ਅਕਾਲਪੁਰਖ ਅਕਾਲੀ ਦਲ ਨੂੰ ਬੇਅਦਬੀ ਤੇ ਕੋਟਕਪੂਰਾ ਗੋਲੀ ਕਾਂਡ ਲਈ ਕਦੇ ਮੁਆਫ ਨਹੀਂ ਕਰੇਗਾ : ਟਿੱਕਾ

Monday, Apr 26, 2021 - 02:36 AM (IST)

ਲੁਧਿਆਣਾ,(ਰਿੰਕੂ)- ਪੰਜਾਬ ਦਰਮਿਆਨੇ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਅੱਜ ਜਾਰੀ ਪ੍ਰੈੱਸ ਬਿਆਨ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਅਤੇ ਕੋਟਕਪੂਰਾ ਗੋਲਾਕਾਂਡ ਬਾਰੇ ਹਾਈ ਕੋਰਟ ਦੇ ਫੈਸਲੇ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਬੇਅਦਬੀ ਦੇ ਦੋਸ਼ੀ ਜਸ਼ਨ ਨਾ ਮਨਾਉਣ ਕਿਉਂਕਿ ਦੁਨਿਆਵੀ ਅਦਾਲਤਾਂ ਤੋਂ ਉੱਪਰ ਅਕਾਲਪੁਰਖ ਦੀ ਅਦਾਲਤ ਦਾ ਫੈਸਲਾ ਆਉਣਾ ਹਾਲੇ ਬਾਕੀ ਹੈ।
ਸ. ਟਿੱਕਾ ਨੇ ਅਕਾਲੀ ਦਲ ਬਾਦਲ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਿੱਖੀ ਦਾ ਘਾਣ ਸੱਭ ਤੋਂ ਵੱਧ ਅਕਾਲੀ ਦਲ ਬਾਦਲ ਦੀ ਪੰਥਕ ਸਰਕਾਰ ਮੌਕੇ ਹੋਇਆ ਹੈ। ਗੁਰੂ ਸਾਹਿਬ ਦੀ ਬੇਅਦਬੀ ਪ੍ਰਤੀ ਰੋਸ ਪ੍ਰਗਟ ਕਰ ਰਹੇ ਨਿਹੱਥੇ ਸਿੱਖਾਂ ’ਤੇ ਗੋਲੀ ਚਲਾਉਣ ਦਾ ਹੁਕਮ ਵੀ ਪੰਥਕ ਸਰਕਾਰ ਨੇ ਜਾਰੀ ਕੀਤਾ ਸੀ, ਜਿਸ ਵਿਚ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੇ 2 ਸਿੱਖ ਨੌਜਵਾਨ ਗੋਲੀ ਲੱਗਣ ਨਾਲ ਸ਼ਹੀਦ ਹੋਏ ਸਨ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲਪੁਰਖ ਦੀ ਅਦਾਲਤ ’ਚ ਇਨ੍ਹਾਂ ਦੋਸ਼ੀਆਂ ਨੂੰ ਜ਼ਰੂਰ ਸਜ਼ਾ ਮਿਲੇਗੀ।

ਚੇਅਰਮੈਨ ਟਿੱਕਾ ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕੋਵਿਡ ਵੈਕਸੀਨ ਅਤੇ ਆਕਸੀਜਨ ਦੀ ਸਪਲਾਈ ਦੇ ਮੁੱਦੇ ’ਤੇ ਪੰਜਾਬ ਸਰਕਾਰ ਨਾਲ ਵਿਤਕਰਾ ਕਰ ਰਹੀ ਹੈ। ਸ. ਟਿੱਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਕੇਂਦਰ ਪੰਜਾਬ ਸਰਕਾਰ ਨੂੰ ਪੂਰਾ ਸਹਿਯੋਗ ਦੇਵੇ ਤਾਂ ਜੋ ਪੰਜਾਬ ਦੇ ਲੋਕਾਂ ਦੀ ਜਾਨ ਨੂੰ ਬਚਾਇਆ ਜਾ ਸਕੇ।


Bharat Thapa

Content Editor

Related News