ਮਿਲਾਵਟਖੋਰੀ ਕਿਸੇ ਵੀ ਹਾਲਤ ''ਚ ਸਹਿਣ ਨਹੀਂ ਕੀਤੀ ਜਾਵੇਗੀ : ਸਿਵਲ ਸਰਜਨ
Thursday, Sep 21, 2017 - 02:09 PM (IST)
ਫਿਰੋਜ਼ਪੁਰ (ਕੁਮਾਰ, ਮਨਦੀਪ) - ਜ਼ਿਲਾ ਫਿਰੋਜ਼ਪੁਰ ਵਿਚ ਮਿਲਾਵਟਖੋਰੀ ਕਰਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਮਿਲਾਵਟਖੋਰੀ ਕਰਨ ਵਾਲਿਆਂ ਦੇ ਸਿਹਤ ਵਿਭਾਗ ਵੱਲੋਂ ਸੈਂਪਲ ਭਰ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਫਿਰੋਜ਼ਪੁਰ ਡਾ. ਗੁਰਮਿੰਦਰ ਸਿੰਘ ਅਤੇ ਜ਼ਿਲਾ ਸਿਹਤ ਅਧਿਕਾਰੀ ਡਾਕਟਰ ਰਾਜਿੰਦਰ ਮਨਚੰਦਾ ਨੇ ਦੱਸਿਆ ਕਿ ਦਿਵਾਲੀ ਦੇ ਤਿਉਹਾਰ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਸਾਰੇ ਹਲਵਾਈਆਂ ਤੇ ਹੋਰ ਦੁਕਾਨਦਾਰਾਂ ਨੂੰ ਸਾਫ-ਸੁਥਰਾ ਸਾਮਾਨ ਵੇਚਣ ਅਤੇ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਨਾ ਕਰਨ ਦੀ ਅਪੀਲ ਕੀਤੀ ਗਈ।
ਸਿਵਲ ਸਰਜਨ ਨੇ ਦੱਸਿਆ ਕਿ ਇਸ ਸਬੰਧੀ 27 ਸਤੰਬਰ ਨੂੰ ਸਵੇਰੇ 11 ਵਜੇ ਵਿਭਾਗ ਵੱਲੋਂ ਇਕ ਮੀਟਿੰਗ ਰੱਖੀ ਗਈ ਹੈ। ਮਿਲਾਵਟਖੋਰਾਂ ਦੇ ਖਿਲਾਫ ਮੁਹਿੰਮ ਚਲਾਉਂਦੇ ਹੋਏ ਐਕਟ ਲਾਗੂ ਹੋਣ ਦੇ ਬਾਅਦ ਹੁਣ ਤੱਕ ਜ਼ਿਲਾ ਫਿਰੋਜ਼ਪੁਰ 'ਚ ਹਲਵਾਈਆਂ, ਬੇਕਰੀ ਅਤੇ ਕਰਿਆਨੇ ਵਾਲਿਆਂ ਆਦਿ ਦੇ 318 ਸੈਂਪਲ ਭਰੇ ਗਏ ਹਨ, ਜਿਨ੍ਹਾਂ 'ਚੋ 99 ਸੈਂਪਲ ਫੇਲ ਹੋਏ ਹਨ ਅਤੇ ਇਨ੍ਹਾਂ ਕੇਸਾਂ ਵਿਚ ਸਿਹਤ ਵਿਭਾਗ ਨੇ ਕਰੀਬ 8 ਲੱਖ 50 ਹਜ਼ਾਰ ਰੁਪਏ ਜੁਰਮਾਨਾ ਵਸੂਲਿਆ ਹੈ। ਸੈਂਪਲ ਫੇਲ ਹੋਣ 'ਤੇ 5 ਕੇਸ ਜੁਡੀਸ਼ੀਅਲ ਅਦਾਲਤ ਵਿਚ ਅਤੇ ਹੋਰ 33 ਕੇਸ ਏ. ਡੀ. ਸੀ. ਕੋਰਟ ਵਿਚ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਮਿਲਾਵਟਖੋਰੀ ਨੂੰ ਰੋਕਣ ਲਈ ਸਿਹਤ ਵਿਭਾਗ ਵੱਲੋਂ ਸੈਂਪਲਿੰਗ ਕਰਨ ਦੇ ਲਈ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ।
