ਪੰਜਾਬ ਦੇ ਸਰਕਾਰੀ ਦਫ਼ਤਰਾਂ 'ਚ ਵੀ ਹੋਵੇਗੀ AI ਦੀ ਵਰਤੋਂ, ਇਸ ਵਿਭਾਗ ਤੋਂ ਹੋਣ ਜਾ ਰਹੀ ਸ਼ੁਰੂਆਤ

06/29/2023 5:36:53 AM

ਚੰਡੀਗੜ੍ਹ: ਸੂਬੇ ਵਿਚ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਆਧਾਰਤ ਪ੍ਰਣਾਲੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪੀ.ਜੀ.ਆਰ.ਐਸ. ਪੋਰਟਲ ਉਤੇ ਪ੍ਰਾਪਤ ਸ਼ਿਕਾਇਤਾਂ ਦੀ ਬਾਰੀਕੀ ਨਾਲ ਨਿਗਰਾਨੀ ਤੋਂ ਇਲਾਵਾ ਇਨ੍ਹਾਂ ਦਾ ਤੇਜ਼ੀ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਏ.ਆਈ. ਮਨੁੱਖੀ ਦਖ਼ਲਅੰਦਾਜ਼ੀ ਨੂੰ ਘਟਾ ਕੇ ਸਮੇਂ ਦੀ ਬਚਤ ਕਰੇਗਾ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਵਿਚ ਵਧੇਰੇ ਤੇਜ਼ੀ ਤੇ ਪਾਰਦਰਸ਼ਤਾ ਲਿਆਵੇਗਾ।

ਇਹ ਖ਼ਬਰ ਵੀ ਪੜ੍ਹੋ - ਲਾਰੈਂਸ ਗੈਂਗ ਨੂੰ ਲੈ ਕੇ ਵੱਡਾ ਖ਼ੁਲਾਸਾ, ਇਸ ਤਰ੍ਹਾਂ ਆਪਰੇਟ ਕੀਤੀ ਜਾ ਰਹੀ ਸੈਂਕੜੇ ਸ਼ੂਟਰਾਂ ਵਾਲੀ ਗੈਂਗ

ਇੱਥੇ ਆਪਣੇ ਦਫ਼ਤਰ ਵਿਚ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਤੇਜਵੀਰ ਸਿੰਘ ਨੂੰ ਕਿਹਾ ਕਿ ਉਹ ਸੂਬਾ ਅਤੇ ਜ਼ਿਲ੍ਹਾ ਪੱਧਰ 'ਤੇ ਲੰਬਿਤ ਪਈਆਂ ਸ਼ਿਕਾਇਤਾਂ ਦੀ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਵੱਖ-ਵੱਖ ਅਧਿਕਾਰੀਆਂ ਤੇ ਮੁਲਾਜ਼ਮਾਂ ਕੋਲ ਲੰਬਿਤ ਪਈਆਂ ਸ਼ਿਕਾਇਤਾਂ ਦਾ ਵੀ ਜਾਇਜ਼ਾ ਲਿਆ ਅਤੇ ਸਭ ਤੋਂ ਵੱਧ ਬਕਾਇਆ ਸ਼ਿਕਾਇਤਾਂ ਵਾਲੇ ਵਿਭਾਗਾਂ ਦੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ।

PunjabKesari

ਸਾਰੀਆਂ ਬਕਾਇਆ ਸ਼ਿਕਾਇਤਾਂ ਨੂੰ ਨਿਪਟਾਉਣ ਲਈ ਸਮਾਂ-ਸੀਮਾ ਤੈਅ ਕਰਨ ਦੀ ਲੋੜ ਉਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਸਟਮ ਵਿਚ ਸੁਧਾਰ ਲਈ ਸੱਤਾ ਵਿਚ ਆਈ ਹੈ ਅਤੇ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ ਵਿਚ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਦੁਹਰਾਇਆ ਕਿ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪਿੰਡ ਮਾਜਰੀ ਦੇ ਏਕਜੋਤ ਦੀ ਕੈਨੇਡਾ ’ਚ ਮੌਤ, ਡਾਕਟਰੀ ਦੀ ਡਿਗਰੀਆਂ ਪ੍ਰਾਪਤ ਕਰਦਿਆਂ ਪਿਆ ਦਿਲ ਦਾ ਦੌਰਾ

ਤੇਜਵੀਰ ਸਿੰਘ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਸ਼ਿਕਾਇਤਾਂ ਦੀ ਨਿਗਰਾਨੀ ਅਤੇ ਅਨੁਮਾਨ ਲਗਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਪ੍ਰਣਾਲੀ ਸ਼ੁਰੂ ਕਰਨ ਲਈ ਇਕ ਟੀਮ ਕੰਮ ਕਰ ਰਹੀ ਹੈ। ਉਨ੍ਹਾਂ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਪੈਂਡਿੰਗ ਸ਼ਿਕਾਇਤਾਂ ਦੇ ਨਿਪਟਾਰੇ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੀ.ਪੀ.ਜੀ.ਆਰ.ਐਮ.ਐਸ. ਰਾਹੀਂ ਪੀ.ਜੀ.ਆਰ.ਐਸ. ਉਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਇਸ ਮੀਟਿੰਗ ਵਿਚ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News