ਜਦੋਂ ਲੋਕ ਮਰ ਰਹੇ ਹੋਣ ਤਾਂ ਹੋਛੀ ਰਾਜਨੀਤੀ ਕਰਨਾ ਸ਼ਰਮਨਾਕ : ਕੈਪਟਨ

Sunday, Jul 26, 2020 - 12:05 AM (IST)

ਚੰਡੀਗੜ੍ਹ: ਅਕਾਲੀ ਦਲ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਉਤੇ ਸੂਬਾ ਸਰਕਾਰ ਦੀ ਕੀਤੀ ਜਾ ਰਹੀ ਆਲੋਚਨਾ 'ਤੇ ਕਰੜੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ਉਤੇ ਹੈਰਾਨੀ ਪ੍ਰਗਟਾਈ ਕਿ ਜਦੋਂ ਲੋਕ ਮਰ ਰਹੇ ਹਨ ਤਾਂ ਅਕਾਲੀ ਸੂਬੇ ਵਿੱਚ ਹੋਛੀ ਰਾਜਨੀਤੀ ਉਤੇ ਉਤਰੇ ਹੋਏ ਹਨ। ਮੁੱਖ ਮੰਤਰੀ ਨੇ ਅਕਾਲੀ ਦਲ ਦੇ ਇਸ ਕਾਰੇ ਨੂੰ ਸ਼ਰਮਨਾਕ ਦੱਸਦਿਆਂ ਕਿਹਾ ਕਿ ਮੈਂ ਆਪਣੇ ਰਾਜਸੀ ਜੀਵਨ ਵਿੱਚ ਅਜਿਹੀ ਤੰਗਦਿਲ ਰਾਜਨੀਤੀ ਕਿਤੇ ਨਹੀਂ ਵੇਖੀ। ਉਨਾਂ ਕਿਹਾ ਕਿ ਇਹ ਜ਼ਿੰਦਗੀ ਤੇ ਮੌਤ ਅਤੇ ਪੰਜਾਬ ਦੇ ਭਵਿੱਖ ਦਾ ਸਵਾਲ ਹੈ। ਕੈਪਟਨ ਨੇ ਕਿਹਾ ਕਿ ਮੌਜੂਦਾ ਸਮੇਂ ਜਿਹੀ ਸੰਵੇਦਨਸ਼ੀਲ ਸਥਿਤੀ 'ਤੇ ਇਸ ਮੁੱਦੇ ਉਪਰ ਕੋਈ ਰਾਜਨੀਤੀ ਨਹੀਂ ਕਰਨੀ ਚਾਹੀਦੀ।

ਫੇਸਬੁੱਕ ਉਤੇ ਆਪਣੇ ਹਫਤਾਵਾਰੀ ਲਾਈਵ ਪ੍ਰੋਗਰਾਮ 'ਕੈਪਟਨ ਨੂੰ ਸਵਾਲ' ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਰਾਹਤ ਫੰਡ ਵਿੱਚ ਪਏ 64 ਕਰੋੜ ਰੁਪਏ ਕੋਵਿਡ ਰਾਹਤ ਕੰਮਾਂ ਉਤੇ ਹੀ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਮਹਾਂਮਾਰੀ ਨੇ ਹਾਲੇ ਸਿਖਰ ਨਹੀਂ ਛੂਹਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲਾਂ ਹੀ ਕੋਵਿਡ ਦੇ ਕੰਮਾਂ ਉਤੇ 300 ਕਰੋੜ ਰੁਪਏ ਖਰਚ ਚੁੱਕੀ ਹੈ ਅਤੇ ਇਸ ਕੰਮ ਉਤੇ ਘੱਟੋ-ਘੱਟ 200 ਕਰੋੜ ਰੁਪਏ ਹੋਰ ਖਰਚੇ ਜਾਣਗੇ। ਉਨ੍ਹਾਂ ਦੁਹਰਾਉਦਿਆਂ ਕਿਹਾ ਕਿ 64 ਕਰੋੜ ਰੁਪਏ ਕੋਵਿਡ ਸਬੰਧੀ ਸਾਂਭ ਸੰਭਾਲ ਉਤੇ ਹੀ ਖਰਚੇ ਜਾਣਗੇ। ਮੁੱਖ ਮੰਤਰੀ ਨੇ ਹਾਲਾਂਕਿ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਧਾਰਮਿਕ ਸਥਾਨਾਂ ਉਤੇ ਮਾਸਕ ਪਾਉਣ ਅਤੇ ਸਮਾਜਿਕ ਵਿੱਥ ਆਦਿ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹੋਏ ਹਨ ਪਰ ਨਾਲ ਹੀ ਉਨ੍ਹਾਂ ਮੁੜ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਆਪਣੀ ਅਪੀਲ ਦੁਹਰਾਉਦਿਆਂ ਕਿਹਾ ਕਿ ਉਹ ਕੋਰੋਨਾ ਸਬੰਧੀ ਸਾਰੇ ਅਹਿਤਿਆਤਾਂ ਦੀ ਪਾਲਣਾ ਕਰਨ ਦੇ ਨਾਲ ਵਾਧੂ ਭੀੜ ਜਟਾਉਣ ਤੋਂ ਪਰਹੇਜ਼ ਕਰਨ। ਉਨ੍ਹਾਂ ਇਹ ਗੱਲ ਗੁਰਦਾਸਪੁਰ ਦੇ ਇਕ ਵਸਨੀਕ ਵੱਲੋਂ ਧਾਰਮਿਕ ਸਥਾਨਾਂ ਉਤੇ ਮਾਸਕ ਪਾਉਣ ਅਤੇ ਸਮਾਜਿਕ ਵਿੱਥ ਦੀ ਪਾਲਣਾ ਲੋੜੀਂਦੀ ਸਬੰਧੀ ਕੀਤੇ ਸਵਾਲ ਦੇ ਜਵਾਬ ਵਿੱਚ ਕਹੀ। ਉਨ੍ਹਾਂ ਕਿਹਾ ਕਿ ਜੇ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਲੋਕ ਖੁਦ ਦੂਜਿਆਂ ਨੂੰ ਇਸ ਦਾ ਪਾਲਣ ਕਰਨ ਲਈ ਕਹਿਣ।

ਮੁੱਖ ਮੰਤਰੀ ਨੇ ਕਿਹਾ ਕਿ ਲਗਾਤਾਰ ਸਿਹਤ ਸਲਾਹਕਾਰੀਆਂ ਦੀ ਉਲੰਘਣਾ ਕਰਨ ਕਰਕੇ ਉਨ੍ਹਾਂ ਦੀ ਸਰਕਾਰ ਵੱਲੋਂ ਹੋਰ ਵਾਧੂ ਜੁਰਮਾਨੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਜੇ ਲੋੜ ਪਈ ਤਾਂ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਮਾਸਕ ਨਾ ਪਹਿਨਣ ਅਤੇ ਥੁੱਕ ਸੁੱਟਣ ਆਦਿ ਉਤੇ ਲਗਾਏ ਜੁਰਮਾਨਿਆਂ ਵਿੱਚ ਵੀ ਹੋਰ ਵਾਧਾ ਕੀਤਾ ਜਾਵੇਗਾ। ਕੋਵਿਡ ਸਬੰਧੀ ਆਂਕੜੇ ਸਾਂਝੇ ਕਰਦੇ ਮੁੱਖ ਮੰਤਰੀ ਨੇ ਦੱਸਿਆ ਕਿ ਦੇਸ਼ ਵਿੱਚ ਕੋਵਿਡ ਦੇ ਕੇਸਾਂ ਦੀ ਗਿਣਤੀ ਦੇ ਲਿਹਾਜ਼ ਨਾਲ ਪੰਜਾਬ ਇਸ ਵੇਲੇ 18ਵੇਂ ਨੰਬਰ ਉਤੇ ਹੈ ਪਰ ਪਿਛਲੇ ਦਿਨਾਂ ਤੋਂ ਰੋਜ਼ਾਨਾ ਵੱਖ-ਵੱਖ ਥਾਵਾਂ ਤੋਂ 400 ਦੇ ਕਰੀਬ ਕੇਸਾਂ ਦੇ ਆਉਣ ਕਾਰਨ ਸਥਿਤੀ ਚਿੰਤਾ ਵਾਲੀ ਬਣੀ ਹੋਈ ਹੈ। ਉਨਾਂ ਕਿਹਾ ਕਿ ਸਾਡਾ ਟੀਚਾ ਹੈ ਕਿ ਜਿੰਨਾ ਸੰਭਵ ਹੋਵੇ, ਇਸ ਮਹਾਂਮਾਰੀ ਦਾ ਫੈਲਾਅ ਘੱਟ ਤੋਂ ਘੱਟ ਹੋਵੇ।

ਉਨ੍ਹਾਂ ਕਿਹਾ ਕਿ 9000 ਤੋਂ ਵੱਧ ਲੋਕਾਂ ਦਾ ਠੀਕ ਹੋਣਾ ਉਤਸ਼ਾਹ ਤੇ ਰਾਹਤ ਵਾਲੀ ਗੱਲ ਹੈ ਪਰ ਕੋਵਿਡ ਖਿਲਾਫ ਜੰਗ ਵਿੱਚ ਫਤਹਿ ਪਾਉਣ ਲਈ ਹੋਰ ਬਹੁਤ ਕੁਝ ਕਰਨ ਦੀ ਲੋੜ ਹੈ। ਕੈਪਟਨ ਅਮਰਿੰਦਰ ਸਿੰਘ ਨੇ ਠੀਕ ਹੋਣ ਵਾਲੇ ਮਰੀਜ਼ਾਂ ਨੂੰ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ ਲਈ ਕਿਹਾ ਜਿਸ ਲਈ ਜਲਦ ਹੀ ਅੰਮ੍ਰਿਤਸਰ ਤੇ ਫਰੀਦਕੋਟ ਵਿਖੇ ਦੋ ਬੈਂਕ ਹੋਰ ਖੋਲ੍ਹੇ ਜਾ ਰਹੇ ਹਨ। ਸੂਬੇ ਵਿੱਚ ਪਹਿਲਾ ਪਲਾਜ਼ਮਾ ਬੈਂਕ ਪਟਿਆਲਾ ਵਿਖੇ ਸ਼ੁਰੂ ਹੋ ਗਿਆ ਹੈ ਜਿੱਥੇ ਹੁਣ ਤੱਕ ਆਏ 17 ਦਾਨੀਆਂ ਵਿੱਚੋਂ ਸਿਰਫ 7 ਹੀ ਪਲਾਜ਼ਮਾ ਦਾਨ ਕਰਨ ਲਈ ਯੋਗ ਪਾਏ ਗਏ ਹਨ ਜੋ ਕਿ 40 ਫੀਸਦੀ ਦਰ ਬਣਦੀ ਹੈ। ਜੋ ਲੋਕ ਪਲਾਜ਼ਮਾ ਦਾਨ ਕਰਨ ਲਈ ਸਾਰੀ ਵਿਧੀ ਅਤੇ ਤਰੀਕੇ ਨੂੰ ਸਮਝਣਾ ਚਾਹੁੰਦੇ ਹਨ, ਉਨਾਂ ਨੂੰ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਲਾਜ਼ਮਾ ਸਿਰਫ ਟੈਸਟਾਂ ਅਤੇ ਜਾਂਚ ਤੋਂ ਬਾਅਦ ਹੀ ਲਿਆ ਜਾ ਸਕਦਾ ਹੈ। ਫਰੰਟਲਾਈਨ ਵਰਕਰਾਂ ਵਿੱਚ ਕੋਵਿਡ ਕੇਸਾਂ ਦੀ ਵਧਦੀ ਗਿਣਤੀ 'ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 250 ਦੇ ਕਰੀਬ ਪੁਲਿਸ ਕਰਮੀ ਪ੍ਰਭਾਵਿਤ ਹੋਏ ਹਨ। ਸਭ ਤੋਂ ਅੱਗੇ ਹੋ ਕੇ ਕੰਮ ਕਰਨ ਵਾਲੇ ਕਰਮੀਆਂ ਦੇ ਟੈਸਟ ਕਰਨੇ ਸਭ ਤੋਂ ਜ਼ਰੂਰੀ ਹੈ ਜਿਸ ਉਤੇ ਸੂਬਾ ਸਰਕਾਰ ਕੰਮ ਕਰ ਰਹੀ ਹੈ। ਇਕ ਸਵਾਲ ਕਿ ਪੰਜਾਬ ਵਿੱਚ ਕਿਸੇ ਵੀ ਛੋਟੇ ਜਿਹੇ ਆਪ੍ਰੇਸ਼ਨ ਲਈ ਡਾਕਟਰ ਹਰੇਕ ਦਾ ਟੈਸਟ ਕਿਉ ਕਰਵਾਉਦੇ ਹਨ, ਦੇ ਜਵਾਬ ਵਿੱਚ ਉਨਾਂ ਕਿਹਾ ਕਿ ਡਾਕਟਰਾਂ, ਨਰਸਾਂ ਤੇ ਹੋਰ ਮਰੀਜ਼ਾਂ ਦੀ ਸੁਰੱਖਿਆ ਲਈ ਇਹ ਜ਼ਰੂਰੀ ਹੈ।


Deepak Kumar

Content Editor

Related News