ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਪ੍ਰਬੰਧਕ ਦੀ ਨਿਯੁਕਤੀ ’ਤੇ ਐਡਵੋਕੇਟ ਧਾਮੀ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ

Monday, Aug 07, 2023 - 05:07 AM (IST)

ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ ਇਕ ਗੈਰ-ਸਿੱਖ ਦੀ ਨਿਯੁਕਤੀ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫ਼ੈਸਲੇ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਪਣਾ ਇਹ ਵਿਰੋਧ ਮਹਾਰਾਸ਼ਟਰ ਸਰਕਾਰ ਦੇ ਮੁੱਖ ਮੰਤਰੀ ਏਕਨਾਥ ਸੰਭਾਜੀ ਸ਼ਿੰਦੇ ਨੂੰ ਇਕ ਈਮੇਲ ਭੇਜ ਕੇ ਦਰਜ ਕਰਵਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਗੈਰ-ਸਿੱਖ ਅਧਿਕਾਰੀ ਨੂੰ ਗੁਰਦੁਆਰਾ ਬੋਰਡ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ, ਨਾਂਦੇੜ ਦਾ ਪ੍ਰਸ਼ਾਸਕ ਨਿਯੁਕਤ ਕਰਨਾ ਸਿੱਖ ਭਾਵਨਾਵਾਂ ਅਤੇ ਮਰਿਯਾਦਾ ਅਨੁਸਾਰ ਨਹੀਂ ਹੈ। ਮਹਾਰਾਸ਼ਟਰ ਸਰਕਾਰ ਦੇ ਇਸ ਫੈਸਲੇ ਵਿਰੁੱਧ ਸਿੱਖ ਸੰਗਤ ਵਿਚ ਭਾਰੀ ਰੋਸ ਹੈ। 

ਇਹ ਖ਼ਬਰ ਵੀ ਪੜ੍ਹੋ : ਮੋਰੱਕੋ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਸ ਪਲਟਣ ਨਾਲ 24 ਲੋਕਾਂ ਦੀ ਮੌਤ

ਉਨ੍ਹਾਂ ਆਖਿਆ ਕਿ ਸਿੱਖ ਕੌਮ ਅੰਦਰ ਤਖ਼ਤ ਸਾਹਿਬਾਨ ਦੀ ਭੂਮਿਕਾ ਸਿੱਖ ਮਰਿਯਾਦਾ ਲਾਗੂ ਕਰਨ ਵਾਸਤੇ ਅਗਵਾਈ ਕਰਨਾ ਅਤੇ ਸਮੇਂ ਸਮੇਂ ਨਿਰਦੇਸ਼ ਦੇਣਾ ਹੈ, ਇਸ ਲਈ ਕਿਸੇ ਗੈਰ-ਸਿੱਖ ਵਿਅਕਤੀ ਨੂੰ ਤਖ਼ਤ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਪ੍ਰਬੰਧਕ ਵਜੋਂ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੋਈ ਗ਼ੈਰ-ਸਿੱਖ ਵਿਅਕਤੀ ਸਿੱਖ ਭਾਵਨਾਵਾਂ ਅਨੁਸਾਰ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਕਿਸ ਤਰ੍ਹਾਂ ਚਲਾ ਸਕਦਾ ਹੈ। 

ਇਹ ਖ਼ਬਰ ਵੀ ਪੜ੍ਹੋ : ਹਾਲੀਵੁੱਡ ਫ਼ਿਲਮ Barbie ਨੇ ਬਣਾਇਆ ਵੱਡਾ ਰਿਕਾਰਡ, 3 ਹਫ਼ਤਿਆਂ ’ਚ ਕਮਾਏ 1 ਅਰਬ ਅਮਰੀਕੀ ਡਾਲਰ

ਉਨ੍ਹਾਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਇਹ ਸਿੱਖ ਵਿਰੋਧੀ ਫੈਸਲਾ ਹੈ, ਜਿਸ ਨੂੰ ਤੁਰੰਤ ਵਾਪਿਸ ਲਿਆ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਦੇ ਨਾਲ ਹੀ ਗੁਰਦੁਆਰਾ ਬੋਰਡ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨ ਗਰ ਸਾਹਿਬ ਨਾਂਦੇੜ ਦੀ ਚੋਣ ਕਰਵਾਉਣ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਕਾਰਜਕਾਲ ਮਾਰਚ 2022 ਵਿਚ ਪੂਰਾ ਹੋ ਚੁੱਕਾ ਹੈ। ਇਹ ਚੋਣ ਪਿਛਲੇ ਇਕ ਸਾਲ ਦੇ ਸਮੇਂ ਤੋਂ ਲੰਬਿਤ ਚੱਲੀ ਆ ਰਹੀ ਹੈ। ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਹੁੰਦਿਆਂ ਸ਼੍ਰੋਮਣੀ ਕਮੇਟੀ ਇਸ ਬਾਰੇ ਪਹਿਲਾਂ ਵੀ ਕਈ ਵਾਰ ਮੰਗ ਕਰ ਚੁੱਕੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਸਿੱਖਾਂ ਦੇ ਮਾਮਲਿਆਂ ਵਿਚ ਮਨਮਰਜ਼ੀ ਦੇ ਫੈਸਲੇ ਨਾ ਲਵੇ ਅਤੇ ਚੋਣ ਤੱਕ ਕਿਸੇ ਪੂਰਨ ਗੁਰਸਿੱਖ ਵਿਅਕਤੀ ਨੂੰ ਹੀ ਤਖ਼ਤ ਸਾਹਿਬ ਬੋਰਡ ਦਾ ਪ੍ਰਬੰਧਕ ਲਗਾਇਆ ਜਾਵੇ।

ਇਹ ਖ਼ਬਰ ਵੀ ਪੜ੍ਹੋ : ਨੌਜਵਾਨ ਨੇ ਸੁੱਤੀ ਪਈ ਗੁਆਂਢਣ ’ਤੇ ਚਾਕੂ ਨਾਲ ਕੀਤਾ ਹਮਲਾ, ਹਜ਼ਾਰਾਂ ਰੁਪਏ ਚੋਰੀ ਕਰਕੇ ਫਰਾਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Manoj

Content Editor

Related News