ਕੇਂਦਰ ਵਲੋਂ ਐਲਾਨੇ ਖੇਤੀਬਾੜੀ ਪੈਕੇਜ ''ਚ ਜੁਮਲਿਆਂ ਤੋਂ ਸਿਵਾਏ ਕੁਝ ਨਹੀਂ : ਕੈਪਟਨ
Saturday, May 16, 2020 - 02:27 AM (IST)
ਚੰਡੀਗੜ੍ਹ, (ਅਸ਼ਵਨੀ)— ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਖੇਤੀਬਾੜੀ ਸੈਕਟਰ ਲਈ ਕੀਤੇ ਐਲਾਨਾਂ ਨੂੰ ਜੁਮਲਿਆਂ ਦੀ ਪੰਡ ਕਹਿ ਕੇ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਕਿਹਾ ਕਿ ਆਰਥਿਕ ਪੈਕੇਜ 'ਚ ਕਿਸਾਨਾਂ ਨੂੰ ਕੋਈ ਤੁਰੰਤ ਰਾਹਤ ਨਹੀਂ ਦਿੱਤੀ ਗਈ, ਜੋ ਇਨ੍ਹਾਂ ਮੁਸ਼ਕਲ ਹਾਲਾਤਾਂ 'ਚ ਇਕ ਤੋਂ ਬਾਅਦ ਇਕ 2 ਵੱਡੀਆਂ ਫਸਲਾਂ ਨੂੰ ਸੰਭਾਲਣ ਦੀਆਂ ਚੁਣੌਤੀਆਂ ਨਾਲ ਲੜ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਬੁਰੀ ਤਰ੍ਹਾਂ ਪ੍ਰਭਾਵਿਤ ਸੂਬਿਆਂ 'ਚੋਂ ਇਕ ਹੋਣ ਕਰਕੇ ਪੰਜਾਬ ਨੂੰ ਖੇਤੀਬਾੜੀ ਪੱਖੋਂ ਕਣਕ ਦੀ ਵਾਢੀ/ਖਰੀਦ ਦੌਰਾਨ ਕਿਸਾਨਾਂ ਲਈ ਸਹਾਇਤਾ ਦੀ ਲੋੜ ਸੀ, ਜੋ ਕੇਂਦਰ ਪ੍ਰਦਾਨ ਕਰਨ 'ਚ ਅਸਫ਼ਲ ਰਿਹਾ। ਕੇਂਦਰ ਵਲੋਂ ਪੂਰੀ ਸਹਾਇਤਾ ਦੀ ਘਾਟ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਨੇ ਆਪਣੀ ਹਿੰਮਤ ਅਤੇ ਸੰਘਰਸ਼ ਨਾਲ ਅੱਗੇ ਵਧਦਿਆਂ ਦੇਸ਼ ਨੂੰ ਇਕ ਵਾਰ ਫਿਰ ਕਣਕ ਦੀ ਵਧੇਰੇ ਫ਼ਸਲ ਮੁਹੱਈਆ ਕਰਵਾਈ, ਜੋ ਕਿ ਸੰਕਟ ਦੀ ਇਸ ਘੜੀ 'ਚ ਬਹੁਤ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਿੱਤ ਮੰਤਰੀ ਨੂੰ ਕਿਸਾਨਾਂ ਅਤੇ ਸਹਿਯੋਗੀ ਖੇਤਰਾਂ 'ਚ ਕੰਮ ਕਰਨ ਵਾਲਿਆਂ ਦੀ ਜ਼ਿੰਦਗੀ 'ਤੇ ਸਕਾਰਾਤਮਕ ਪ੍ਰਭਾਵ ਪਾਉਣ ਵਾਲੀਆਂ ਲੰਬੇ ਸਮੇਂ ਦੀਆਂ ਯੋਜਨਾਵਾਂ ਲਿਆਉਣ, ਜਿਨ੍ਹਾਂ ਦੀ ਤੁਰੰਤ ਕੋਈ ਲੋੜ ਨਹੀਂ ਹੈ, ਦੀ ਬਜਾਏ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਉਤਸ਼ਾਹਿਤ ਕਰਨ ਲਈ ਬੋਨਸ ਦੇ ਨਾਲ-ਨਾਲ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧਾ ਕਰਨ ਦਾ ਐਲਾਨ ਕਰਨਾ ਚਾਹੀਦਾ ਸੀ। ਪ੍ਰਵਾਸੀ ਮਜ਼ਦੂਰਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਤੁਰੰਤ ਕੋਈ ਠੋਸ ਰਾਹਤ ਨਹੀਂ ਦਿੱਤੀ ਗਈ। ਦੋ ਮਹੀਨੇ ਦਾ ਮੁਫਤ ਰਾਸ਼ਨ, ਜੋ ਕਿ ਕਿਸੇ ਵੀ ਸਥਿਤੀ 'ਚ ਸੂਬਾ ਸਰਕਾਰਾਂ ਪਹਿਲਾਂ ਹੀ ਮੁਹੱਈਆ ਕਰਵਾ ਰਹੀਆਂ ਹਨ, ਨਾਲ ਪ੍ਰਵਾਸੀ ਲੋਕਾਂ ਦੇ ਵੱਡੇ ਪੱਧਰ 'ਤੇ ਉਦਯੋਗਿਕ ਕੇਂਦਰਾਂ ਅਤੇ ਸ਼ਹਿਰਾਂ 'ਚੋਂ ਪ੍ਰਵਾਸ ਨੂੰ ਰੋਕਿਆ ਨਹੀਂ ਜਾ ਸਕਦਾ।