ਚੰਡੀਗੜ੍ਹ 'ਤੇ ਕੇਂਦਰੀ ਰੂਲ ਦੀ ਐਡਵੋਕੇਟ ਧਾਮੀ ਵੱਲੋਂ ਕਰੜੀ ਆਲੋਚਨਾ, ਸਿਆਸੀ ਪਾਰਟੀਆਂ ਨੂੰ ਕੀਤੀ ਇਹ ਅਪੀਲ

Monday, Mar 28, 2022 - 05:20 PM (IST)

ਅੰਮ੍ਰਿਤਸਰ (ਬਿਊਰੋ):  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜ਼ਮੀਨ ’ਤੇ ਵੱਸੇ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਅਧੀਨ ਕਰਨ ਵਾਲੇ ਫ਼ੈਸਲੇ ਦੀ ਕਰੜੀ ਆਲੋਚਨਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਆਪਣੀ ਚੰਡੀਗੜ੍ਹ ਫੇਰੀ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਮੁਲਾਜ਼ਮਾਂ ਦੀਆਂ ਸੇਵਾ ਸ਼ਰਤਾਂ ਕੇਂਦਰੀ ਨਿਯਮਾਂ ਅਨੁਸਾਰ ਕਰਨ ਦੇ ਐਲਾਨ ਨੂੰ ਪੰਜਾਬ ਦੇ ਹੱਕਾਂ ’ਤੇ ਇਕ ਹੋਰ ਵੱਡਾ ਡਾਕਾ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ :  ਚੰਡੀਗੜ੍ਹ ’ਤੇ ਕੇਂਦਰੀ ਰੂਲ ਲਾਗੂ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦੇ ਪਿੰਡਾਂ ਦੀ ਕੀਮਤੀ ਜ਼ਮੀਨ ’ਤੇ ਵਸਿਆ ਹੋਇਆ ਹੈ, ਇਸ ਲਈ ਇਸ ’ਤੇ ਪੰਜਾਬ ਦਾ ਹੀ ਹੱਕ ਹੈ। ਕੇਂਦਰ ਦਾ ਤਾਜ਼ਾ ਫ਼ੈਸਲਾ ਪੰਜਾਬ ਪੁਨਰਗਠਨ 1966 ਦੇ ਐਕਟ ਦੀ ਉਲੰਘਣਾ ਹੈ ਅਤੇ ਸਪੱਸ਼ਟ ਹੈ ਕਿ ਕਿਸੇ ਗੰਭੀਰ ਸਾਜ਼ਿਸ਼ ਤਹਿਤ ਅਜਿਹਾ ਕਰਨਾ ਪੰਜਾਬ ਤੋਂ ਬਾਹਰਲੇ ਅਫ਼ਸਰ ਚੰਡੀਗੜ੍ਹ ’ਤੇ ਥੋਪਣ ਲਈ ਰਾਹ ਪੱਧਰਾ ਕਰਨਾ ਹੈ। ਇਸ ਫ਼ੈਸਲੇ ਵਿੱਚੋਂ ਭਾਰਤ ਸਰਕਾਰ ਦੀ ਪੰਜਾਬ ਵਿਰੋਧੀ ਮਨਸ਼ਾ ਸਾਫ਼ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ : ਦਿਲ ਕੰਬਾਉਣ ਵਾਲੇ ਹਾਦਸੇ ਨੇ ਖੋਹ ਲਈਆਂ ਪਰਿਵਾਰ ਦੀਆਂ ਖ਼ੁਸ਼ੀਆਂ, 6 ਮਹੀਨੇ ਦੇ ਪੁੱਤ ਸਣੇ ਮਾਤਾ-ਪਿਤਾ ਦੀ ਮੌਤ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਮੇਂ-ਸਮੇਂ ਦੇਸ਼ ਦੀਆਂ ਸਰਕਾਰਾਂ ਨੇ ਪੰਜਾਬ ਅਤੇ ਖ਼ਾਸਕਰ ਸਿੱਖਾਂ ਨਾਲ ਧੱਕਾ ਕੀਤਾ ਹੈ ਅਤੇ ਇਸੇ ਲੜੀ ਵਿਚ ਹੀ ਕੇਂਦਰੀ ਗ੍ਰਹਿ ਮੰਤਰੀ ਦਾ ਐਲਾਨ ਇਕ ਹੋਰ ਧੱਕੇ ਵੱਲ ਇਸ਼ਾਰਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਨਾਲ ਜੁੜਿਆ ਹੋਇਆ ਮਾਮਲਾ ਹੈ, ਲਿਹਾਜ਼ਾ ਸਾਰੀਆਂ ਰਾਜਸੀ ਪਾਰਟੀਆਂ ਨੂੰ ਇਸ ਨੂੰ ਰੋਕਣ ਲਈ ਇਕਜੁਟਤਾ ਵਖਾਉਣੀ ਚਾਹੀਦੀ ਹੈ। ਐਡੋਵਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਇਸ ਪੰਜਾਬ ਵਿਰੋਧੀ ਫ਼ੈਸਲੇ ’ਤੇ ਲੜੇ ਜਾਣ ਵਾਲੇ ਸੰਘਰਸ਼ ਵਿਚ ਮੋਹਰੀ ਰੋਲ ਨਿਭਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਤਾਨਾਸ਼ਾਹੀ ਫ਼ੈਸਲੇ ਤੋਂ ਪਿੱਛੇ ਹੱਟ ਜਾਣਾ ਚਾਹੀਦਾ ਹੈ ਅਤੇ ਪੰਜਾਬ ਨੂੰ ਦਬਾਉਣ ਵਾਲੀਆਂ ਨੀਤੀਆਂ ਨਹੀਂ ਘੜਨੀਆਂ ਚਾਹੀਦੀਆਂ।

ਨੋਟ: ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ


Harnek Seechewal

Content Editor

Related News