ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਰਾਜਾ ਵੜਿੰਗ ਨੂੰ ਚੇਤਾਵਨੀ, ਮੁਆਫੀ ਨਾਂ ਮੰਗੀ ਤਾਂ ਹੋਵੇਗੀ ਕਾਰਵਾਈ

Thursday, Oct 24, 2024 - 06:45 PM (IST)

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਰਾਜਾ ਵੜਿੰਗ ਨੂੰ ਚੇਤਾਵਨੀ, ਮੁਆਫੀ ਨਾਂ ਮੰਗੀ ਤਾਂ ਹੋਵੇਗੀ ਕਾਰਵਾਈ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਸੰਪੰਨ ਹਸਤੀ ਅਤੇ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ ਗੁੰਮਰਾਹਕੁੰਨ ਬਿਆਨਬਾਜ਼ੀ ਦਾ ਗੰਭੀਰ ਨੋਟਿਸ ਲੈਂਦਿਆਂ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਸਾਜਿਆ ਸੱਚੀ ਪਾਤਸ਼ਾਹੀ ਦਾ ਤਖ਼ਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਗੁਰਮਤਿ ਸਿਧਾਂਤਾਂ ਦੀ ਤਰਜ਼ਮਾਨੀ ਕਰਨ ਵਾਲਾ ਸਿੱਖਾਂ ਦਾ ਸਰਬਉੱਚ ਅਸਥਾਨ ਹੈ ਅਤੇ ਸਿੱਖ ਸਿਧਾਂਤਾਂ ਦੀ ਅਵੱਗਿਆ ਕਰਨ ਵਾਲੇ ਕਿਸੇ ਵੱਡੇ ਤੋਂ ਵੱਡੇ ਤਾਕਤਵਰ ਦੇ ਨਾਲ ਵੀ ਇੱਥੋਂ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ। 

ਇਹ ਵੀ ਪੜ੍ਹੋ : ਸਿੰਘ ਸਾਹਿਬਾਨਾਂ ਦੇ ਆਦੇਸ਼ ਸਕ੍ਰਿਪਟਿਡ, ਫ਼ਰਮਾਨ ਜਾਰੀ ਕਰਨ ਵਾਲੇ ਸੁਖਬੀਰ ਦੇ ਲੋਕ : ਰਾਜਾ ਵੜਿੰਗ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਰਾਜਾ ਵੜਿੰਗ ਨੇ ਆਪਣੀ ਸਿਆਸੀ ਬੌਖਲਾਹਟ ਵਿਚ ਕੀਤੀ ਬਿਆਨਬਾਜ਼ੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਅਤੇ ਸਨਮਾਨ ਨੂੰ ਭਾਰੀ ਠੇਸ ਪਹੁੰਚਾਈ ਹੈ, ਜੋ ਹਰਗਿਜ਼ ਨਾ-ਕਾਬਲੇ-ਬਰਦਾਸ਼ਤ ਹੈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਖ਼ਿਲਾਫ਼ ਕੂੜ-ਪ੍ਰਚਾਰ ਕਰਨ ਤੋਂ ਪਹਿਲਾਂ ਆਪਣੇ ਗਿਰੀਵਾਨ ਵਿਚ ਝਾਤ ਮਾਰਨੀ ਚਾਹੀਦੀ ਹੈ ਕਿ ਉਹ ਉਸ ਕਾਂਗਰਸ ਪਾਰਟੀ ਦਾ ਪੰਜਾਬ ਪ੍ਰਧਾਨ ਹੈ, ਜਿਸ ਦੀ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਤੋਪਾਂ-ਟੈਂਕਾਂ ਦੇ ਨਾਲ ਢਾਹਿਆ ਸੀ ਅਤੇ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕੀਤਾ ਸੀ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਆਖਿਆ ਕਿ ਜੇਕਰ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮਾਨ ਵਿਰੁੱਧ ਕੀਤੀ ਬਿਆਨਬਾਜ਼ੀ ਲਈ ਤੁਰੰਤ ਗੁਰੂ ਪੰਥ ਕੋਲੋਂ ਮਾਫ਼ੀ ਨਾ ਮੰਗੀ ਤਾਂ ਉਸ ਦੇ ਖ਼ਿਲਾਫ਼ ਅਗਲੇ ਦਿਨਾਂ ਦੌਰਾਨ ਸਿੱਖ ਪਰੰਪਰਾਵਾਂ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਦੀਵਾਲੀ ਮੌਕੇ ਪੰਜਾਬੀਆਂ ਨੂੰ ਤੋਹਫ਼ਾ, ਮੁੱਖ ਮੰਤਰੀ ਨੇ ਖੁਦ ਲਾਈਵ ਹੋ ਕੇ ਸੁਣਾਈ ਖ਼ੁਸ਼ਖ਼ਬਰੀ

 


author

Gurminder Singh

Content Editor

Related News