ਪੰਜਾਬ ਵਿਧਾਨ ਸਭਾ ਵਲੋਂ ਖੇਤੀ ਬਿੱਲ ਪਾਸ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ

Wednesday, Oct 21, 2020 - 06:11 PM (IST)

ਪੰਜਾਬ ਵਿਧਾਨ ਸਭਾ ਵਲੋਂ ਖੇਤੀ ਬਿੱਲ ਪਾਸ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ

ਚੰਡੀਗੜ੍ਹ : ਖੇਤੀ ਕਾਨੂੰਨਾਂ ਖ਼ਿਲਾਫ਼ ਆਰ-ਪਾਰ ਦੀ ਲੜਾਈ 'ਤੇ ਬੈਠੀਆਂ ਕਿਸਾਨ ਜਥੇਬੰਦੀਆਂ ਨੇ 5 ਨਵੰਬਰ ਤਕ ਸਿਰਫ ਮਾਲ ਗੱਡੀਆਂ ਲਈ ਰੇਲਵੇ ਟ੍ਰੈਕ ਖੋਲ੍ਹਣ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਰੇਲਵੇ ਟ੍ਰੈਕ ਸਿਰਫ ਮਾਲ ਗੱਡੀਆਂ ਲਈ ਖਾਲ੍ਹੀ ਕੀਤੇ ਜਾਣਗੇ ਜਦਕਿ ਬਾਕੀ ਰੇਲਾਂ ਨੂੰ ਨਹੀਂ ਲੰਘਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ 'ਤੇ ਧਰਨੇ ਜਾਰੀ ਰਹਿਣਗੇ। 30 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਉਦੋਂ ਤਕ ਸੰਘਰਸ਼ ਜਾਰੀ ਰਹੇਗਾ ਅਤੇ ਭਾਜਪਾ ਨੇਤਾਵਾਂ ਦੇ ਘਿਰਾਓ ਵੀ ਜਾਰੀ ਰਹਿਣਗੇ।

ਇਹ ਵੀ ਪੜ੍ਹੋ :  ਵਿਧਾਨ ਸਭਾ 'ਚ ਸਮਰਥਨ ਕਰਨ ਤੋਂ ਬਾਅਦ ਕੈਪਟਨ ਦੇ ਖੇਤੀ ਬਿੱਲਾਂ 'ਤੇ 'ਆਪ' ਦਾ ਯੂ-ਟਰਨ

ਕਿਸਾਨ ਆਗੂਆਂ ਨੇ ਕਿਹਾ ਕਿ ਇਹ ਕਿਸਾਨਾਂ ਦੇ ਸੰਘਰਸ਼ ਦੀ ਪ੍ਰਾਪਤੀ ਹੀ ਹੈ ਕਿ ਇਤਿਹਾਸ ਵਿਚ ਪਹਿਲੀ ਵਾਰ ਕਿਸਾਨਾਂ ਦੇ ਸੰਘਰਸ਼ ਕਾਰਣ ਕਿਸੇ ਸਰਕਾਰ ਵਲੋਂ ਤਿੰਨ ਦਿਨਾਂ ਦਾ ਵਿਸ਼ੇਸ਼ ਇਜਲਾਸ ਬੁਲਾਉਣਾ ਪਿਆ ਹੋਵੇ। ਇਸੇ ਸੰਘਰਸ਼ ਕਾਰਣ ਹਰਸਿਮਰਤ ਕੌਰ ਬਾਦਲ ਨੂੰ ਕੇਂਦਰੀ ਵਜ਼ੀਰੀ ਤੋਂ ਅਸਤੀਫ਼ਾ ਦੇਣਾ ਪਿਆ ਅਤੇ ਅਕਾਲੀ ਦਲ ਨੂੰ ਐੱਨ. ਡੀ. ਏ. 'ਚੋਂ ਬਾਹਰ ਆਉਣਾ ਪਿਆ।

ਇਹ ਵੀ ਪੜ੍ਹੋ :  ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਆਗੂਆਂ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵਲੋਂ ਲਿਆਂਦੇ ਗਏ ਬਿੱਲਾਂ ਵਿਚ ਖਾਮੀਆਂ ਹਨ ਪਰ ਇਹ ਹੈ ਕਿਸਾਨਾਂ ਦੇ ਹੱਕ ਵਿਚ ਹੀ ਅਤੇ ਇਸ ਨਾਲ ਇਕ ਗੱਲ ਸਾਫ਼ ਹੋ ਗਈ ਹੈ ਕਿ ਪੰਜਾਬ ਦੀਆਂ ਸਾਰੀਆਂ ਧਿਰਾਂ ਕਿਸਾਨਾਂ ਦੇ ਨਾਲ ਖੜ੍ਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਦੀ ਲੜਾਈ ਸੂਬਾ ਸਰਕਾਰ ਅਤੇ ਮੋਦੀ ਸਰਕਾਰ ਨਾਲ ਸੀ ਪਰ ਹੁਣ ਇਹ ਲੜਾਈ ਸਿੱਧੀ ਕੇਂਦਰ ਨਾਲ ਹੈ। ਉਨ੍ਹਾਂ ਕਿਹਾ ਕਿ ਜੇ ਰਾਸ਼ਟਰਪਤੀ ਇਸ ਬਿੱਲ ਨੂੰ ਮਨਜ਼ੂਰੀ ਨਹੀਂ ਦਿੰਦੇ ਤਾਂ ਉਨ੍ਹਾਂ ਦਾ ਸੰਘਰਸ਼ ਹੋਰ ਤਿੱਖਾ ਹੋਵੇਗਾ। ਉਨ੍ਹਾਂ ਕਿਹਾ ਕਿ 4 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਨੇ ਵਿਸ਼ੇਸ਼ ਮੀਟਿੰਗ ਸੱਦੀ ਹੈ, ਜਿਸ ਵਿਚ ਵਿਰੋਧ ਦੀ ਅਗਲੀ ਰੂਪ-ਰੇਖਾ ਅਖਤਿਆਰ ਕੀਤੀ ਜਾਵੇਗੀ।

ਇਹ ਵੀ ਪੜ੍ਹੋ :  ਵਿਧਾਨ ਸਭਾ 'ਚ ਗੂੰਜਿਆ ਸਿੱਧੂ ਦਾ ਚਪੇੜ ਵਾਲਾ ਬਿਆਨ, ਮੰਤਰੀਆਂ ਤੇ ਵਿਧਾਇਕਾਂ ਨੇ ਥਾਪੜੇ ਮੇਜ


author

Gurminder Singh

Content Editor

Related News