..ਤੇ ਹੁਣ ਏਅਰ ਫੋਰਸ ਸਟੇਸ਼ਨ ਨੇੜੇ ਮੀਟ ਦੀਆਂ ਦੁਕਾਨਾਂ ਚਲਾਉਣ ''ਤੇ ਲੱਗੀ ਪੂਰਨ ਪਾਬੰਦੀ

12/08/2019 10:27:45 AM

ਮੋਹਾਲੀ (ਨਿਆਮੀਆਂ): ਜ਼ਿਲਾ ਮੈਜਿਸਟਰੇਟ ਗਿਰੀਸ਼ ਦਿਆਲਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ (ਜੋ ਕਿ ਇਸ ਜ਼ਿਲੇ ਦੀ ਹਦੂਦ ਅੰਦਰ ਆਉਂਦਾ ਹੈ) ਦੇ ਆਲੇ-ਦੁਆਲੇ ਮੀਟ ਦੀਆਂ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਸੁੱਟਣ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਏਅਰ ਫੋਰਸ ਸਟੇਸ਼ਨ ਅਥਾਰਟੀ ਚੰਡੀਗੜ੍ਹ ਨੇ ਜ਼ਿਲਾ ਮੈਜਿਸਟਰੇਟ ਦਫ਼ਤਰ ਦੇ ਧਿਆਨ ਵਿਚ ਲਿਆਂਦਾ ਹੈ ਕਿ ਏਅਰਫੋਰਸ ਸਟੇਸ਼ਨ ਦੇ ਆਲੇ-ਦੁਆਲੇ ਆਮ ਜਨਤਾ ਵੱਲੋਂ ਕਈ ਖਾਣ-ਪੀਣ ਦੀਆਂ ਦੁਕਾਨਾਂ ਖੋਲ੍ਹੀਆਂ ਹੋਈਆਂ ਹਨ, ਜਿਨ੍ਹਾਂ ਵੱਲੋਂ ਇਨ੍ਹਾਂ ਵਸਤਾਂ ਦੀ ਰਹਿੰਦ-ਖੂੰਹਦ ਖੁੱਲ੍ਹੇ ਵਿਚ ਹੀ ਸੁੱਟ ਦਿੱਤੀ ਜਾਂਦੀ ਹੈ, ਜਿਸ ਕਰ ਕੇ ਏਅਰ ਫੋਰਸ ਦੇ ਏਰੀਏ ਵਿਚ ਮਾਸਾਹਾਰੀ ਪੰਛੀ ਉਡਦੇ ਰਹਿੰਦੇ ਹਨ। ਇਨ੍ਹਾਂ ਦੇ ਉਡਣ ਕਾਰਣ ਕਿਸੇ ਵੀ ਹਵਾਈ ਜਹਾਜ਼ ਨਾਲ ਟਕਰਾਉਣ ਕਰ ਕੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਜ਼ਿਲੇ ਵਿਚ ਸਥਿਤ ਮੈਰਿਜ ਪੈਲੇਸਾਂ ਵਿਚ ਵਿਆਹ ਜਾਂ ਹੋਰ ਸਮਾਗਮਾਂ ਵਿਚ ਆਮ ਲੋਕਾਂ ਦੇ ਅਸਲਾ ਲੈ ਕੇ ਆਉਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਵੀ ਹੁਕਮ ਕੀਤੇ ਗਏ ਹਨ ਕਿ ਜੇਕਰ ਕੋਈ ਵਿਅਕਤੀ ਮੈਰਿਜ ਪੈਲੇਸ ਵਿਚ ਵਿਆਹ ਸਮੇਂ ਅਸਲਾ ਲੈ ਕੇ ਆਉਂਦਾ ਹੈ ਤਾਂ ਪੈਲੇਸ ਦੇ ਮਾਲਕ ਮੁਕਾਮੀ ਪੁਲਸ ਨੂੰ ਤੁਰੰਤ ਸੂਚਿਤ ਕਰੇਗਾ। ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਮੈਰਿਜ ਪੈਲੇਸਾਂ 'ਚ ਵਿਆਹ ਜਾਂ ਹੋਰ ਸਮਾਗਮਾਂ ਵਿਚ ਆਮ ਲੋਕ ਅਸਲਾ ਲੈ ਕੇ ਆਉਂਦੇ ਹਨ ਅਤੇ ਗੋਲੀਬਾਰੀ ਕਰ ਦਿੰਦੇ ਹਨ, ਜਿਸ ਨਾਲ ਜਾਨੀ ਨੁਕਸਾਨ ਹੋ ਸਕਦਾ ਹੈ। ਸ਼੍ਰੀ ਦਿਆਲ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਮੋਹਾਲੀ ਦੇ ਜੰਗਲੇ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਦੇ ਏਰੀਏ ਤੱਕ ਧਰਨੇ ਅਤੇ ਰੈਲੀਆਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਮੈਮੋਰੰਡਮ ਵਗੈਰਾ ਦੇਣ ਲਈ 5 ਵਿਅਕਤੀਆਂ ਤੋਂ ਘੱਟ ਗਿਣਤੀ ਵਿਚ ਵਿਅਕਤੀਆਂ ਦੇ ਇਸ ਜੰਗਲੇ ਦੇ ਮੇਨ ਗੇਟ ਵਿਚੋਂ ਲੰਘ ਕੇ ਇਸ ਦਫ਼ਤਰ ਵਿਚ ਆਉਣ 'ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇਹ ਸਾਰੇ ਹੁਕਮ 2 ਫਰਵਰੀ 2020 ਤਕ ਜ਼ਿਲਾ ਮੋਹਾਲੀ ਵਿਖੇ ਲਾਗੂ ਰਹਿਣਗੇ।

Shyna

This news is Content Editor Shyna