ਸਿਹਤ ਵਿਭਾਗ ਦੀ ਕਾਰਵਾਈ: ਗੁਰਦਾਸਪੁਰ ਵਿਚ ਖਾਦ ਪਦਾਰਥਾਂ ਦੇ ਸੈਂਪਲ ਭਰੇ, ਮਿਲਾਵਟ ਖਿਲਾਫ਼ ਮੁਹਿੰਮ ਤੇਜ਼
Monday, Mar 30, 2026 - 04:43 PM (IST)
ਗੁਰਦਾਸਪੁਰ (ਹਰਮਨ)- ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਗੁਰਦਾਸਪੁਰ ਦੀ ਟੀਮ ਵੱਲੋਂ ਅਸਿਸਟੈਂਟ ਕਮਿਸ਼ਨਰ ਫੂਡ ਡਾ. ਜੀ.ਐਸ. ਪੰਨੂ ਦੀ ਅਗਵਾਈ ਹੇਠ ਖੇਤਰ ਵਿਚ ਵੱਖ-ਵੱਖ ਥਾਵਾਂ ‘ਤੇ ਕਰਿਆਨਾ ਦੁਕਾਨਾਂ ਅਤੇ ਗੁੜ ਬਣਾਉਣ ਵਾਲੇ ਵੇਲਣਿਆਂ ਦੀ ਚੈਕਿੰਗ ਕਰਕੇ ਖਾਦ ਪਦਾਰਥਾਂ ਦੇ ਸੈਂਪਲ ਭਰੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਫੂਡ ਡਾ. ਜੀ.ਐਸ. ਪੰਨੂ ਨੇ ਦੱਸਿਆ ਕਿ ਲੋਕਾਂ ਨੂੰ ਮਿਆਰੀ ਅਤੇ ਸੁਰੱਖਿਅਤ ਖਾਦ ਪਦਾਰਥ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਭਾਗ ਵੱਲੋਂ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁਝ ਸ਼ਿਕਾਇਤਾਂ ਮਿਲੀਆਂ ਸਨ ਕਿ ਖੇਤਰ ਵਿੱਚ ਮਿਲਾਵਟੀ ਗੁੜ ਵੇਚਿਆ ਜਾ ਰਿਹਾ ਹੈ, ਜਿਸ ਦੇ ਚਲਦਿਆਂ ਟੀਮ ਵੱਲੋਂ ਫੂਡ ਸੇਫਟੀ ਅਫਸਰ ਰੇਖਾ ਸ਼ਰਮਾ ਸਮੇਤ ਵੱਖ-ਵੱਖ ਥਾਵਾਂ ‘ਤੇ ਛਾਪਾਮਾਰੀ ਕਰਕੇ ਸੈਂਪਲ ਇਕੱਠੇ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਗੁੜ ਬਣਾਉਣ ਵਾਲੇ ਵੇਲਣਿਆਂ ਅਤੇ ਕਰਿਆਨਾ ਦੁਕਾਨਾਂ ਸਮੇਤ ਕੁੱਲ 10 ਥਾਵਾਂ ਤੋਂ ਸੈਂਪਲ ਭਰੇ ਗਏ ਹਨ। ਇਕੱਠੇ ਕੀਤੇ ਸੈਂਪਲਾਂ ਨੂੰ ਜਾਂਚ ਲਈ ਲੈਬਾਰਟਰੀ ਭੇਜ ਦਿੱਤਾ ਗਿਆ ਹੈ ਅਤੇ ਰਿਪੋਰਟ ਆਉਣ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਵਿਕ੍ਰੇਤਾਵਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਨੂੰ ਫੂਡ ਸੇਫਟੀ ਦੇ 12 ਗੋਲਡਨ ਰੂਲ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਮੂਹ ਦੁਕਾਨਦਾਰਾਂ ਨੂੰ ਨਿਯਮਾਂ ਅਨੁਸਾਰ ਰਜਿਸਟ੍ਰੇਸ਼ਨ ਅਤੇ ਲਾਇਸੈਂਸ ਪ੍ਰਾਪਤ ਕਰਨ ਲਈ ਕਿਹਾ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿਹਤ ਵਿਭਾਗ ਵੱਲੋਂ ਕਿਹਾ ਗਿਆ ਕਿ ਲੋਕਾਂ ਤੱਕ ਮਿਆਰੀ ਖਾਦ ਪਦਾਰਥ ਪਹੁੰਚਾਉਣ ਦੇ ਉਦੇਸ਼ ਨਾਲ ਚੈਕਿੰਗ ਮੁਹਿੰਮ ਅੱਗੇ ਵੀ ਜਾਰੀ ਰਹੇਗੀ।
