ਤਸਵੀਰਾਂ ਖਿਚਵਾਉਣ ਤੇ ਝੂਟੇ ਲੈਣ ਤਰਨਤਾਰਨ ਗਏ ਸਨ ਕੈਪਟਨ : ਅਕਾਲੀ ਦਲ

Friday, Aug 07, 2020 - 05:53 PM (IST)

ਤਸਵੀਰਾਂ ਖਿਚਵਾਉਣ ਤੇ ਝੂਟੇ ਲੈਣ ਤਰਨਤਾਰਨ ਗਏ ਸਨ ਕੈਪਟਨ : ਅਕਾਲੀ ਦਲ

ਚੰਡੀਗੜ੍ਹ (ਜ. ਬ.) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਤਰਨਤਾਰਨ ਦੀ ਪੁਲਸ ਲਾਈਨ ਦੌਰੇ ਨੂੰ ਸਿਰਫ ਤਸਵੀਰਾਂ ਖਿਚਵਾਉਣ ਅਤੇ ਝੂਟੇ ਲੈਣ ਵਾਲਾ ਦੌਰਾ ਕਰਾਰ ਦਿੱਤਾ। ਅਕਾਲੀ ਦਲ ਨੇ ਨਿਖੇਧੀ ਕਰਦਿਆਂ ਕਿਹਾ ਕਿ ਉਹ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਵਿਚ ਅਸਫਲ ਰਹੇ ਅਤੇ ਉਨ੍ਹਾਂ ਕਾਂਗਰਸੀ ਵਿਧਾਇਕਾਂ ਨਾਲ ਸਟੇਜ ਸਾਂਝੀ ਕੀਤੀ ਜਿਨ੍ਹਾਂ ਨੂੰ ਪੀੜਤਾਂ ਨੇ ਤ੍ਰਾਸਦੀ ਦੇ ਮੁਲਜ਼ਮ ਕਰਾਰ ਦਿੱਤਾ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਬਿਕਰਮ ਸਿੰਘ ਮਜੀਠੀਆ ਨੇ ਰਾਜ ਭਵਨ ਵੱਲ ਰੋਸ ਮਾਰਚ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਮਿਲਣ ਦਾ ਸਿਰਫ ਡਰਾਮਾ ਕੀਤਾ ਹੈ ਜਦਕਿ ਸੱਚਾਈ ਇਹ ਹੈ ਕਿ ਉਹ 25 ਮਿੰਟ ਤੱਕ ਤਰਨਤਾਰਨ ਪੁਲਸ ਲਾਈਨ ਵਿਚ ਰਹੇ ਜੋ ਕਿ ਫੌਜੀ ਛਾਉਣੀ ਵਿਚ ਬਦਲ ਗਈ ਸੀ ਕਿਉਂਕਿ ਕਾਂਗਰਸ ਸਰਕਾਰ ਨੂੰ ਲੋਕਾਂ ਦੇ ਰੋਹ ਦਾ ਡਰ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦਰਬਾਰ ਵਿਚ ਇਸ ਤਰੀਕੇ ਸੱਦਿਆ ਗਿਆ ਸੀ, ਜਿਸ ਕਾਰਨ ਬਹੁ-ਗਿਣਤੀ ਲੋਕਾਂ ਨੇ ਤਾਂ ਆਉਣ ਤੋਂ ਇਨਕਾਰ ਹੀ ਕਰ ਦਿੱਤਾ ਭਾਵੇਂ ਐੱਸ. ਪੀ. ਤੇ ਡੀ. ਐੱਸ. ਪੀ. ਇਸ ਮਕਸਦ ਲਈ ਉਚੇਚੇ ਤੌਰ 'ਤੇ ਲਗਾਏ ਗਏ ਸਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅੰਮ੍ਰਿਤਸਰ ਅਤੇ ਬਟਾਲਾ ਜਾਣ ਤੋਂ ਵੀ ਨਾਂਹ ਕਰ ਦਿੱਤੀ ਜਦਕਿ ਇਹ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਵਾਲੀਆਂ ਦੋ ਹੋਰ ਥਾਵਾਂ ਸਨ ਅਤੇ ਇਸ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਉਹ ਅੱਖਾਂ ਵਿਚ ਘੱਟਾ ਪਾ ਰਹੇ ਸਨ ਤੇ ਗਰੀਬਾਂ ਤੇ ਦਲਿਤਾਂ ਦੀਆਂ ਜ਼ਿੰਦਗੀਆਂ ਦੀ ਉਨ੍ਹਾਂ ਨੂੰ ਕੋਈ ਪਰਵਾਹ ਨਹੀਂ ਹੈ।

ਇਹ ਵੀ ਪੜ੍ਹੋ : ਕੈਪਟਨ ਤੋਂ ਬਾਅਦ ਹੁਣ ਬਾਜਵਾ ਦੇ ਨਿਸ਼ਾਨੇ 'ਤੇ ਆਏ ਜਾਖੜ, ਕੀਤਾ ਵੱਡਾ ਚੈਲੇਂਜ

ਦੋਹਾਂ ਆਗੂਆਂ, ਜਿਨ੍ਹਾਂ ਦੇ ਨਾਲ ਅੰਮ੍ਰਿਤਸਰ ਦੇ ਮੁੱਛਲ ਪਿੰਡ ਤੋਂ ਪੀੜਤ ਪਰਿਵਾਰਾਂ ਦੇ ਰਿਸ਼ਤੇਦਾਰ ਵੀ ਸਨ, ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਿਨ੍ਹਾਂ ਵਿਧਾਇਕਾਂ ਖ਼ਿਲਾਫ਼ ਜ਼ਹਿਰੀਲੀ ਸ਼ਰਾਬ ਵੰਡਣ ਲਈ ਜ਼ਿੰਮੇਵਾਰ ਹੋਣ ਦੇ ਦੋਸ਼ ਲੱਗੇ ਸਨ, ਨੂੰ ਸਟੇਜ 'ਤੇ ਬਿਠਾਉਣਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਖੁਦ ਇਸ ਤਰੀਕੇ ਮੁਲਜ਼ਮਾਂ ਦਾ ਬਚਾਅ ਕਰ ਰਹੇ ਹਨ ਤਾਂ ਫਿਰ ਇਸ ਭਿਆਨਕ ਤ੍ਰਾਸਦੀ ਦੀ ਨਿਰਪੱਖ ਜਾਂਚ ਕਿਵੇਂ ਹੋ ਸਕਦੀ ਹੈ? ਉਨ੍ਹਾਂ ਕਿਹਾ ਕਿ ਬਜਾਏ ਜਗੀਰਦਾਰ ਵਾਂਗ ਵਿਵਹਾਰ ਕਰ ਕੇ ਪੀੜਤ ਪਰਿਵਾਰਾਂ ਨੂੰ ਜਲੀਲ ਕਰਨ ਦੇ ਮੁੱਖ ਮੰਤਰੀ ਨੂੰ ਹਰ ਪੀੜਤ ਪਰਿਵਾਰ ਲਈ 25 ਲੱਖ ਰੁਪਏ ਮੁਆਵਜ਼ਾ ਤੇ ਇਕ ਇਕ ਸਰਕਾਰੀ ਨੌਕਰੀ ਦਾ ਐਲਾਨ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਦੂਲੋ ਨੂੰ ਮਨਪ੍ਰੀਤ ਬਾਦਲ ਦੀ ਨਸੀਹਤ

ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪੰਜਾਬੀਆਂ ਨੂੰ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਮੁੱਖ ਮੰਤਰੀ ਹੀ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ ਇਸ ਲਈ ਉਨ੍ਹਾਂ ਨੇ ਨਜਾਇਜ਼ ਸ਼ਰਾਬ ਦੇ ਵਪਾਰ ਵਿਚ ਲੱਗੇ ਕਾਂਗਰਸੀਆਂ ਅਤੇ ਡਿਸਟੀਲਰੀ ਮਾਲਕਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿਚ ਇੰਨੇ ਭਿਆਨਕ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਵਾਪਰਨ ਦੇ ਬਾਵਜੂਦ ਮੁੱਖ ਮੰਤਰੀ ਗ੍ਰਹਿ ਅਤੇ ਆਬਕਾਰੀ ਮੰਤਰਾਲਿਆਂ ਦੇ ਇੰਚਾਰਜ ਮੰਤਰੀ ਵਜੋਂ ਲੋੜੀਂਦੀ ਕਾਰਵਾਈ ਕਰਨ ਤੋਂ ਨਾਂਹ ਕਰ ਰਹੇ ਹਨ।

ਇਹ ਵੀ ਪੜ੍ਹੋ : ਸਹੁਰਿਆਂ ਦੇ ਤਸ਼ੱਦਦ ਅੱਗੇ ਹਾਰੀ ਨਵ-ਵਿਆਹੀ ਕੁੜੀ, ਅਖੀਰ ਹੱਥੀਂ ਗੱਲ ਲਾ ਲਈ ਮੌਤ

ਭੂੰਦੜ ਨੇ ਕਿਹਾ ਕਿ ਮੁੱਖ ਮੰਤਰੀ ਤੋਂ ਇਨਸਾਫ਼ ਮਿਲਣ ਦੀ ਕੋਈ ਆਸ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਰਾਜ ਭਵਨ ਵਿਚ ਰਾਜਪਾਲ ਸ੍ਰੀ ਪੀ ਸਿੰਘ ਬਦਨੌਰ ਨੂੰ ਇਹ ਕਹਿਣ ਆਇਆ ਸੀ ਕਿ ਸੁਖਬੀਰ ਸਿੰਘ ਬਾਦਲ ਤੇ ਮਨੋਰੰਜਨ ਕਾਲੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਵਫ਼ਦ ਨੇ ਜੋ ਮੰਗ ਪੱਤਰ ਉਨ੍ਹਾਂ ਨੂੰ ਸੌਂਪਿਆ ਸੀ, ਉਸਦੇ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਰਾਜਪਾਲ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਤੁਰੰਤ ਬਰਖ਼ਾਸਤ ਕਰਨੀ ਚਾਹੀਦੀ ਹੈ। 

ਇਹ ਵੀ ਪੜ੍ਹੋ : ਸਭ ਤੋਂ ਪਹਿਲਾਂ ਅਮਰਿੰਦਰ ਸਿੰਘ 'ਤੇ ਦਰਜ ਹੋਣ ਕਤਲਾਂ ਦੇ ਮਾਮਲੇ : ਭਗਵੰਤ ਮਾਨ

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੂਬੇ ਨੇ ਪਹਿਲਾਂ 5600 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਗੁਆ ਲਿਆ ਤੇ ਹੁਣ ਤਕਰੀਬਨ 150 ਜਾਨਾਂ ਚਲੀਆਂ ਗਈਆਂ ਤੇ ਕਈ ਲੋਕ ਨੇ ਅੱਖਾਂ ਦੀ ਰੋਸ਼ਨੀ ਗੁਆ ਲਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਮੁੱਖ ਮੁੱਦੇ ਤੋਂ ਧਿਆਨ ਪਾਸੇ ਕਰਨਾ ਚਾਹੁੰਦੀ ਹੈ, ਇਸੇ ਲਈ ਸੂਬੇ ਵਿਚ ਦੇਸੀ ਸ਼ਰਾਬ ਬਣਾਉਣ ਵਾਲਿਆਂ ਖਿਲਾਫ ਮੁਹਿੰਮ ਵਿੱਢੀ ਗਈ ਹੈ ਭਾਵੇਂ ਕਿ ਇਹ ਸਭ ਨੂੰ ਪਤਾ ਹੈ ਕਿ ਇਹਨਾਂ ਦੋ ਡਿਸਟੀਲਰੀਆਂ ਤੋਂ ਮਿਲਦੀ ਈ ਐਨ ਏ ਅਤੇ ਡਿਨੇਚਰਡ ਸਪਿਰਟ ਹੀ ਇਸ ਤ੍ਰਾਸਦੀ ਲਈ ਜ਼ਿੰਮੇਵਾਰ ਹੈ।


author

Gurminder Singh

Content Editor

Related News