ਪੰਜਾਬ ਵਿਧਾਨ ਸਭਾ ਨੇ ਰੱਦ ਕੀਤੇ ਕੇਂਦਰ ਵੱਲੋਂ ਜਾਰੀ ''ਖੇਤੀ ਆਰਡੀਨੈਂਸ''
Saturday, Aug 29, 2020 - 01:11 PM (IST)
ਚੰਡੀਗੜ੍ਹ (ਅਸ਼ਵਨੀ) : ਪੰਜਾਬ ਵਿਧਾਨ ਸਭਾ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਇਕ ਮਤਾ ਪਾਸ ਕਰਦਿਆਂ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਆਰਡੀਨੈਂਸ ਅਤੇ ਸੰਭਾਵਿਤ ਬਿਜਲੀ ਬਿੱਲ ਰੱਦ ਕਰ ਦਿੱਤੇ। ਇਹ ਮਤਾ ਵਿਧਾਨ ਸਭਾ ਵੱਲੋਂ ਬਹੁਮਤ ਨਾਲ ਪਾਸ ਕੀਤਾ ਗਿਆ। ਹਾਲਾਂਕਿ ਭਾਰਤੀ ਜਨਤਾ ਪਾਰਟੀ ਦੇ ਦੋਵਾਂ ਵਿਧਾਇਕਾਂ ਨੇ ਇਸ ਦਾ ਵਿਰੋਧ ਕੀਤਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਗੈਰ ਹਾਜ਼ਰ ਰਹੇ।
ਇਸ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਮਤੇ ਨੂੰ ਲਿਆਉਣ ਵਾਲੀ ਪਾਰਟੀ ਅਜਿਹੇ ਜ਼ਰੂਰੀ ਮੌਕੇ ਜਾਣ-ਬੁੱਝ ਕੇ ਵਿਧਾਨ ਸਭਾ 'ਚੋਂ ਗੈਰ-ਹਾਜ਼ਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਜਿਨ੍ਹਾਂ ਨੇ ਇਹ ਦਾਅਵਾ ਕੀਤਾ ਸੀ ਕਿ ਇਹ ਆਰਡੀਨੈਂਸ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਣਗੇ, ਵੱਲੋਂ ਦਿੱਤੇ ਗਏ ਭਰੋਸੇ ’ਤੇ ਕੌਣ ਯਕੀਨ ਕਰੇਗਾ।
ਮੁੱਖ ਮੰਤਰੀ ਨੇ ਇਹ ਮਤਾ ਕੀਤਾ ਪੇਸ਼
ਮਤਾ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਤਿੰਨੋਂ ਆਰਡੀਨੈਂਸਾਂ ਕਾਰਨ ਹੋਈਆਂ ਚਿੰਤਾਵਾਂ ਅਤੇ ਪਰੇਸ਼ਾਨੀਆਂ ਪ੍ਰਤੀ ਗੰਭੀਰਤਾ ਨਾਲ ਚਿੰਤਤ ਹੈ। ਕਿਸਾਨ ਉਪਜ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਆਰਡੀਨੈਂਸ, 2020, ਕਿਸਾਨ (ਸਸ਼ਕਤੀਕਰਨ ਅਤੇ ਸੁਰੱਖਿਆ) ਸਮਝੌਤੇ ’ਤੇ ਮੁੱਲ ਦਾ ਬੀਮਾ ਅਤੇ ਫਾਰਮ ਸੇਵਾਵਾਂ ਆਰਡੀਨੈਂਸ, 2020, ਅਤੇ ਜ਼ਰੂਰੀ ਚੀਜ਼ਾਂ (ਸੋਧ) ਆਰਡੀਨੈਂਸ, 2020, ਜੋ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ 2020, ਜੋ ਕਿ ਨਾ ਸਿਰਫ ਪੰਜਾਬ ਦੇ ਲੋਕਾਂ, ਖਾਸਕਰ ਕਿਸਾਨਾਂ ਤੇ ਬੇਜ਼ਮੀਨੇ ਮਜ਼ਦੂਰਾਂ ਦੇ ਹਿੱਤਾਂ ਦੇ ਵਿਰੁੱਧ ਹਨ ਅਤੇ ਰਾਜ 'ਚ ਸਥਾਪਿਤ ਕੀਤੀ ਗਈ ਅਤੇ ਸਮੇਂ ਨਾਲ ਉਪਯੋਗੀ ਸਾਬਤ ਹੋਈ, ਖੇਤੀਬਾੜੀ ਮਾਰਕੀਟਿੰਗ ਪ੍ਰਣਾਲੀ ਅਤੇ ਭਾਰਤ ਦੇ ਸੰਵਿਧਾਨ ਦੇ ਵੀ ਵਿਰੁੱਧ ਹਨ।
ਸੰਵਿਧਾਨ ਦੀ ਦੂਜੀ ਸੂਚੀ 'ਚ ਦਰਜ 14 ਨੰਬਰ ਦੀ ਐਂਟਰੀ 'ਚ ਖੇਤੀਬਾੜੀ ਨੂੰ ਰਾਜਾਂ ਦਾ ਵਿਸ਼ਾ ਬਣਾਇਆ ਗਿਆ ਹੈ, ਇਸ ਲਈ ਇਹ ਆਰਡੀਨੈਂਸ ਰਾਜਾਂ ਦੇ ਕਾਰਜਾਂ ਅਤੇ ਸੰਵਿਧਾਨ 'ਚ ਦਰਜ ਸਹਿਕਾਰੀ ਸੰਘਵਾਦ ਦੀ ਭਾਵਨਾ ਦੇ ਵਿਰੁੱਧ ਹਨ ਅਤੇ ਦੁਖੀ ਵਿਕਰੀ ਨੂੰ ਉਤਸ਼ਾਹਤ ਕਰਨਗੇ। ਇਸ ਲਈ ਇਹ ਸਦਨ ਸਰਕਾਰ ਨੂੰ ਅਪੀਲ ਕਰਦਾ ਹੈ ਕਿ ਇਨ੍ਹਾਂ ਆਰਡੀਨੈਂਸਾਂ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ 2020 ਨੂੰ ਤੁਰੰਤ ਵਾਪਸ ਲਿਆ ਜਾਵੇ। ਇਸ ਦੀ ਬਜਾਏ, ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ’ਤੇ ਅਨਾਜ ਅਤੇ ਹੋਰ ਖੇਤੀਬਾੜੀ ਉਪਜਾਂ ਦੀ ਖਰੀਦ ਲਈ ਇਕ ਨਵਾਂ ਆਰਡੀਨੈਂਸ ਜਾਰੀ ਕੀਤਾ ਜਾਵੇ, ਜੋ ਕਿ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਹੈ ਅਤੇ ਭਾਰਤੀ ਖੁਰਾਕ ਨਿਗਮ (ਐੱਫ.ਸੀ.ਆਈ.) ਵਲੋਂ ਸਰਕਾਰੀ ਖਰੀਦ ਦੀ ਨਿਰੰਤਰਤਾ ਹੈ।