ਬੰਦੀ ਸਿੰਘਾਂ ਦੀ ਰਿਹਾਈ ਲਈ UNO ਕੋਲ ਪਹੁੰਚ ਕਰੇਗੀ ਸ਼੍ਰੋਮਣੀ ਕਮੇਟੀ, ਤਿਆਰ ਕੀਤੀ ਰੂਪ-ਰੇਖਾ

02/01/2023 6:14:04 PM

ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਹੋਰ ਸਰਗਰਮੀ ਨਾਲ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਮੁਹਿੰਮ ਤਹਿਤ 13 ਲੱਖ ਤੋਂ ਵੱਧ ਲੋਕਾਂ ਵੱਲੋਂ ਸਵੈ-ਇੱਛਾ ਅਨੁਸਾਰ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ ਅਤੇ ਸ਼੍ਰੋਮਣੀ ਕਮੇਟੀ ਨੇ ਹੁਣ ਇਸ ਦਾ ਵਿਸਥਾਰ ਕਰਦਿਆਂ ਕਰੀਬ 30 ਲੱਖ ਲੋਕਾਂ ਤੱਕ ਪੁੱਜਣ ਦਾ ਟੀਚਾ ਮਿਥਿਆ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਅਗਵਾਈ ਵਿਚ ਪਿੰਡ ਪੱਧਰ ਤੱਕ ਇਹ ਮੁਹਿੰਮ ਲਿਜਾਣ ਲਈ ਰੂਪ-ਰੇਖਾ ਤਿਆਰ ਕੀਤੀ ਗਈ ਹੈ, ਜਿਸ ਤਹਿਤ ਧਰਮ ਪ੍ਰਚਾਰ ਲਈ ਪਿੰਡਾਂ ਵਿਚ ਜਾਣ ਸਮੇਂ ਪ੍ਰਚਾਰਕ ਜਥੇ ਪ੍ਰੋਫਾਰਮੇ ਵੀ ਭਰਵਾਉਣਗੇ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਵੀ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਧਰਮ ਪ੍ਰਚਾਰ ਦੇ ਅੰਮ੍ਰਿਤਸਰ ਜੋਨ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ, ਪ੍ਰਚਾਰਕਾਂ ਅਤੇ ਦਫ਼ਤਰ ’ਚ ਕੰਮ ਕਰਦੇ ਮੁਲਾਜ਼ਮਾਂ ਨਾਲ ਇਕੱਤਰਤਾ ਕਰਕੇ ਲਹਿਰ ਨੂੰ ਪ੍ਰਚੰਡ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ।

ਇਹ ਵੀ ਪੜ੍ਹੋ- ਨਾਨਕੇ ਆਏ ਮਾਸੂਮ ਨਾਲ ਵਾਪਰਿਆ ਦਰਦਨਾਕ ਭਾਣਾ, ਛੱਤ ਤੋਂ ਹੇਠਾਂ ਡਿੱਗਣ ਕਾਰਨ ਹੋਈ ਮੌਤ

ਇਸੇ ਦੌਰਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਬਹੁਤ ਸਾਰੇ ਲੋਕਾਂ ਵੱਲੋਂ ਦਸਤਖ਼ਤੀ ਮੁਹਿੰਮ ਦਾ ਹਿੱਸਾ ਬਣਨ ਸਬੰਧੀ ਇੱਛਾ ਪ੍ਰਗਟਾਈ ਜਾ ਰਹੀ ਹੈ ਪਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੱਕ ਨਾ ਪੁੱਜ ਸਕਣ ਕਰਕੇ ਉਹ ਵਾਂਝੇ ਰਹਿ ਰਹੇ ਹਨ। ਇਸ ਨੂੰ ਵੇਖਦਿਆਂ ਪਿੰਡ ਪੱਧਰ ਤੱਕ ਪ੍ਰੋਫਾਰਮੇ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਆਪਣੀ ਜ਼ਿੰਮੇਵਾਰੀ ਨਿਭਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 30 ਲੱਖ ਪ੍ਰੋਫਾਰਮੇ ਭਰਵਾ ਕੇ ਰਾਸ਼ਟਰਪਤੀ ਦੇ ਨਾਂ ’ਤੇ ਗਵਰਨਰ ਨੂੰ ਸੌਂਪੇ ਜਾਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਹਾਲ ਹੀ ਵਿਚ ਸਥਾਪਤ ਕੀਤੇ ਗਏ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਕੇ ਇਸ ਮੁਹਿੰਮ ਨੂੰ ਆਨਲਾਈਨ ਢੰਗ ਨਾਲ ਵਿਦੇਸ਼ਾਂ ਵਿਚ ਵੀ ਸਰਗਰਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਫਿਰੋਜ਼ਪੁਰ ਵਿਖੇ ਕਾਰ 'ਚੋਂ ਸ਼ੱਕੀ ਹਾਲਤ 'ਚ ਮਿਲੀ ਖ਼ੂਨ ਨਾਲ ਲੱਥ-ਪੱਥ ASI ਦੀ ਲਾਸ਼

ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਬੰਦੀ ਸਿੰਘਾਂ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਮਨੁੱਖਤਾ ਵਿਰੋਧੀ ਵਰਤਾਰੇ ਦਾ ਮਾਮਲਾ ਯੂ. ਐੱਨ. ਓ.  ਕੋਲ ਚੁੱਕਣ ਲਈ ਵੀ ਸ਼੍ਰੋਮਣੀ ਕਮੇਟੀ ਕਾਰਜਸ਼ੀਲ ਹੈ। ਇਸ ਨੂੰ ਲੈ ਕੇ ਕਾਨੂੰਨੀ ਸਲਾਹਕਾਰਾਂ ਅਤੇ ਬੁੱਧੀਜੀਵੀਆਂ ਦੇ ਮਸ਼ਵਰੇ ਨਾਲ ਪੱਤਰ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨੂੰ ਜਲਦ ਯੂਐਨਓ ਨੂੰ ਭੇਜਿਆ ਜਾਵੇਗਾ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਗੁਰਮੀਤ ਰਾਮ ਰਹੀਮ ਨੂੰ ਸਰਕਾਰਾਂ ਦੀ ਸਰਪ੍ਰਸਤੀ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਉੱਚ ਅਦਾਲਤ ਵਿਚ ਪਟੀਸ਼ਨ ਦਾਇਰ ਕਰਨ ਲਈ ਵੀ ਤਿਆਰੀਆਂ ਮੁਕੰਮਲ ਹਨ। ਇਸ ਸਬੰਧ ਵਿਚ ਇਸੇ ਹਫ਼ਤੇ ਹੀ ਪਟੀਸ਼ਨ ਦਾਇਰ ਕੀਤੀ ਜਾਵੇਗੀ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News