ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤਲਬ
Saturday, Jul 26, 2025 - 06:58 PM (IST)

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਸ਼੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ ਦਾ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਪੁੱਜੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਨੂੰ ਤਲਬ ਕੀਤਾ ਹੈ। ਹਰਜੋਤ ਬੈਂਸ ਅਤੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਮਿਤੀ 1 ਅਗਸਤ 2025 ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਤਲਬ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਜਾਰੀ ਹੋਏ ਹੁਕਮ, ਇਨ੍ਹਾਂ ਲੋਕਾਂ ਨੂੰ ਤੁਰੰਤ ਪਿੰਡ ਛੱਡਣ ਲਈ ਕਿਹਾ ਗਿਆ
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਆਪਣਾ ਪੱਖ ਸਪੱਸ਼ਟ ਨਹੀਂ ਕੀਤਾ ਹੈ ਅਤੇ ਨਾ ਹੀ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੀ ਖਿਮਾ ਜਾਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨਕ ਅਹੁਦਿਆਂ ਉੱਤੇ ਕਾਰਜ ਕਰ ਰਹੀਆਂ ਸ਼ਖ਼ਸੀਅਤਾਂ ਦੀ ਸਮਾਜ ਪ੍ਰਤੀ ਅਹਿਮ ਜ਼ਿੰਮੇਵਾਰੀ ਹੁੰਦੀ ਹੈ ਅਤੇ ਪੰਜਾਬ ਸਰਕਾਰ ਦੇ ਅਹੁਦੇਦਾਰਾਂ ਵੱਲੋਂ ਸੰਜੀਦਾ ਮਸਲੇ ਉੱਤੇ ਹੁਣ ਤੱਕ ਚੁੱਪ ਰਹਿਣਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਗੁਰੂ ਸਾਹਿਬ ਨਾਲ ਸਬੰਧਤ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿਚ ਰੱਖੇ ਗਏ ਸਮਾਗਮ ਅੰਦਰ ਨਾਚ-ਗਾਣੇ ਅਤੇ ਮਨੋਰੰਜਨ ਨਾਲ ਸ਼ੁਰੂਆਤ ਕੀਤੀ ਗਈ ਹੋਵੇ, ਜੋ ਕਿ ਬਰਦਾਸ਼ਤਯੋਗ ਨਹੀਂ।
ਇਹ ਵੀ ਪੜ੍ਹੋ : ਲੁਧਿਆਣਾ ਦੇ ਇਸ ਇਲਾਕੇ 'ਚ ਚੱਲ ਰਿਹਾ ਸੀ ਗੰਦਾ ਧੰਦਾ, ਪੁਲਸ ਨੇ ਰੇਡ ਕੀਤੀ ਤਾਂ ਉਡ ਗਏ ਹੋਸ਼
ਜਥੇਦਾਰ ਗੜਗੱਜ ਨੇ ਕਿਹਾ ਕਿ ਮਿਤੀ 1 ਅਗਸਤ 2025 ਨੂੰ ਪੰਥਕ ਅਤੇ ਧਾਰਮਿਕ ਮਾਮਲੇ ਵਿਚਾਰਨ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕੀਤੀ ਜਾ ਰਹੀ ਹੈ ਅਤੇ ਇਸੇ ਦਿਨ ਹੀ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਡਾਇਰੈਕਟਰ ਜਸਵੰਤ ਸਿੰਘ ਆਪਣਾ ਪੱਖ ਰੱਖਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਗਾਇਕ ਬੀਰ ਸਿੰਘ ਖਿਲਾਫ਼ ਵੀ ਸ਼ਿਕਾਇਤਾਂ ਪੁੱਜੀਆਂ ਹਨ ਜੋ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਪੱਖ ਰੱਖ ਕੇ ਖਿਮਾ ਜਾਚਨਾ ਕਰ ਗਿਆ ਹੈ, ਜਿਸ ਉੱਤੇ ਵੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਵਿਚਾਰ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਪੇਸ਼ ਹੋਣ ਸਬੰਧੀ ਪੱਤਰ ਜਾਰੀ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ 27 ਜੁਲਾਈ ਨੂੰ ਲੈ ਕੇ ਹੋਇਆ ਵੱਡਾ ਐਲਾਨ, ਅਲਰਟ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e