ਮਹਾਰਾਸ਼ਟਰ ’ਚ ਸਿੱਖ ਨੌਜਵਾਨਾਂ ਦੀ ਕੁੱਟਮਾਰ ਮਨੁੱਖਤਾ ਦੇ ਨਾਂ ’ਤੇ ਧੱਬਾ : ਐਡਵੋਕੇਟ ਧਾਮੀ
Wednesday, May 31, 2023 - 01:18 AM (IST)
ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ਦੇ ਉਖਲਦ ਪਿੰਡ 'ਚ ਭੀੜ ਵੱਲੋਂ 3 ਨੌਜਵਾਨ ਸਿੱਖਾਂ ਦੀ ਕੁੱਟਮਾਰ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ 'ਚ ਕ੍ਰਿਪਾਲ ਸਿੰਘ ਨਾਂ ਦੇ ਸਿੱਖ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ, ਜਦਕਿ 2 ਹੋਰ ਸਿੱਖ ਅਵਤਾਰ ਸਿੰਘ ਤੇ ਅਰੁਣ ਸਿੰਘ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਹਨ।
ਇਹ ਵੀ ਪੜ੍ਹੋ : ਮਹਾਰਾਸ਼ਟਰ 'ਚ ਮੌਬ ਲਿੰਚਿੰਗ, ਪਿੰਡ ਵਾਸੀਆਂ ਨੇ ਬੱਕਰੀ ਚੋਰ ਸਮਝ ਕੇ 3 ਸਿੱਖ ਬੱਚਿਆਂ ਨੂੰ ਕੁੱਟਿਆ, 1 ਦੀ ਮੌਤ
ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਸਿੱਖ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚੀ ਹੈ ਤੇ ਸਮੁੱਚੇ ਸਿੱਖ ਜਗਤ ਵਿੱਚ ਰੋਹ ਦੀ ਲਹਿਰ ਹੈ। ਇਹ ਘਿਨੌਣਾ ਅਪਰਾਧ ਮਨੁੱਖਤਾ ਦੇ ਨਾਂ ’ਤੇ ਧੱਬਾ ਹੈ, ਜਿਸ ਦੇ ਦੋਸ਼ੀ ਸਖ਼ਤ ਸਜ਼ਾ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਪੁਲਸ ਇਸ ਘਟਨਾ ਦੇ ਸਾਰੇ ਦੋਸ਼ੀਆਂ ਦੀ ਪਛਾਣ ਕਰੇ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਤੇ ਮਿਸਾਲੀ ਸਜ਼ਾ ਯਕੀਨੀ ਬਣਾਵੇ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।