ਬਲਵੰਤ ਸਿੰਘ ਰਾਜੋਆਣਾ ਸੰਬੰਧੀ ਪਟੀਸ਼ਨ ਬਾਰੇ ਐਡਵੋਕੇਟ ਧਾਮੀ ਵੱਲੋਂ ਕਾਨੂੰਨੀ ਮਾਹਿਰਾਂ ਨਾਲ ਵਿਸ਼ੇਸ਼ ਮੀਟਿੰਗ
Saturday, May 17, 2025 - 05:20 PM (IST)

ਅੰਮ੍ਰਿਤਸਰ (ਸਰਬਜੀਤ)- ਬਲਵੰਤ ਸਿੰਘ ਰਾਜੋਆਣਾ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਪਟੀਸ਼ਨ ਮਾਮਲੇ 'ਚ ਸੀਨੀਅਰ ਵਕੀਲਾਂ ਅਤੇ ਸਾਬਕਾ ਜੱਜਾਂ ਦੀ ਰਾਇ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਬ ਆਫਿਸ ਚੰਡੀਗੜ੍ਹ ਵਿਖੇ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਇਸ ਇਕੱਤਰਤਾ ਵਿੱਚ ਪਟੀਸ਼ਨ ਨੂੰ ਲੈ ਕੇ ਲੰਬੀ ਵਿਚਾਰ ਚਰਚਾ ਹੋਈ। ਚਰਚਾ ਦੌਰਾਨ ਇਹ ਵਿਚਾਰ ਪ੍ਰਮੁੱਖਤਾ ਨਾਲ ਸਾਹਮਣੇ ਆਇਆ ਕਿ ਸਰਕਾਰ ਅੱਗੇ ਗੋਡੇ ਨਹੀਂ ਟੇਕਣੇ ਚਾਹੀਦੇ ਅਤੇ ਪਟੀਸ਼ਨ ਵਾਪਸ ਨਹੀਂ ਲੈਣੀ ਚਾਹੀਦੀ, ਸਗੋਂ ਦ੍ਰਿੜਤਾ ਨਾਲ ਅੱਗੇ ਵੱਧਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਹਾਈਕੋਰਟ ਦੇ ਸਖ਼ਤ ਫਰਮਾਨ, ਪੰਜਾਬ DGP ਨੂੰ 90 ਦਿਨਾਂ ’ਚ ਰਿਪੋਰਟ ਪੇਸ਼ ਕਰਨ ਦੇ ਹੁਕਮ
ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬਹੁਤ ਹੀ ਸੰਜੀਦਾ ਕੌਮੀ ਮਾਮਲਾ ਹੈ, ਜਿਸ ਲਈ ਕੌਮੀ ਰਾਏ ਬਣਾਉਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਸਬੰਧੀ ਲੰਮੇ ਸਮੇਂ ਤੋਂ ਕਨੂੰਨੀ ਲੜਾਈ ਲੜ੍ਹ ਰਹੀ ਹੈ, ਪਰ ਸਰਕਾਰਾਂ ਦੀ ਅੜੀ ਇਸ ਮਾਮਲੇ ਵਿਚ ਮਨੁੱਖੀ ਅਧਿਕਾਰਾਂ ਦੇ ਖ਼ਿਲਾਫ਼ ਭੁੱਗਤ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਸਰਕਾਰ ਨੂੰ ਮਾਮਲੇ ਬਾਰੇ ਫੈਸਲਾ ਲੈਣ ਲਈ ਕਹਿਣ ਦੇ ਬਾਵਜੂਦ ਵੀ ਸਰਕਾਰ ਦਾ ਰਵੱਈਆ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਫਰਜ਼ ਬਣਦਾ ਹੈ ਕਿ ਆਪਣੀ ਕਾਰਜਸ਼ੈਲੀ ਵਿਚ ਸਾਰਿਆਂ ਨੂੰ ਇਕ ਸਮਾਨ ਜਾਨਣ, ਪ੍ਰੰਤੂ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜੇ ਅਹਿਮ ਮਾਮਲੇ ਸਬੰਧੀ ਅਪਣਾਈ ਜਾ ਰਹੀ ਪਹੁੰਚ ਸਰਕਾਰ ਦੀ ਮਨਸ਼ਾ ਤੇ ਸਵਾਲ ਖੜ੍ਹੇ ਕਰਦੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: NIA ਦੀ ਪੰਜਾਬ 'ਚ ਵੱਡੀ ਕਾਰਵਾਈ, 15 ਥਾਵਾਂ 'ਤੇ ਕੀਤੀ ਛਾਪੇਮਾਰੀ
ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਦਿਨੀਂ ਜਦੋਂ ਭਾਈ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ ਸੀ ਤਾਂ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਆਪਣੀ ਪਟੀਸ਼ਨ ਵਾਪਸ ਲੈਣ ਲਈ ਕਿਹਾ ਸੀ। ਇਸ 'ਤੇ ਵਿਚਾਰ ਲਈ ਪਹਿਲਾਂ ਸਿੱਖ ਜਥੇਬੰਦੀਆਂ, ਸਿੱਖ ਬੁੱਧੀਜੀਵੀਆਂ ਅਤੇ ਫੈਡਰੇਸ਼ਨਾਂ ਨਾਲ ਮੀਟਿੰਗਾਂ ਕਰਕੇ ਵਿਚਾਰ ਲਏ ਗਏ ਹਨ। ਇਸੇ ਤਹਿਤ ਅੱਜ ਦੀ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਭਾਈ ਰਾਜੋਆਣਾ ਦਾ ਪਟੀਸ਼ਨ ਨੂੰ ਲੈ ਕੇ ਰੋਸ਼ ਜਾਇਜ਼ ਹੈ ਅਤੇ ਉਹ ਆਪਣੇ ਅਕੀਦੇ ਤੇ ਦ੍ਰਿੜ ਹਨ, ਪ੍ਰੰਤੂ ਇਸ ਮਾਮਲੇ ਵਿਚ ਜਲਦਬਾਜ਼ੀ ਵਿਚ ਫੈਸਲਾ ਲੈਣਾ ਠੀਕ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਪੰਥ ਦਾ ਨੁਮਾਇੰਦਾ ਇਕੱਠ ਬੁਲਾ ਕੇ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ ਦੀ ਮਸ਼ਹੂਰ ਕੱਪੜਾ ਮਾਰਕੀਟ ਬਾਜ਼ਾਰ 3 ਦਿਨ ਲਈ ਬੰਦ
ਇਕੱਤਰਤਾ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜਸਟਿਸ ਮਨਿੰਦਰਮੋਹਨ ਸਿੰਘ ਬੇਦੀ ਸਾਬਕਾ ਜੱਜ, ਸੀਨੀਅਰ ਵਕੀਲ ਐਡਵੋਕੇਟ ਪੂਰਨ ਸਿੰਘ ਹੁੰਦਲ, ਐਡਵੋਕੇਟ ਜੀ ਐਸ ਬੱਲ, ਐਡਵੋਕੇਟ ਅਮਰ ਸਿੰਘ ਚਾਹਲ, ਐਡਵੋਕੇਟ ਰਾਜਵਿੰਦਰ ਸਿੰਘ ਬੈਂਸ, ਸਿੱਖ ਵਿਦਵਾਨ ਡਾ ਕੇਹਰ ਸਿੰਘ ਆਦਿ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8