ਖੇਤੀ ਆਰਡੀਨੈਂਸਾਂ ''ਤੇ ਸਿਆਸਤ ਕਰਨ ਦੀ ਬਜਾਏ ਅਕਾਲੀ ਪੰਜਾਬ ਦੇ ਕਿਸਾਨਾਂ ਨਾਲ ਖੜ੍ਹਨ''
Tuesday, Jun 30, 2020 - 12:39 AM (IST)
ਚੰਡੀਗੜ੍ਹ,(ਅਸ਼ਵਨੀ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਹਾਲ ਹੀ ਵਿਚ ਜਾਰੀ ਕਿਸਾਨ ਵਿਰੋਧੀ ਖੇਤੀਬਾੜੀ ਆਰਡੀਨੈਂਸ ਦੇ ਮਾਮਲੇ 'ਤੇ ਸੂਬਾ ਸਰਕਾਰ ਦੇ ਵਿਰੋਧ ਦਾ ਪੂਰਨ ਸਹਿਯੋਗ ਨਾ ਦੇ ਕੇ ਅਕਾਲੀਆਂ ਨੇ ਪੰਜਾਬ ਦੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਖਬੀਰ ਬਾਦਲ ਨੂੰ ਆਪਣੀ ਪਤਨੀ ਦੀ ਕੇਂਦਰੀ ਕੈਬਨਿਟ ਵਿਚ ਕੁਰਸੀ ਬਚਾਉਣ ਅਤੇ ਭਾਜਪਾ ਨਾਲ ਆਪਣੀ ਭਾਈਵਾਲੀ ਰਿਸ਼ਤਿਆਂ ਨੂੰ ਬਣਾਏ ਰੱਖਣ ਦੀ ਬਜਾਏ ਆਪਣੇ ਜ਼ਮੀਰ ਦੀ ਆਵਾਜ਼ ਸੁਣਨੀ ਚਾਹੀਦੀ ਹੈ। ਅੱਜ ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਸੰਘੀ ਢਾਂਚੇ ਦੀ ਸੱਚੀ ਭਾਵਨਾ ਤਹਿਤ ਸੂਬਿਆਂ ਦੀ ਖੁਦਮੁਖਤਿਆਰੀ ਅਤੇ ਵੱਧ ਅਧਿਕਾਰ ਦੇਣ ਦਾ ਹਾਮੀ ਰਿਹਾ ਹੈ।
ਉਨ੍ਹਾਂ ਕਿਹਾ ਕਿ ਹਾਲਾਂਕਿ ਸੂਬਾਈ ਭਾਜਪਾ ਦੀ ਤਾਂ ਇਹ ਮਜਬੂਰੀ ਬਣਦੀ ਹੈ ਕਿ ਉਹ ਕੇਂਦਰ ਵਿਚ ਆਪਣੀ ਪਾਰਟੀ ਵਲੋਂ ਲਏ ਫੈਸਲੇ ਦਾ ਵਿਰੋਧ ਨਾ ਕਰੇ ਪ੍ਰੰਤੂ ਅਕਾਲੀਆਂ ਨੂੰ ਤਾਂ ਚਾਹੀਦਾ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਬਚਾਉਣ ਲਈ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਰੱਦ ਕਰਦਿਆਂ ਇਸ ਦੇ ਵਿਰੋਧ ਵਿਚ ਉਤਰਨ। ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਰਡੀਨੈਂਸ ਸ਼ਾਂਤਾ ਕੁਮਾਰ ਕਮੇਟੀ ਦਾ ਹੀ ਨਤੀਜਾ ਹੈ ਜਿਸ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨੂੰ ਖਤਮ ਕਰਨ ਦੇ ਨਾਲ ਐੱਫ. ਐੱਸ. ਆਈ. ਨੂੰ ਭੰਗ ਕਰਨ ਦੀ ਸਿਫਾਰਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਵਾਰ ਜੇ ਇਹ ਆਰਡੀਨੈਂਸ ਪਾਰਲੀਮੈਂਟ ਨੇ ਪਾਸ ਕਰ ਦਿੱਤੇ ਤਾਂ ਭਵਿੱਖ ਵਿਚ ਐੱਮ. ਐੱਸ. ਪੀ. ਦੇ ਜਾਰੀ ਰਹਿਣ ਦੀ ਕੋਈ ਗਾਰੰਟੀ ਨਹੀਂੀਂ ਜਿਵੇਂ ਕਿ ਸੁਖਬੀਰ ਬਾਦਲ ਦਾਅਵਾ ਕਰ ਰਹੇ ਹਨ।