ਕੜਾਕੇ ਦੀ ਠੰਡ ਦੌਰਾਨ Advisory ਜਾਰੀ, ਸਵੇਰੇ-ਸ਼ਾਮ ਸੈਰ ਤੋਂ ਕਰੋ ਪਰਹੇਜ਼, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
Monday, Jan 08, 2024 - 06:55 PM (IST)
ਮੋਹਾਲੀ (ਪਰਦੀਪ) : ਜ਼ਿਲ੍ਹਾ ਸਿਹਤ ਵਿਭਾਗ ਨੇ ਜ਼ਿਲ੍ਹਾ ਵਾਸੀਆਂ ਨੂੰ ਸੀਤ ਲਹਿਰ ਤੋਂ ਆਪਣਾ ਬਚਾਅ ਕਰਨ ਦੀ ਅਪੀਲ ਕੀਤੀ ਹੈ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਆਖਿਆ ਕਿ ਭਿਆਨਕ ਸਰਦੀ ਦੇ ਮੌਸਮ ’ਚ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ ਅਤੇ ਸਾਵਧਾਨੀਆਂ ਵਰਤ ਕੇ ਇਨ੍ਹਾਂ ਤੋਂ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇ ਤੱਕ ਠੰਡ ਦੇ ਸੰਪਰਕ ’ਚ ਰਹਿਣ ਨਾਲ ਕਈ ਬੀਮਾਰੀਆਂ ਜਿਵੇਂ ਫਲੂ, ਨੱਕ ਵਗਣਾ, ਹਾਈਪੋਥਰਮੀਆ ਤੇ ਹਾਰਟ ਅਟੈਕ ਆਦਿ ਦੀ ਸੰਭਾਵਨਾ ਵੱਧ ਜਾਂਦੀ ਹੈ। ਸੀਤ ਲਹਿਰ ਬਾਰੇ ਮੌਸਮ ਵਿਭਾਗ ਦੀ ਭਵਿੱਖਬਾਣੀ ’ਤੇ ਨਜ਼ਰ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੀਮਾਰੀਆਂ ਤੇ ਫਲੂ ਆਦਿ ਤੋਂ ਬਚਣ ਲਈ ਘਰਾਂ ਦੇ ਅੰਦਰ ਰਹਿਣ ਨੂੰ ਹੀ ਤਰਜ਼ੀਹ ਦਿੱਤੀ ਜਾਵੇ।
ਇਹ ਵੀ ਪੜ੍ਹੋ : ਕੜਾਕੇ ਦੀ ਠੰਡ ਦਰਮਿਆਨ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਨਵੀਂ Timing
ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਚੰਗੀ ਤਰ੍ਹਾਂ ਬੰਦ ਰੱਖੇ ਜਾਣ, ਤਾਂ ਜੋ ਠੰਡੀ ਹਵਾ ਅੰਦਰ ਨਾ ਆ ਸਕੇ। ਉਨ੍ਹਾਂ ਕਿਹਾ ਕਿ ਸਰੀਰ ਦੀ ਰੋਗ ਪ੍ਰਤੀਰੋਧੀ ਸ਼ਕਤੀ ਵਧਾਉਣ ਲਈ ਸਰੀਰ ਨੂੰ ਗਰਮ ਰੱਖਣਾ ਬੇਹੱਦ ਜ਼ਰੂਰੀ ਹੈ, ਇਸ ਲਈ ਵਿਟਾਮਿਨ-ਸੀ ਨਾਲ ਭਰਪੂਰ ਸੰਤੁਲਿਤ ਭੋਜਨ ਦੇ ਨਾਲ-ਨਾਲ ਥੋੜ੍ਹੇ-ਥੋੜ੍ਹੇ ਵਕਫ਼ੇ ’ਤੇ ਗਰਮ ਤਰਲ ਪਦਾਰਥ ਵੀ ਲੈਂਦੇ ਰਹਿਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮਲਟੀਲੇਅਰ ਗਰਮ ਊਨੀ ਕੱਪੜੇ ਪਾਏ ਜਾਣ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਇਨ੍ਹਾਂ ਦਿਨਾਂ ’ਚ ਅਪਣੀ ਸਿਹਤ ਦਾ ਖ਼ਾਸ ਖ਼ਿਆਲ ਰੱਖਣ ਦੀ ਲੋੜ ਹੁੰਦੀ ਹੈ। ਧੁੰਦ ਅਤੇ ਕੜਾਕੇ ਦੀ ਠੰਡ ’ਚ ਬਾਹਰ ਸੈਰ ਕਰਨ ਤੋਂ ਬਚਣਾ ਚਾਹੀਦਾ ਹੈ। ਬਜ਼ੁਰਗ ਅਤੇ ਦਿਲ ਦੇ ਰੋਗੀ ਸਵੇਰੇ-ਸ਼ਾਮ ਸੈਰ ਕਰਨ ਤੋਂ ਬਚਣ।
ਬੰਦ ਕਮਰੇ ’ਚ ਅੰਗੀਠੀ ਨਾ ਬਾਲੋ
ਡਾ. ਆਹੂਜਾ ਨੇ ਕਿਹਾ ਕਿ ਸਰਦੀ ਦੇ ਮੌਸਮ ’ਚ ਘਰਾਂ ’ਚ ਬੰਦ ਕਮਰੇ ’ਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਜਾਨਲੇਵਾ ਸਾਬਤ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਅਧੀਨ ਆਉਂਦੇ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਠੰਡ ਨਾਲ ਪੀੜਤ ਮਰੀਜ਼ਾਂ ਦੇ ਇਲਾਜ ਲਈ ਹਸਪਤਾਲਾਂ ਵਿਚ ਲੋੜੀਂਦੇ ਇੰਤਜ਼ਾਮ ਕਰਨ ਲਈ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਜ਼ਿਲ੍ਹੇ ਦੇ ਲੋਕਾਂ ਲਈ Warning, ਲਾਊਡ ਸਪੀਕਰ 'ਤੇ ਹੋ ਰਹੀ ਅਨਾਊਂਸਮੈਂਟ, ਪੜ੍ਹੋ ਪੂਰੀ ਖ਼ਬਰ
ਸਿਹਤ ਸਮੱਸਿਆ ਸਬੰਧੀ ‘104’ ’ਤੇ ਸੰਪਰਕ ਕਰੋ
ਸਿਵਲ ਸਰਜਨ ਨੇ ਕਿਹਾ ਕਿ ਸਰੀਰਕ ਤਾਪਮਾਨ ਦੀ ਕਮੀ ਨਾਲ ਬੋਲਣ ਵਿਚ ਕੰਬਣੀ, ਨੀਂਦ ਆਉਣਾ, ਮਾਸਪੇਸ਼ੀਆਂ ਵਿਚ ਅਕੜਾਅ, ਸਾਹ ਲੈਣ ਵਿਚ ਔਖਿਆਈ ਹੋ ਸਕਦੀ ਹੈ। ਹਾਈਪੋਥਰਮੀਆ ਤੋਂ ਪੀੜਤ ਵਿਅਕਤੀ ਜਿੰਨੀ ਜਲਦੀ ਹੋ ਸਕੇ ਡਾਕਟਰੀ ਸਹਾਇਤਾ ਲੈਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸ਼ਰਾਬ ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਸ਼ਰਾਬ ਸਰੀਰ ਦਾ ਤਾਪਮਾਨ ਘਟਾਉਂਦੀ ਹੈ ਅਤੇ ਹਾਈਪੋਥਰਮੀਆ ਦੇ ਜ਼ੋਖਮ ਨੂੰ ਵਧਾਉਂਦੀ ਹੈ। ਉਨ੍ਹਾਂ ਆਖਿਆ ਕਿ ਕਿਸੇ ਤਰ੍ਹਾਂ ਦੀ ਸਿਹਤ ਸਮੱਸਿਆ ਸਬੰਧੀ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8