ਪੰਜਾਬ ''ਚ ਇਨ੍ਹਾਂ ਲੋਕਾਂ ਲਈ ਖ਼ਤਰੇ ਦੀ ਘੰਟੀ! ਐਡਵਾਈਜ਼ਰੀ ਹੋ ਗਈ ਜਾਰੀ
Thursday, Apr 10, 2025 - 02:28 PM (IST)

ਹੁਸ਼ਿਆਰਪੁਰ (ਘੁੰਮਣ)-ਆਉਣ ਵਾਲੇ ਦਿਨਾਂ ਵਿਚ ਗਰਮੀ ਦੇ ਮੌਸਮ ਦੌਰਾਨ ਲਗਾਤਾਰ ਦਿਨ ਦਾ ਤਾਪਮਾਨ ਵੱਧਣ ਦੇ ਆਸਾਰ ਹਨ। ਇਸ ਵਾਰ ਗਰਮੀ ਦੇ ਸ਼ੁਰੂਆਤੀ ਮੌਸਮ ਵਿਚ ਹੀ ਤਾਪਮਾਨ ਵਿਚ ਤੇਜ਼ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਬਚਾਓ ਸਬੰਧੀ ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਵੱਲੋਂ ਲੋਕਾਂ ਨੂੰ ਗਰਮੀ ਤੋਂ ਬਚਾਉਣ ਲਈ ਲੋੜੀਂਦੇ ਉਪਰਾਲੇ ਕਰਨ ਦੀ ਅਪੀਲ ਕੀਤੀ ਗਈ ਹੈ। ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਡਾ. ਪਵਨ ਕੁਮਾਰ ਨੇ ਕਿਹਾ ਕਿ ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬੀਮਾਰੀਆਂ ਦਾ ਕਾਰਨ ਬਣਦਾ ਹੈ। ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਗਰਮੀ ਦੀਆਂ ਲਹਿਰਾਂ ਚੱਲਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ ਅਤੇ ਇਸ ਸਮੇਂ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖ਼ਾਸ ਕਰਕੇ ਉਨ੍ਹਾਂ ਲੋਕਾਂ, ਜਿਹੜੇ ਜ਼ੋਖਮ ਸ਼੍ਰੇਣੀ ਵਿਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਲੂ-ਲੱਗਣ ਦੇ ਲੱਛਣਾਂ ਵਿਚ ਸਰੀਰ ਦਾ ਤਾਪਮਾਨ 40° ਡਿਗਰੀ ਤੋਂ ਵੱਧਣਾ, ਬੇਹੋਸ਼ੀ ਦੀ ਸਥਿਤੀ ਹੋਣੀ, ਚੱਕਰ ਆਉਣੇ, ਚਮੜੀ ਦਾ ਖ਼ੁਸ਼ਕ ਅਤੇ ਲਾਲ ਹੋਣਾ, ਬਹੁਤ ਕਮਜ਼ੋਰੀ ਹੋਣਾ, ਬਹੁਤ ਤੇਜ਼ ਸਿਰ ਦਰਦ, ਉਲਟੀ ਆਉਣਾ ਆਦਿ ਸ਼ਾਮਲ ਹਨ।
ਇਹ ਵੀ ਪੜ੍ਹੋ: ਪੰਜਾਬ ਦਾ ਇਹ ਹਾਈਵੇਅ ਹੋ ਗਿਆ ਜਾਮ! ਆਵਾਜਾਈ ਲਈ ਬੰਦ ਕਰ 'ਤੀਆਂ ਸੜਕਾਂ, ਜਾਣੋ ਵਜ੍ਹਾ
ਸਿਵਲ ਸਰਜਨ ਨੇ ਕਿਹਾ ਇਸ ਸਥਿਤੀ ਵਿਚ ਮਰੀਜ਼ ਨੂੰ ਜਿਵੇਂ ਕਿ ਕੱਪੜੇ ਢਿੱਲੇ ਕਰਨੇ ਅਤੇ ਘੱਟ ਕਰਨੇ, ਠੰਡੀ ਜਗ੍ਹਾ ’ਤੇ ਲੈ ਕੇ ਜਾਣਾ, ਬਰਫ਼/ਆਈਸ ਪੈਕ ਸਰੀਰ ’ਤੇ ਰੱਖਣਾ ਤਾਂ ਜ਼ਰੂਰੀ ਹਨ ਹੀ, ਇਸ ਦੇ ਨਾਲ ਹੀ ਮਰੀਜ਼ ਨੂੰ ਤੁਰੰਤ ਹਸਪਤਾਲ ਵਿਚ ਦਾਖ਼ਲ ਕਰਵਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਸਹੀ ਤਰ੍ਹਾਂ ਨਾਲ ਇਲਾਜ ਕਰਕੇ ਮਰੀਜ਼ ਦੀ ਜਾਨ ਬਚਾਈ ਜਾ ਸਕੇ। ਜੇਕਰ ਹੋ ਸਕੇ ਤਾਂ ਮਰੀਜ਼ ਨੂੰ ਵਾਤਾਵਰਣ ਦੇ ਅਨੁਕੂਲ ਵਾਹਨ ਵਿਚ ਹੀ ਹਸਪਤਾਲ ਲਿਜਾਇਆ ਜਾਵੇ। ਜੇਕਰ ਮਰੀਜ਼ ਨੂੰ ਹਸਪਤਾਲ ਪਹੁੰਚਾਉਣ ਵਿਚ ਦੇਰੀ ਹੋ ਜਾਵੇ ਤਾਂ ਸਥਿਤੀ ਜ਼ੋਖਿਮ ਭਰੀ ਹੋ ਸਕਦੀ ਹੈ।
ਇਹ ਵੀ ਪੜ੍ਹੋ: ਜਲੰਧਰ ਗ੍ਰਨੇਡ ਹਮਲੇ ਦਾ UP ਕੁਨੈਕਸ਼ਨ, ਨਵੀਂ CCTV ਨੇ ਖੋਲ੍ਹੇ ਵੱਡੇ ਰਾਜ਼, 2 ਦਿਨ ਗ੍ਰਨੇਡ ਲੈ ਕੇ ਘੁੰਮਦਾ ਰਿਹਾ ਮੁੱਖ ਮੁਲਜ਼ਮ
ਡਾ. ਪਵਨ ਨੇ ਕਿਹਾ ਕਿ ਸਰੀਰ ਵਿਚ ਪਾਣੀ ਦੀ ਕਮੀ ਨਾ ਹੋਣ ਦਿਓ। ਗਰਮੀ ਦੇ ਮੌਸਮ ਵਿਚ ਪਾਣੀ ਉੱਚਿਤ ਮਾਤਰਾ ਵਿਚ ਪੀਓ, ਪਾਣੀ ਦੀ ਬੋਤਲ ਹਮੇਸ਼ਾ ਨਾਲ ਰੱਖੋ। ਮਿੱਠੇ ਅਤੇ ਨਮਕ ਸਮੇਤ ਨਿੰਬੂ ਪਾਣੀ, ਲੱਸੀ, ਓ. ਆਰ. ਐੱਸ. ਅਤੇ ਹੋਰ ਤਰਲ ਪਦਾਰਥ ਸਰੀਰ ਵਿਚ ਪਾਣੀ ਦੀ ਸਹੀ ਮਾਤਰਾ ਬਣਾਈ ਰੱਖਦੇ ਹਨ।
ਡਾ. ਜਗਦੀਪ ਸਿੰਘ ਨੇ ਇਸ ਸਬੰਧੀ ਗੱਲ ਕਰਦਿਆਂ ਦੱਸਿਆ ਕਿ ਨਵਜੰਮੇ ਅਤੇ ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਵੱਧ ਉਮਰ ਦੇ ਬਜ਼ੁਰਗ, ਮੋਟਾਪੇ ਤੋਂ ਪੀੜਤ ਵਿਅਕਤੀ, ਮਾਨਸਿਕ ਰੋਗੀ, ਜੋ ਸਰੀਰਕ ਤੌਰ ’ਤੇ ਬੀਮਾਰ ਹਨ, ਖ਼ਾਸ ਕਰਕੇ ਜਿਨ੍ਹਾਂ ਨੂੰ ਦਿਲ ਦੀ ਬੀਮਾਰੀ ਜਾਂ ਹਾਈ ਬਲੱਡ ਪ੍ਰੈੱਸ਼ਰ ਹੈ, ਅਨਿਯੰਤ੍ਰਿਤ ਸ਼ੂਗਰ, ਜ਼ਿਆਦਾ ਸ਼ਰਾਬ ਪੀਣਾ, ਧੁੱਪ ਵਿਚ ਕੰਮ ਕਰਨ ਵਾਲੇ ਮਜ਼ਦੂਰ, ਖਿਡਾਰੀ, ਗਰਮੀ ਅਨੁਸਾਰ ਕੱਪੜੇ ਨਾ ਪਾਉਣ ਵਾਲੇ ਲੋਕਾਂ ਵਿਚ ਲੂ ਲੱਗਣ ਦਾ ਜ਼ਿਆਦਾ ਖ਼ਤਰਾ ਹੋ ਸਕਦਾ ਹੈ।
ਇਹ ਵੀ ਪੜ੍ਹੋ: ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਸਖ਼ਤ, ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਦਿੱਤੇ ਹੁਕਮ
ਡਾ. ਜਗਦੀਪ ਨੇ ਕਿਹਾ ਕਿ ਕੁੱਝ ਗੱਲਾਂ ਦਾ ਵਿਸ਼ੇਸ਼ ਧਿਆਨ ਰੱਖ ਕੇ ਲੂ ਤੋਂ ਬਚਿਆ ਜਾ ਸਕਦਾ ਹੈ। ਜਿਵੇਂ ਸੂਤੀ ਅਤੇ ਢਿੱਲੇ ਕੱਪੜੇ ਪਾਓ ਜੋ ਪਸੀਨੇ ਨਾਲ ਸਰੀਰ ਨੂੰ ਠੰਡਾ ਰੱਖਣ ਵਿਚ ਮਦਦ ਕਰਦੇ ਹਨ। ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਧੁੱਪੇ ਨਿਕਲਣ ਤੋਂ ਪ੍ਰਹੇਜ਼ ਕਰੋ। ਠੰਡੀ ਥਾਂ ਤੋਂ ਇਕਦਮ ਗਰਮ ਮੌਸਮ ਵਿਚ ਨਿਕਲਣ ਵਿਚ ਨੁਕਸਾਨ ਹੋ ਸਕਦਾ ਹੈ। ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰੋ। ਨੰਗੇ ਪੈਰੀਂ ਬਾਹਰ ਨਾ ਨਿਕਲੋ, ਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ ਜਾਂ ਚੱਪਲਾਂ ਪਾਓ। ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਸੰਤਰਾ, ਅੰਗੂਰ, ਖੀਰੇ ਅਤੇ ਟਮਾਟਰ ਖਾਓ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਅਲਕੋਹਲ, ਚਾਹ, ਕੌਫ਼ੀ ਅਤੇ ਕਾਰਬੋਨੇਟਿਡ ਅਤੇ ਵਾਧੂ ਮਿੱਠੇ ਪੀਣ ਵਾਲੇ ਪਦਾਰਥਾਂ ਤੋਂ ਪ੍ਰਹੇਜ਼ ਕਰੋ ਕਿਉਂਕਿ ਇਹ ਅਸਲ ਵਿਚ ਬਾਡੀ ਫਲੂਡਜ਼ ਨੂੰ ਖ਼ਤਮ ਕਰਦੇ ਹਨ। ਅੱਖਾਂ ਦੀ ਸੁਰੱਖਿਆ ਲਈ ਗੂੜ੍ਹੇ ਚਸ਼ਮੇ ਪਾਓ। ਲੰਬੇ ਸਮੇਂ ਤੱਕ ਧੁੱਪ ਵਿਚ ਖੜ੍ਹੇ ਵਾਹਨਾਂ ਵਿਚ ਬੈਠਣ ਸਮੇਂ ਸਾਵਧਾਨੀ ਵਰਤੋਂ।
ਇਹ ਵੀ ਪੜ੍ਹੋ: PSPCL ਨੂੰ ਸਖ਼ਤ ਹੁਕਮ ਜਾਰੀ, ਪੰਜਾਬ 'ਚ ਹੁਣ ਇਨ੍ਹਾਂ ਘਰਾਂ 'ਚ ਵੀ ਮਿਲੇਗਾ ਬਿਜਲੀ ਕੁਨੈਕਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e