ਅਜਨਾਲਾ ਘਟਨਾ ਨੂੰ ਲੈ ਕੇ ਪ੍ਰੋ਼. ਸਰਚਾਂਦ ਸਿੰਘ ਖ਼ਿਆਲਾ ਨੇ ‘ਆਪ’ ਸਰਕਾਰ ’ਤੇ ਚੁੱਕੇ ਸਵਾਲ

Tuesday, Feb 28, 2023 - 09:44 PM (IST)

ਅਜਨਾਲਾ ਘਟਨਾ ਨੂੰ ਲੈ ਕੇ ਪ੍ਰੋ਼. ਸਰਚਾਂਦ ਸਿੰਘ ਖ਼ਿਆਲਾ ਨੇ ‘ਆਪ’ ਸਰਕਾਰ ’ਤੇ ਚੁੱਕੇ ਸਵਾਲ

ਅੰਮ੍ਰਿਤਸਰ (ਬਿਊਰੋ) : ਭਾਜਪਾ ਦੇ ਸਿੱਖ ਆਗੂ ਅਤੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫ਼ਰੰਟ ’ਤੇ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਅਜਨਾਲਾ ਹਿੰਸਕ ਘਟਨਾਚੱਕਰ ਨੇ ਜਿਥੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਇਕ ਵੱਡਾ ਪ੍ਰਸ਼ਨ ਚਿੰਨ੍ਹ ਖੜ੍ਹਾ ਕਰ ਦਿੱਤਾ ਹੈ, ਉੱਥੇ ਹੀ ਇਸ ਘਟਨਾਚੱਕਰ ਦੌਰਾਨ ਸਾਹਮਣੇ ਆਈ ਇਕ ਤਸਵੀਰ ਨੇ ਸਿੱਖ ਹਿਰਦਿਆਂ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ। ਜਿਸ ਵਿਚ ਪਾਲਕੀ ਸਾਹਿਬ ਵਾਲੀ ਗੱਡੀ ਨੂੰ ਨਿਸ਼ਾਨਾ ਬਣਾਇਆ ਗਿਆ ਸਾਫ਼ ਨਜ਼ਰ ਆ ਰਿਹਾ ਹੈ, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਬਿਰਾਜਮਾਨ ਹਨ।

ਇਹ ਖ਼ਬਰ ਵੀ ਪੜ੍ਹੋ : ਨਾਕਾ ਤੋੜ ਕੇ ਭੱਜੇ ਨਸ਼ਾ ਤਸਕਰ, ਥਾਣਾ ਇੰਚਾਰਜ ਨੂੰ ਲੱਗੇ ਸੀ ਕੁਚਲਣ, ਕਾਬੂ ਕਰਨ ’ਤੇ ਹੋਏ ਹੈਰਾਨੀਜਨਕ ਖ਼ੁਲਾਸੇ

PunjabKesari

ਇਹ ਸਿੱਧਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿਰਾਦਰ ਹੈ। ਸਿੱਖ ਹਿਰਦੇ ਪੰਜਾਬ ਸਰਕਾਰ ਤੋਂ ਜਵਾਬ ਮੰਗਦੇ ਹਨ ਕਿ ਉਹ ਦੱਸੇ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਲਈ ਪੰਜਾਬ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਕਿਉਂ ਨਹੀਂ ਹੈ, ਜਿਸ ਨੇ ਅਜਿਹੇ ਹਾਲਾਤ ਪੈਦਾ ਕਰਨ ’ਚ ਰੋਲ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਤਸਵੀਰ ਵਾਲੀ ਗੱਡੀ, ਜਿਸ ’ਤੇ ਖ਼ਾਲਸਾ ਵਹੀਰ ਲਿਖਿਆ ਸਾਫ਼ ਪੜ੍ਹਿਆ ਜਾ ਸਕਦਾ ਹੈ ਅਤੇ ਗੱਡੀ ਦੇ ਸ਼ੀਸ਼ੇ ਟੁੱਟੇ ਹੋਏ ਸਾਫ਼ ਨਜ਼ਰ ਆਉਂਦੇ ਹਨ। ਭਾਜਪਾ ਆਗੂ ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਸ੍ਰੀ ਗੁਰੂ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਲਈ ਹੀ ਪੰਜਾਬੀਆਂ ਦੇ ਮਨੋਂ ਲੱਥੀ ਅਤੇ ਹੁਣ ਸੱਤਾਧਾਰੀ ਧਿਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿਰਾਦਰ ਕਰਾਉਣ ’ਚ ਹਿੱਸੇਦਾਰ ਸਾਬਤ ਹੋ ਰਹੀ ਹੈ, ਜਿਸ ਲਈ ਉਸ ਨੂੰ ਵੀ ਮੁਆਫ਼ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਆਪਣੀਆਂ ਨਾਕਾਮੀਆਂ ’ਤੇ ਜਿਸ ਤਰੀਕੇ ਨਾਲ ਪਰਦੇ ਪਾ ਰਹੀ ਹੈ, ਸਿੱਖ ਕੌਮ ਪੂਰੀ ਤਰ੍ਹਾਂ ਜਾਗ੍ਰਿਤ ਹੋ ਚੁੱਕੀ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਬਜਟ ਇਜਲਾਸ ਨੂੰ ਗਵਰਨਰ ਵੱਲੋਂ ਮਨਜ਼ੂਰੀ, ਸਿਸੋਦੀਆ ਤੇ ਸਤੇਂਦਰ ਜੈਨ ਨੇ ਦਿੱਤਾ ਅਸਤੀਫ਼ਾ, ਪੜ੍ਹੋ Top 10

ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰੇਕ ਬਾਸ਼ਿੰਦਾ ਪੰਜਾਬ ’ਚ ਅਮਨ-ਸ਼ਾਂਤੀ ਚਾਹੁੰਦਾ ਹੈ। ਪੰਜਾਬ ਜਿਨ੍ਹਾਂ-ਜਿਨ੍ਹਾਂ ਖੇਤਰਾਂ ’ਚ ਪੱਛੜਿਆ ਹੈ, ਉਨ੍ਹਾਂ ’ਚ ਪੰਜਾਬ ਨੂੰ ਅੱਗੇ ਆਉਣਾ ਚਾਹੀਦਾ ਹੈ। ਪੰਜਾਬ ਸਰਕਾਰ ਕੋਲ ਪੰਜਾਬ ਨੂੰ ਦਰਪੇਸ਼ ਸਮੱਸਿਆਵਾਂ ’ਚੋਂ ਉਭਾਰਨ ਲਈ ਕੋਈ ਵੀ ਵਿਜ਼ਨ ਨਹੀਂ ਹੈ। ਪੰਜਾਬ ’ਚ ਅਸਮਾਜਿਕ ਤੱਤ ਸਿਰ ਚੁੱਕ ਰਹੇ ਹਨ। ਸਰਕਾਰ ਉਨ੍ਹਾਂ ਨਾਲ ਨਜਿੱਠਣ ਦੀ ਬਜਾਏ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਦਾ ਰੋਲ ਨਿਭਾ ਰਹੀ ਹੈ, ਜੋ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਦੇ ਹਿੱਤ ’ਚ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਮੌਜੂਦਾ ਹਾਲਾਤ ਲਈ ਪੰਜਾਬ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਅਜਨਾਲਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਹੈ। ਉਸ ਲਈ ਵੀ ਸੂਬਾ ਸਰਕਾਰ ਜ਼ਿੰਮੇਵਾਰ ਹੈ ਅਤੇ ਸਰਕਾਰ ਨੂੰ ਆਪਣੀਆਂ ਜ਼ਿੰਮੇਵਾਰੀਆਂ ਤੋਂ ਪੰਜਾਬ ਦੇ ਲੋਕ ਭੱਜਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਦਿੱਲੀ ’ਚ ਜਿਸ ਤਰ੍ਹਾਂ ਕੇਜਰੀਵਾਲ ਸਰਕਾਰ ਘਿਰ ਚੁੱਕੀ ਹੈ, ਵੀ ਸਾਬਤ ਕਰਦਾ ਹੈ ਕਿ ਕੇਜਰੀਵਾਲ ਸਰਕਾਰ ਚਲਾਉਣ ਦੇ ਸਮਰੱਥ ਨਹੀਂ ਹੈ। ਸਿਰਫ਼ ਤੇ ਸਿਰਫ਼ ਭਾਜਪਾ ਹੀ ਦੇਸ਼, ਪੰਜਾਬ ਤੇ ਭਾਰਤੀ ਸਮਾਜ ਨੂੰ ਅਗਵਾਈ ਦੇਣ ਦੇ ਯੋਗ ਹੈ। 

ਇਹ ਖ਼ਬਰ ਵੀ ਪੜ੍ਹੋ : CM ਮਾਨ ਦਾ ਧਮਾਕੇਦਾਰ ਟਵੀਟ, ਕੈਪਟਨ ਸਣੇ ਕਈ ਭਾਜਪਾ ਆਗੂਆਂ ’ਤੇ ਲਾਏ ਵੱਡੇ ਇਲਜ਼ਾਮ


author

Manoj

Content Editor

Related News