ਕਿਸਾਨਾਂ ਦਾ ਮੋਦੀ ਸਰਕਾਰ ਨੂੰ ਵੱਡਾ ਝਟਕਾ, ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਜ਼ਮੀਨ ਨਾ ਦੇਣ ਦਾ ਐਲਾਨ

Sunday, Dec 27, 2020 - 10:04 PM (IST)

ਕਿਸਾਨਾਂ ਦਾ ਮੋਦੀ ਸਰਕਾਰ ਨੂੰ ਵੱਡਾ ਝਟਕਾ, ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਜ਼ਮੀਨ ਨਾ ਦੇਣ ਦਾ ਐਲਾਨ

ਸੰਗਰੂਰ (ਬੇਦੀ) : ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਖੇ ਪਿਛਲੇ ਇਕ ਮਹੀਨੇ ਤੋਂ ਧਰਨੇ ’ਤੇ ਬੈਠੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਇਕ ਹੋਰ ਝਟਕਾ ਦਿੱਤਾ ਹੈ। ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਸੰਘਰਸ਼ ਕਮੇਟੀ ਪੰਜਾਬ ਨੇ ਐਲਾਨ ਕੀਤਾ ਹੈ ਕਿ ਜਦੋਂ ਤਕ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤਕ ਪੰਜਾਬ ’ਚੋਂ ਲੰਘਣ ਵਾਲੇ ਕੇਂਦਰੀ ਪ੍ਰਾਜੈਕਟ ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਜ਼ਮੀਨ ਨਹੀਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੇ ਚੱਲਦਿਆਂ ਕੇਂਦਰ ਸਰਕਾਰ ਦਾ ਨਵਾਂ ਫਰਮਾਨ

ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਦਿੱਲੀ ਤੋਂ ਕੱਟੜਾ ਤੱਕ ਬਣਨ ਵਾਲਾ ਐਕਸਪ੍ਰੈੱਸ ਵੇਅ ਪੰਜਾਬ ਦੇ ਪਟਿਆਲਾ, ਸੰਗਰੂਰ, ਲੁਧਿਆਣਾ, ਜਲੰਧਰ, ਸੁਲਤਾਨਪੁਰ ਲੋਧੀ, ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿਚੋਂ ਲੰਘਣਾ ਹੈ। ਇਨ੍ਹਾਂ ਜ਼ਿਲਿ੍ਹਆਂ ਦੀ ਕਰੀਬ ਇਕ ਲੱਖ ਏਕੜ ਜ਼ਮੀਨ ਐਕਸਪ੍ਰੈੱਸ ਵੇਅ ਲਈ ਐਕੁਆਇਰ ਹੋਣੀ ਹੈ ਪਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ 6 ਤੋਂ 10 ਲੱਖ ਰੁਪਏ ਪ੍ਰਤੀ ਏਕੜ ਦਿੱਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਬਣੇ ਐੱਨ. ਐੱਚ-64 ਅਤੇ ਐੱਨਐੱਚ-71 ਲਈ ਐਕੁਆਇਰ ਹੋਈ ਜ਼ਮੀਨ ਦੀ ਕੀਮਤ ਕਰੀਬ ਡੇਢ ਤੋਂ ਦੋ ਕਰੋੜ ਰੁਪਏ ਪ੍ਰਤੀ ਏਕੜ ਦਿੱਤੀ ਗਈ ਸੀ।

ਇਹ ਵੀ ਪੜ੍ਹੋ : ਸੰਧੂ ਬੱਸ ਸਰਵਿਸ ਦਾ ਐਲਾਨ, ‘ਜੀਓ ਸਿੰਮ ਬੰਦ ਕਰਨ ’ਤੇ 15 ਦਿਨ ਫਰੀ ਸਫਰ ਕਰੋ’

ਢਿੱਲੋਂ ਨੇ ਦੋਸ਼ ਲਾਇਆ ਕਿ ਜਿੱਥੇ ਇਕ ਪਾਸੇ ਕੇਂਦਰ ਸਰਕਾਰ ਤਿੰਨ ਖੇਤੀ ਕਾਨੂੰਨਾਂ ਰਾਹੀਂ ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਲੁਟਾਉਣਾ ਚਾਹੁੰਦੀ ਹੈ, ਉਥੇ ਦੂਜੇ ਪਾਸੇ ਐਕਸਪ੍ਰੈੱਸ ਵੇਅ ਲਈ ਪੰਜਾਬ ਦੀ ਇਕ ਲੱਖ ਏਕੜ ਜ਼ਮੀਨ ਵੀ ਲੁੱਟੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤਕ ਦਿੱਲੀ ਸੰਘਰਸ਼ ਜਾਰੀ ਰਹੇਗਾ, ਉਦੋਂ ਤਕ ਐਕਸਪ੍ਰੈੱਸ ਵੇਅ ਲਈ ਪੰਜਾਬ ਦੀ ਇਕ ਇੰਚ ਜ਼ਮੀਨ ਵੀ ਨਹੀਂ ਦਿੱਤੀ ਜਾਵੇਗੀ। ਕਿਸਾਨ ਅੰਦੋਲਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਅਗਲਾ ਸੰਘਰਸ਼ ਉਲੀਕਿਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ’ਚ ਭਾਜਪਾ ਨੂੰ ਇਕ ਹੋਰ ਝਟਕਾ, ਹੁਣ ਇਸ ਲੀਡਰ ਨੇ ਪਾਰਟੀ ਛੱਡਣ ਦਾ ਕੀਤਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News