ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ ਨੋਟੀਫ਼ਿਕੇਸ਼ਨ ਜਾਰੀ ਕਰਨ ਨੂੰ ਕਿਹਾ

Thursday, Oct 01, 2026 - 05:55 PM (IST)

ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ ਨੋਟੀਫ਼ਿਕੇਸ਼ਨ ਜਾਰੀ ਕਰਨ ਨੂੰ ਕਿਹਾ

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਬਣਾਏ ਗਏ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਦੇ ਚੱਲ ਰਹੇ ਮਾਮਲੇ ਸਬੰਧੀ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫ਼ੋਂ ਮਿਤੀ 31 ਜੁਲਾਈ 2026 ਨੂੰ ਉਠਾਏ ਗਏ ਇਤਰਾਜ਼ਾਂ ਤੇ ਸੁਝਾਵਾਂ ਦੇ ਮੱਦੇਨਜ਼ਰ ਕਾਨੂੰਨ ਵਿਚ ਵਧੇਰੀ ਸੋਧ ਦਾ ਸਮਾਂ ਦਿੱਤਾ ਸੀ, ਉਸ ਦਾ ਸਮਾਂ ਮਿਤੀ 30 ਸਤੰਬਰ 2026 ਨੂੰ ਪੂਰਾ ਹੋਣ ਜਾ ਰਿਹਾ ਹੈ। ਇਸ ਦੇ ਚੱਲਦੇ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਵੱਲੋਂ ਅਧਿਕਾਰਤ ਰੂਪ ਵਿਚ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਹ ਜਾਣਕਾਰੀ ਭੇਜੀ ਗਈ ਹੈ ਕਿ ਸੂਬਾ ਸਰਕਾਰ ਨੇ ਇਸ ਮਾਮਲੇ ਵਿਚ ਕਾਰਵਾਈ ਅੱਗੇ ਵਧਾਉਣ ਲਈ ਮਿਤੀ 16 ਸਤੰਬਰ 2026 ਨੂੰ ਇਕ ਸੱਤ-ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਭੇਜੀ ਗਈ ਜਾਣਕਾਰੀ ਵਿਚ ਕਿਹਾ ਗਿਆ ਹੈ ਕਿ “ਸਰਕਾਰ ਦੀ ਕਮੇਟੀ” ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਾਪਤ ਹੋਏ ਸੁਝਾਵਾਂ ਅਤੇ ਮਾਰਗਦਰਸ਼ਨ ਨੂੰ ਪੂਰੇ ਸਤਿਕਾਰ ਸਹਿਤ ਵਿਚਾਰ ਅਧੀਨ ਲਿਆਂਦਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਗਠਿਤ ਕਮੇਟੀ ਵੱਲੋਂ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਵੀ ਲੋੜੀਂਦਾ ਵਿਚਾਰ-ਵਟਾਂਦਰਾ ਅਤੇ ਤਾਲਮੇਲ ਕੀਤਾ ਜਾਵੇਗਾ ਅਤੇ ਸਾਰੇ ਸੁਝਾਵਾਂ ਤੇ ਵਿਚਾਰਾਂ ਨੂੰ ਧਿਆਨ ਵਿਚ ਰੱਖਦੇ ਹੋਏ ਮਾਮਲੇ ਨੂੰ ਸੁਚੱਜੇ ਢੰਗ ਨਾਲ ਅੰਤਿਮ ਰੂਪ ਦਿੱਤਾ ਜਾਵੇਗਾ।

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਧਿਆਨ ਵਿਚ ਲਿਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਨੇ ਇਸ ਗੱਲ ਉੱਤੇ ਖੇਦ ਪ੍ਰਗਟਾਇਆ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੰਜੀਦਾ ਨਹੀਂ ਤੇ ਸਰਕਾਰ ਦੀ ਪਹੁੰਚ ਗ਼ੈਰ-ਜ਼ਿੰਮੇਵਾਰੀ ਵਾਲੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਾਨੂੰਨ ਵਿਚ ਸਿੱਖ ਭਾਵਨਾਵਾਂ ਅਨੁਸਾਰ ਵਧੇਰੀ ਸੋਧ ਕਰਨ ਲਈ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ, ਜਿਸ ਤੋਂ ਭਾਵ ਹੈ ਕਿ ਸਰਕਾਰ ਨੇ ਦੋ ਮਹੀਨਿਆਂ ਦੇ ਵਿਚ-ਵਿਚ ਇਹ ਮਾਮਲਾ ਹੱਲ ਕਰਨਾ ਸੀ ਪਰੰਤੂ ਸਰਕਾਰ ਨੇ ਸਮਾਂ ਪੂਰਾ ਹੋਣ ਦੇ ਆਖ਼ਰੀ ਦਿਨ 30 ਸਤੰਬਰ 2026 ਨੂੰ ਕਮੇਟੀ ਸਬੰਧੀ ਸਿਰਫ ਜਾਣਕਾਰੀ ਹੀ ਭੇਜੀ ਹੈ ਜਦਕਿ ਕਾਰਜ ਕੁਝ ਵੀ ਨਹੀਂ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਪਹਿਲਾਂ ਵੀ 29 ਜੂਨ 2026 ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਜੋ ਇਕ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ, ਉਸ ਸਬੰਧੀ ਵੀ ਸਰਕਾਰ ਨੇ ਆਖ਼ਰੀ ਦਿਨ 29 ਜੁਲਾਈ 2026 ਨੂੰ ਆਪਣਾ ਜਵਾਬ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਰਾਹੀਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਸੀ, ਜੋ ਕਿ ਸਿੰਘ ਸਾਹਿਬ ਜੀ ਵੱਲੋਂ ਰੱਦ ਕਰ ਦਿੱਤਾ ਗਿਆ ਸੀ ਅਤੇ ਮਿਤੀ 30 ਜੁਲਾਈ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫੋਂ ਸਰਕਾਰ ਨਾਲ ਅਗਲੇਰੀ ਗੱਲਬਾਤ ਤੇ ਕਾਰਵਾਈ ਲਈ ਕਾਨੂੰਨੀ ਮਾਹਰਾਂ ਤੇ ਵਿਦਵਾਨਾਂ ਅਧਾਰਿਤ ਇਕ ਪੰਜ-ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ। ਉਨ੍ਹਾਂ ਕਿਹਾ ਕਿ ਭਾਵੇਂ ਕਿ ਸਰਕਾਰ ਨੇ 16 ਸਤੰਬਰ ਦੀ ਕਮੇਟੀ ਬਣਾਈ ਹੈ ਪਰ ਇਸ ਦੇ ਅਧਿਕਾਰਤ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਾਂ ਪੂਰਾ ਹੋਣ ਦੇ ਆਖ਼ਰੀ ਦਿਨ ਭੇਜੀ ਗਈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਮਾਮਲਾ ਹੱਲ ਕਰਨ ਦੀ ਬਜਾਏ ਇਸ ਨੂੰ ਲਟਕਾ ਰਹੀ ਹੈ। ਬਗੀਚਾ ਸਿੰਘ ਨੇ ਕਿਹਾ ਕਿ ਜਦੋਂ ਤੱਕ ਇਸ ਮਾਮਲੇ ਵਿਚ ਆਪਸੀ ਸਹਿਮਤੀ ਨਹੀਂ ਬਣ ਜਾਂਦੀ ਉਦੋਂ ਤੱਕ ਕਾਨੂੰਨ ਨੂੰ ਮੁਅੱਤਲ ਕਰਨ ਲਈ ਸਰਕਾਰ ਨੂੰ ਨੋਟੀਫ਼ਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ, ਜਿਸ ਬਾਰੇ ਸਿੰਘ ਸਾਹਿਬ ਵੀ ਪਹਿਲਾਂ ਸਰਕਾਰ ਨੂੰ ਕਹਿ ਚੁੱਕੇ ਹਨ।


author

Gurminder Singh

Content Editor

Related News