ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਿਸਾਨਾਂ ਨੇ ਚੀਮਾ ਮੰਡੀ ''ਚ ਦਿੱਤਾ ਕੇਂਦਰ ਸਰਕਾਰ ਤੇ ਹੱਲਾ ਬੋਲ ਧਰਨਾ

09/25/2020 1:45:14 PM

ਚੀਮਾ ਮੰਡੀ (ਗੋਇਲ): ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਿਸਾਨਾਂ ਦੇ ਹੱਕ 'ਚ ਉਤਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਦੇ ਸ਼ੁਰੂ ਕੀਤੇ ਸੰਘਰਸ਼ ਦੌਰਾਨ ਅੱਜ ਜਥੇਬੰਦੀ ਵਲੋਂ ਦਿੱਤੇ ਮੁਕੰਮਲ ਬੰਦ ਦੇ ਸੱਦੇ ਤੇ ਬਲਾਕ ਸੁਨਾਮ ਤੇ ਸੰਗਰੂਰ ਵਲੋਂ ਚੀਮਾ ਮੰਡੀ ਵਿਖੇ ਸੁਨਾਮ ਮਾਨਸਾ ਮੇਨ ਰੋਡ ਜਾਮ ਕਰਕੇ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜਦੋਂ ਸਾਡੀ ਸਰਕਾਰ ਸੱਤਾ 'ਚ ਆਈ ਤਾਂ ਅਸੀਂ ਕਿਸਾਨਾਂ ਦੇ ਹਿੱਤਾਂ ਲਈ ਸਵਾਮੀਨਾਥਨ ਰਿਪੋਰਟ ਲਾਗੂ ਕਰਾਂਗੇ ਪਰ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ ਦੀ ਬਜਾਏ ਉਲਟਾ ਮੋਦੀ ਸਰਕਾਰ ਕਿਸਾਨਾਂ ਨੂੰ ਤਬਾਹ ਕਰਨ ਲਈ ਖੇਤੀ ਆਰਡੀਨੈਂਸ ਲੈ ਕੇ ਆ ਗਈ ਹੈ।

ਇਹ ਵੀ ਪੜ੍ਹੋ:  ਖ਼ੂਨ ਬਣਿਆ ਪਾਣੀ, ਪਿਓ ਨੇ ਜਵਾਈ ਨਾਲ ਰਲ ਕੇ ਧੀ ਨੂੰ ਦਿੱਤੀ ਖ਼ੌਫ਼ਨਾਕ ਮੌਤ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਇਹ ਤਿੰਨ ਖੇਤੀ ਆਰਡੀਨੈਂਸ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰ ਦੇਣਗੇ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਦੇਸ਼ ਦੀ 80 ਫੀਸਦੀ ਜਨਤਾ ਤਬਾਹ ਹੋ ਜਾਵੇਗੀ। ਪੂਰੇ ਦੇਸ਼ 'ਚ ਮਾੜੀ ਆਰਥਿਕਤਾ ਫੈਲ ਜਾਵੇਗੀ। ਹਜ਼ਾਰਾਂ ਦੀ ਗਿਣਤੀ 'ਚ ਇਕੱਠੇ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਇਹ ਖੇਤੀ ਆਰਡੀਨੈਂਸ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤੇ ਜਾਣਗੇ। ਇਸ ਮੌਕੇ ਆਗੂਆਂ ਨੇ ਪੰਜਾਬ ਦੀ ਮੌਜੂਦਾ ਸਰਕਾਰ ਦੇ ਲਾਰਿਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਵੀ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ 'ਚ ਸਾਡੀ ਸਰਕਾਰ ਸੱਤਾ 'ਚ ਆਈ ਤਾਂ ਅਸੀਂ ਸਮੁੱਚੇ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਾਂਗੇ ਪਰ ਅੱਜ ਤੱਕ ਕੈਪਟਨ ਸਰਕਾਰ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਵਾਅਦਿਆਂ ਨੂੰ ਵੀ ਲਾਗੂ ਕਰਵਾਉਣਾ ਇਨ੍ਹਾਂ ਸੰਘਰਸ਼ਾਂ ਦਾ ਮੁੱਖ ਮੰਤਵ ਹੈ।

ਇਹ ਵੀ ਪੜ੍ਹੋ: 16 ਸਾਲਾ ਨੌਜਵਾਨ ਦਾ ਘਿਨੌਣਾ ਕਾਰਨਾਮਾ,ਕੁੜੀ ਦਾ ਕਤਲ ਕਰ ਦਰਖੱਤ ਨਾਲ ਲਟਕਾਈ ਲਾਸ਼

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ 'ਚ ਕੀਤੇ ਗਏ ਧਰਨੇ ਨੂੰ ਮੁੱਖ ਰੱਖਦੇ ਹੋਏ ਕਸਬਾ ਚੀਮਾ ਮੰਡੀ ਦਾ ਕਾਰੋਬਾਰ ਪੂਰੀ ਤਰ੍ਹਾਂ ਬੰਦ ਰਿਹਾ। ਇਸ ਧਰਨੇ ਦੌਰਾਨ ਵੱਖ-ਵੱਖ ਪਿੰਡਾਂ ਤੋਂ ਬੀਬੀਆਂ ਨੇ ਵੀ ਭਾਰੀ ਗਿਣਤੀ 'ਚ ਸ਼ਮੂਲੀਅਤ ਕੀਤੀ ਤੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕਰਦੇ ਹੋਏ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।ਇਸ ਧਰਨੇ ਨੂੰ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਕਾਰਜਕਾਰੀ ਪ੍ਰਧਾਨ ਜਸਵਿੰਦਰ ਸਿੰਘ ਸੋਮਾ, ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਸਰੂਪ ਚੰਦ ਕਿਲਾ ਭਰੀਆਂ, ਰਣਜੀਤ ਸਿੰਘ ਲੌਂਗੋਵਾਲ, ਬੂਟਾ ਸਿੰਘ, ਹਰਪਾਲ ਸਿੰਘ ਹੈਪੀ ਸ਼ੇਰੋਂ, ਗੁਰਮੇਲ ਸਿੰਘ ਸ਼ਾਹਪੁਰ ਕਲਾਂ, ਗੁਰਮੇਲ ਸਿੰਘ ਪ੍ਰਧਾਨ ਚੀਮਾ, ਸੁੱਖਾ ਸਿੰਘ, ਦਰਸ਼ਨ ਸਿੰਘ ਤੋਲਾਵਾਲ, ਹਰਬੰਸ ਸਿੰਘ ਝਾੜੋ, ਹੈਪੀ ਨਮੋਲ, ਜਿੰਦਰ ਔਲਖ ਆਦਿ ਨੇ ਸੰਬੋਧਨ ਕੀਤਾ ਇਸ ਮੌਕੇ ਭਾਰੀ ਗਿਣਤੀ ਵਿੱਚ ਕਿਸਾਨਾਂ ਤੋਂ ਇਲਾਵਾ ਦੁਕਾਨਦਾਰ ਵੀ ਹਾਜ਼ਰ ਸਨ। ਇਸ ਮੌਕੇ ਨਿਰਮਲ ਸਿੰਘ ਤਲੋਕੇ ਕਾ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਘਾਹ ਕੱਟਣ ਵਾਲੀ ਮਸ਼ੀਨ 'ਚ ਕਰੰਟ ਆਉਣ ਕਾਰਨ ਵਾਪਰਿਆ ਹਾਦਸਾ

Shyna

This news is Content Editor Shyna