ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫ਼ਸਰਾਂ ਦੀ ਸਿਖਲਾਈ ਸਫ਼ਲਤਾ ਪੂਰਵਕ ਮੁਕੰਮਲ

Friday, Jul 30, 2021 - 05:57 PM (IST)

ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫ਼ਸਰਾਂ ਦੀ ਸਿਖਲਾਈ ਸਫ਼ਲਤਾ ਪੂਰਵਕ ਮੁਕੰਮਲ

ਚੰਡੀਗੜ੍ਹ : ਪੰਜਾਬ ਖੇਤੀਬਾੜੀ ਪ੍ਰਬੰਧਨ ਅਤੇ ਐਕਸਟੈਂਸ਼ਨ ਟ੍ਰੇਨਿੰਗ ਇੰਸਟੀਚਿਊਟ (ਪੀ. ਏ. ਐਮ. ਈ. ਟੀ. ਆਈ.) ਵੱਲੋਂ 26 ਤੋਂ 30 ਜੁਲਾਈ ਤੱਕ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਨਵੇਂ ਭਰਤੀ ਹੋਏ ਖੇਤੀਬਾੜੀ ਵਿਕਾਸ ਅਫ਼ਸਰਾਂ (ਏ. ਡੀ. ਓਜ਼) ਲਈ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਸਿਖਲਾਈ ਵਿੱਚ 56 ਅਧਿਕਾਰੀਆਂ ਨੇ ਹਿੱਸਾ ਲਿਆ। ਡਾਇਰੈਕਟਰ ਪੀ. ਏ. ਐਮ. ਈ. ਟੀ. ਆਈ. ਡਾ. ਐਚ.ਐਸ. ਧਾਲੀਵਾਲ ਨੇ ਦੱਸਿਆ ਕਿ ਸੰਸਥਾ ਨੂੰ ਖੇਤੀਬਾੜੀ ਵਿਭਾਗ ਵਿੱਚ ਨਵੇਂ ਭਰਤੀ ਹੋਏ 111 ਏ. ਡੀ. ਓਜ਼ ਨੂੰ ਸਿਖਲਾਈ ਦੇਣ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਸੰਸਥਾ ਨੇ 20 ਤੋਂ 25 ਜੁਲਾਈ, 2021 ਤੱਕ ਏ. ਡੀ. ਓਜ਼ ਦੇ ਪਹਿਲੇ ਬੈਚ ਦੀ ਸਿਖਲਾਈ ਸਫਲਤਾ ਪੂਰਵਕ ਮੁਕੰਮਲ ਕੀਤੀ। ਦੂਸਰੇ ਬੈਚ ਨੂੰ 26 ਤੋਂ 30 ਜੁਲਾਈ, 2021 ਤੱਕ ਸਿਖਲਾਈ ਦਿੱਤੀ ਗਈ। ਇਸ ਸਿਖਲਾਈ ਦਾ ਮਕਸਦ ਨਵੇਂ ਭਰਤੀ ਹੋਏ ਅਧਿਕਾਰੀਆਂ ਨੂੰ ਉਨ੍ਹਾਂ ਦੀ ਭੂਮਿਕਾ ਅਤੇ ਜ਼ਿੰਮੇਵਾਰੀਆਂ ਸਮੇਤ ਆਪਣੇ ਵਿਭਾਗ ਦੇ ਢਾਂਚੇ ਅਤੇ ਕੰਮਕਾਜ ਬਾਰੇ ਜਾਗਰੂਕ ਕਰਨਾ ਸੀ ਤਾਂ ਜੋ ਉਹ ਆਪਣੀ ਜ਼ਿੰਮੇਵਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾ ਸਕਣ। ਸਿਖਲਾਈ ਪ੍ਰੋਗਰਾਮ ਦੌਰਾਨ ਕਮਿਸ਼ਨਰ ਖੇਤੀਬਾੜੀ ਡਾ. ਬੀ.ਐਸ. ਸਿੱਧੂ ਨੇ ਰਾਜ ਵਿੱਚ ਕਿਸਾਨ ਖ਼ੁਦਕੁਸ਼ੀਆਂ ਬਾਰੇ ਅਧਿਕਾਰੀਆਂ ਨੂੰ ਜਾਣੂੰ ਕਰਵਾਉਂਦਿਆਂ ਪੀੜਤ ਪਰਿਵਾਰਾਂ ਪ੍ਰਤੀ ਹਮਦਰਦੀ ਰੱਖਦਿਆਂ ਉਨ੍ਹਾਂ ਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ।

ਡਾਇਰੈਕਟਰ ਖੇਤੀਬਾੜੀ ਡਾ. ਐਸ. ਐਸ. ਸਿੱਧੂ ਨੇ ਸਿਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਅਧਿਕਾਰੀ ਤਬਦੀਲੀ ਲਿਆਉਣ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ ਕਿਉਂਕਿ ਇਹ ਖੇਤਰੀ ਪੱਧਰ ‘ਤੇ ਕੰਮ ਕਰਨਗੇ ਅਤੇ ਕਿਸਾਨਾਂ ਨਾਲ ਲਗਾਤਾਰ ਸੰਪਰਕ ਵਿੱਚ ਰਹਿਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਰਾਜ ਵਿੱਚ ਕੀਟਨਾਸ਼ਕਾਂ ਦੀ ਵਰਤੋਂ, ਕੀਟਨਾਸ਼ਕ ਐਕਟ ਅਤੇ ਇਸ ਦੇ ਕੁਆਲਟੀ ਕੰਟਰੋਲ ਬਾਰੇ ਦੱਸਿਆ।
 


author

Babita

Content Editor

Related News