ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੱਥੇ ''ਤੇ ਕਲੰਕ: ਐਡਵੋਕੇਟ ਧਾਮੀ

Sunday, Nov 01, 2026 - 04:41 PM (IST)

ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੱਥੇ ''ਤੇ ਕਲੰਕ: ਐਡਵੋਕੇਟ ਧਾਮੀ

ਅੰਮ੍ਰਿਤਸਰ (ਸਰਬਜੀਤ)- ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਨਵੰਬਰ 1984 ਦੌਰਾਨ ਹੋਏ ਸਿੱਖ ਕਤਲੇਆਮ ਦੇ ਜ਼ਖ਼ਮ ਅਜੇ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੀੜਤ ਸਿੱਖ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਵੰਬਰ 1984 ਵਿਚ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਹੋਏ ਸਿੱਖ ਕਤਲੇਆਮ ਦੌਰਾਨ ਕੋਹ ਕੋਹ ਕੇ ਮਾਰੇ ਗਏ ਸਿੰਘ, ਸਿੰਘਣੀਆਂ ਤੇ ਪੁਝੰਗੀਆ ਨੂੰ ਸਤਿਕਾਰ ਭੇਟ ਕਰਦਿਆਂ ਕੀਤਾ।

ਐਡਵੋਕੇਟ ਧਾਮੀ ਨੇ ਕਿਹਾ  ਸਰਕਾਰ ਦੀ ਸ਼ਹਿ ’ਤੇ 1 ਨਵੰਬਰ ਤੋਂ ਲੈ ਕੇ ਕਰੀਬ ਇਕ ਹਫਤੇ ਤੱਕ ਸਿੱਖਾਂ ਉੱਤੇ ਅਣਮਨੁੱਖੀ ਜ਼ੁਲਮ ਢਾਹੇ ਗਏ ਅਤੇ ਕੋਹ ਕੋਹ ਕੇ ਮਾਰਿਆ ਗਿਆ। ਇਹ ਮਾਨਵਤਾ ਵਿਰੁੱਧ ਅਜਿਹਾ ਘਿਨਾਉਣਾ ਕਾਰਾ ਸੀ, ਜਿਸ ਨੇ ਸਮੁੱਚੀ ਦੁਨੀਆ ਦੇ ਸੰਵੇਦਨਸ਼ੀਲ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਇਹ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ ਤੇ ਕਲੰਕ ਹੈ। ਉਨ੍ਹਾਂ ਕਿਹਾ ਕਿ ਇਸ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਕਾਨੂੰਨ ਅਨੁਸਾਰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਸਨ, ਪਰ ਅਫ਼ਸੋਸ ਕਿ ਇਨਸਾਫ਼ ਦੇਣ ਦੀ ਬਜਾਏ ਉਸ ਸਮੇਂ ਦੀ ਸਰਕਾਰ ਨੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਗੂਆਂ ਦੀ ਹਮੇਸ਼ਾ ਪੁਸ਼ਤਪਨਾਹੀ ਕੀਤੀ ਅਤੇ ਉਨ੍ਹਾਂ ਨੂੰ ਉੱਚੇ ਸਿਆਸੀ ਅਹੁਦਿਆਂ ਨਾਲ ਨਿਵਾਜਿਆ।

ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਸਿੱਖ ਕੌਮ ਨੇ ਵੱਡਮੁੱਲੀਆਂ ਕੁਰਬਾਨੀਆਂ ਦਿੱਤੀਆਂ, ਪਰ ਇਸ ਦੇ ਬਾਵਜੂਦ ਸਿੱਖਾਂ ਨਾਲ ਵਾਰ-ਵਾਰ ਬੇਇਨਸਾਫ਼ੀ ਹੋਈ ਹੈ। ਨਵੰਬਰ ਮਹੀਨਾ ਆਉਂਦਿਆਂ ਹੀ ਕਤਲੇਆਮ ਦੇ ਪੀੜਤ ਪਰਿਵਾਰਾਂ ਅਤੇ ਸਮੁੱਚੀ ਸਿੱਖ ਕੌਮ ਦੇ ਪੁਰਾਣੇ ਜ਼ਖ਼ਮ ਮੁੜ ਹਰੇ ਹੋ ਜਾਂਦੇ ਹਨ। ਸਰਕਾਰਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾਵਾਂ ਦਿਵਾਉਣ ਲਈ ਠੋਸ ਕਦਮ ਚੁੱਕਣ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਨਸਾਫ਼ ਦੀ ਇਹ  ਲੜਾਈ ਸਿਰਫ਼ ਪੀੜਤ ਪਰਿਵਾਰਾਂ ਦੀ ਨਹੀਂ, ਸਗੋਂ ਮਨੁੱਖੀ ਅਧਿਕਾਰਾਂ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਨਿਆਂ ਪ੍ਰਣਾਲੀ ਵਿਚ ਭਰੋਸੇ ਦੀ ਵੀ ਲੜਾਈ ਹੈ। ਜਦੋਂ ਤੱਕ ਦੋਸ਼ੀਆਂ ਨੂੰ ਉਨ੍ਹਾਂ ਦੇ ਕੀਤੇ ਦੀ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਪੀੜਤ ਪਰਿਵਾਰਾਂ ਦੇ ਹਿਰਦੇ ਸ਼ਾਂਤ ਨਹੀਂ ਹੋਣਗੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਇਸ ਦਰਦਨਾਕ ਸਾਕੇ ਨੂੰ ਕਦੇ ਵੀ ਭੁਲਾ ਨਹੀਂ ਸਕਦੀ ਅਤੇ ਹਰ ਸਾਲ ਇਸ ਦੀ ਯਾਦ ਮਨਾਈ ਜਾਂਦੀ ਹੈ। ਇਸੇ ਸਬੰਧ ਵਿੱਚ ਭਲਕੇ 2 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਸ਼ਹੀਦਾਂ ਨਮਿਤ ਅਰਦਾਸ ਕੀਤੀ ਜਾਵੇਗੀ।
 


author

Anmol Tagra

Content Editor

Related News