ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਮੁਆਫੀ ਮੰਗਣ : ਹਰਸਿਮਰਤ ਬਾਦਲ

07/25/2021 1:27:13 AM

ਚੰਡੀਗੜ੍ਹ (ਅਸ਼ਵਨੀ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐੱਨ. ਡੀ. ਏ. ਸਰਕਾਰ ਵੱਲੋਂ ਦਿੱਲੀ ਦੇ ਬਾਰਡਰਾਂ ’ਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਵਿਚ 550 ਕਿਸਾਨਾਂ ਦੀ ਸ਼ਹਾਦਤ ਨੂੰ ਮਨੁੱਖੀ ਤਰਾਸਦੀ ਮੰਨਣ ਤੋਂ ਇਨਕਾਰ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ। ਪਾਰਟੀ ਨੇ ਕਿਹਾ ਕਿ ਇਸ ਮਾਮਲੇ ’ਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਕਿਸਾਨ ਭਾਈਚਾਰੇ ਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਤੋਂ ਮੁਆਫ਼ੀ ਮੰਗਣ।

 

ਇਹ ਵੀ ਪੜ੍ਹੋ- ਕਾਂਗਰਸੀ ਵਿਧਾਇਕ ਹੈਨਰੀ ਦੇ ਦਫ਼ਤਰ ’ਚ ਚੱਲੀ ਗੋਲੀ, ਇੱਕ ਜ਼ਖ਼ਮੀ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵਲੋਂ ਇਹ ਬਿਆਨ ਦੇਣ ਕਿ ਸਰਕਾਰ ਕੋਲ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦਾ ਕੋਈ ਰਿਕਾਰਡ ਨਹੀਂ ਹੈ, ਦੀ ਨਿਖੇਧੀ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਐੱਨ. ਡੀ. ਏ. ਸਰਕਾਰ ਦਾ ਕਿਸਾਨ ਵਿਰੋਧੀ ਰਵੱਈਆ ਹੀ ਕਿਸਾਨਾਂ ਦੀ ਇਸ ਹਾਲਤ ਲਈ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਦਿੱਲੀ ਦੇ ਬਾਰਡਰਾਂ ’ਤੇ ਕਿਸਾਨਾਂ ਦੀ ਬੇਕਦਰੀ ਹੋ ਰਹੀ ਹੈ ਬਲਕਿ ਸ਼ਹੀਦ ਹੋਣ ਵਾਲੇ ਕਿਸਾਨਾਂ ਦੀ ਵੀ ਕਦਰ ਨਹੀਂ ਪਾ ਰਹੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਮਨੁੱਖਤਾ ਵਿਰੋਧੀ ਰਵੱਈਆ ਦੀ ਨਿਖੇਧੀ ਕਰਦਾ ਹੈ ਤੇ ਖੇਤੀਬਾੜੀ ਮੰਤਰੀ ਨੂੰ ਬੇਨਤੀ ਕਰਦਾ ਹੈ ਕਿ ਉਹ ਆਪਣੇ ਬਿਆਨ ਲਈ ਕਿਸਾਨ ਭਾਈਚਾਰੇ ਤੋਂ ਮੁਆਫ਼ੀ ਮੰਗਣ ਅਤੇ ਦੇਸ਼ ਨੂੰ ਭਰੋਸਾ ਦਿਵਉਣ ਕਿ ਅੰਨਦਾਤਾ ਨੂੰ ਇਸ ਤਰੀਕੇ ਮੁੜ ਸੰਸਦ ਵਿਚ ਜ਼ਲੀਲ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਰਾਮਾ ਮੰਡੀ ਚੌਕ ਨੇੜੇ ਸੜਕ ਹਾਦਸੇ 'ਚ ASI ਦੀ ਦਰਦਨਾਕ ਮੌਤ

ਹਰਸਿਮਰਤ ਨੇ ਕਿਹਾ ਕਿ ਐੱਨ. ਡੀ. ਏ. ਸਰਕਾਰ ਨੇ ਸੰਸਦ ਵਿਚ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਤਾਨਾਸ਼ਾਹੀ ਤਰੀਕੇ ਨਾਲ ਕੰਮ ਕਰ ਰਹੀ ਹੈ ਤੇ ਉਸਨੂੰ ਤਿੰਨ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਦੇ ਮਨਾਂ ਵਿਚ ਤੌਖਲੇ ਦੂਰ ਕਰਨ ਲਈ ਕਿਸੇ ਅਧਿਐਨ ਦੀ ਕੋਈ ਪ੍ਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਤੋਮਰ ਨੇ ਸਪੱਸ਼ਟ ਕਿਹਾ ਹੈ ਕਿ ਅਜਿਹਾ ਕੋਈ ਸਰਵੇਖਣ ਨਹੀਂ ਕਰਵਾਇਆ ਜਾ ਰਿਹਾ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨਾਲ ਆਪਣੇ ਸਮਝੌਤੇ ਪੂਰੇ ਕਰਨ ਲਈ ਤਾਂ ਦ੍ਰਿੜ੍ਹ ਹੈ ਪਰ ਉਹ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਤੋਂ ਕੋਈ ਫੀਡਬੈਕ ਨਹੀਂ ਲਵੇਗੀ। ਇਹ ਗੱਲ ਲੋਕਤੰਤਰ ਦੇ ਮੂਲ ਸਿਧਾਂਤ ਦੇ ਉਲਟ ਹੈ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਮੰਗ ਕਰਦਾ ਹੈ ਕਿ ਸਰਕਾਰ ਆਪਣਾ ਇਹ ਬੇਰੁਖੀ ਵਾਲਾ ਰਵੱਈਆ ਤਿਆਗੇ ਅਤੇ ਕਿਸਾਨਾਂ ਦੇ ਇਤਰਾਜ਼ਾਂ ਦਾ ਖਿਆਲ ਕਰੇ।

Bharat Thapa

This news is Content Editor Bharat Thapa