਟੀਕਾਕਰਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 25,000 ਦੇ ਕਰੀਬ ਬੈਨੀਫਿਸ਼ਰੀ ਡਬਲ ਡੋਜ਼ ਲਗਾ ਚੁੱਕੇ ਹਨ। ਜਦਕਿ ਤਿੰਨ ਲੱਖ ਦੇ ਕਰੀਬ ਲੋਕਾਂ ਦਾ ਇੱਕ ਵਾਰ ਹੀ ਟੀਕਾਕਰਨ ਹੋਇਆ ਹੈ। ਵੈਕਸੀਨੇਸ਼ਨ ਲਗਾਉਣ ਦੇ ਜਵਾਬ ’ਚ ਡੀ. ਸੀ. ਨੇ ਕਿਹਾ ਹੈ ਕਿ ਅੱਜ ਦੀ ਤਾਰੀਖ਼ ’ਚ ਸਾਡੇ ਕੋਲ 12-22 ਹਜ਼ਾਰ ਡੋਜ਼ ਉੱਪਲਬਧ ਹਨ। ਹੁਣ ਸਾਨੂੰ ਡੋਜ਼ ਦੀ ਸਪਲਾਈ ਰੋਜ਼ ਹੀ ਆ ਰਹੀ ਹੈ। ਡੀ. ਸੀ. ਨੇ ਕਿਹਾ ਕਿ ਜ਼ਿਲ੍ਹੇ ਨੂੰ ਰੋਜ਼ਾਨਾ 22 ਹਜ਼ਾਰ ਦੇ ਕਰੀਬ ਵੈਕਸੀਨ ਦੀ ਡੋਜ਼ ਮੁਹੱਈਆ ਹੋ ਰਹੀ ਹੈ। ਜੇਕਰ ਅਜਿਹੇ ਹਾਲਾਤ ਮਈ ਮਹੀਨੇ ਤਕ ਰਹੇ ਤਾਂ ਵੈਕਸੀਨੇਸ਼ਨ ਪ੍ਰਕਿਰਿਆ ਵਿਚ ਦੇਰੀ ਹੋ ਸਕਦੀ ਹੈ ਕਿਉਂਕਿ ਇਕ ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਵੀ ਟੀਕਾਕਰਨ ਸ਼ੁਰੂ ਹੋ ਜਾਵੇਗਾ। ਇਸ ਲਈ ਅਸੀਂ ਵੱਧ ਵੈਕਸੀਨ ਦੀ ਮੰਗ ਕਰ ਰਹੇ ਹਾਂ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੇ ਇਸ ਜ਼ਿਲ੍ਹੇ ’ਚ 30 ਅਪ੍ਰੈਲ ਤੱਕ ਸਾਰੇ ਪੁਲਸ ਸਟੇਸ਼ਨ ਬੰਦ
ਇੱਥੇ ਦੱਸਣਯੋਗ ਹੈ ਕਿ ਪੰਜਾਬ ਸਮੇਤ ਪੂਰੇ ਦੇਸ਼ ਵਿਚ ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਖ਼ਤ ਪਾਬੰਦੀਆਂ ਲਾਉਣ ਦੇ ਹੁਕਮ ਦਿੱਤੇ ਹਨ ਜੋ ਕਿ ਅੱਜ ਤੋਂ ਲਾਗੂ ਹੋਣਗੀਆਂ। ਇਨ੍ਹਾਂ ਪਾਬੰਦੀਆਂ ਵਿਚ ਰਾਤ ਦੇ ਕਰਫਿਊ ਦਾ ਸਮਾਂ ਵਧਾ ਕੇ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕੀਤਾ ਗਿਆ ਹੈ ਅਤੇ ਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾ, ਕੋਚਿੰਗ ਸੈਂਟਰ, ਖੇਡ ਕੰਪਲੈਕਸ ਬੰਦ ਰਹਿਣਗੇ ਅਤੇ ਸੋਮਵਾਰ ਤੋਂ ਲੈ ਕੇ ਸ਼ਨੀਵਾਰ ਤੱਕ ਰੈਸਟੋਰੈਂਟਾਂ ਅਤੇ ਹੋਟਲਾਂ ਨੂੰ ਸਿਰਫ਼ ਖਾਣਾ ਘਰ ਲਿਜਾਣ ਤੇ ਹੋਮ ਡਿਲਿਵਰੀ ਦੀ ਇਜਾਜ਼ਤ ਦਿੱਤੀ ਗਈ ਹੈ। ਨਿੱਜੀ ਲੈਬਜ਼ ਦੁਆਰਾ ਕੀਤੀ ਜਾਂਦੀ ਆਰ.ਟੀ.-ਪੀ.ਸੀ.ਆਰ ਅਤੇ ਰੈਪਿਡ ਐਂਟੀਜੈਨ ਟੈਸਟਿੰਗ (ਆਰ.ਏ.ਟੀ) ਦੀਆਂ ਕੀਮਤਾਂ ਘਟਾ ਕੇ ਕ੍ਰਮਵਾਰ 450 ਰੁਪਏ ਅਤੇ 300 ਰੁਪਏ ਕਰ ਦਿੱਤੀ ਗਈ ਹੈ ਤੇ ਘਰੋਂ ਸੈਂਪਲ ਲੈਣ ਲਈ ਵਾਧੂ ਕੀਮਤ ਵਸੂਲੀ ਜਾਵੇਗੀ।
ਇਹ ਕਦਮ ਟੈਸਟਿੰਗ ਦੀ ਗਿਣਤੀ ਵਧਾਉਣ ਲਈ ਚੁੱਕੇ ਗਏ ਹਨ। ਪੂਰੇ ਸੂਬੇ ਵਿਚ ਵਿਆਹਾਂ/ਸਸਕਾਰ ਸਮੇਤ 20 ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠਾਂ ਉੱਤੇ ਪਾਬੰਦੀ ਲਾ ਦਿੱਤੀ ਗਈ ਹੈ ਅਤੇ 10 ਤੋਂ ਵੱਧ ਵਿਅਕਤੀਆਂ ਦੇ ਸਾਰੇ ਇਕੱਠਾਂ, ਸਿਰਫ ਸਸਕਾਰ ਨੂੰ ਛੱਡ ਕੇ, ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਜ਼ਰੂਰੀ ਕਰਾਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਹ ਨਵੀਆਂ ਪਾਬੰਦੀਆਂ, ਜਿਨ੍ਹਾਂ ਵਿਚ ਸਾਰੇ ਮਾਲ, ਦੁਕਾਨਾਂ ਅਤੇ ਬਾਜ਼ਾਰਾਂ ਨੂੰ ਐਤਵਾਰ ਦੇ ਦਿਨ ਬੰਦ ਕਰਨਾ ਸ਼ਾਮਲ ਹੈ। ਪਹਿਲਾਂ ਵਾਲੀਆਂ ਪਾਬੰਦੀਆਂ ਸਮੇਤ 30 ਅਪ੍ਰੈਲ ਤੱਕ ਲਾਗੂ ਰਹਿਣਗੀਆਂ।
ਇਹ ਵੀ ਪੜ੍ਹੋ : ਕਿਸਾਨੀ ਸੰਘਰਸ਼ ’ਚ 80 ਸਾਲਾ ਬਜ਼ੁਰਗ ਬੀਬੀ ਦੀ ਮੌਤ
ਨੋਟ: ਇਸ ਖਬਰ ਬਾਰੇ ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ