ਅਕਾਲੀ ਦਲ ਦੀ ਜ਼ਿਲਾ ਲੀਡਰਸ਼ਿਪ ਨੇ ਧਰਨੇ ਨੂੰ ਲੈ ਕੇ ਕਮਰ ਕੱਸੀ

07/11/2019 11:26:58 AM

ਪਟਿਆਲਾ (ਜੋਸਨ)—ਅਕਾਲੀ ਦਲ (ਬ) ਜ਼ਿਲਾ ਲੀਡਰਸ਼ਿਪ ਦੀ ਕੋਰ ਕਮੇਟੀ ਦੀ ਬੈਠਕ ਜ਼ਿਲਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ 'ਚ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ 17 ਜੁਲਾਈ ਨੂੰ ਦਿੱਤੇ ਜਾ ਰਹੇ ਧਰਨੇ ਸਬੰਧੀ ਰੂਪ-ਰੇਖਾ ਤਿਆਰ ਕੀਤੀ ਗਈ। ਪਾਰਟੀ ਦੇ ਆਗੂਆਂ, ਮੈਂਬਰਾਂ ਅਤੇ ਅਹੁਦੇਦਾਰਾਂ ਦੀਆਂ ਡਿਊਟੀਆਂ ਲਾਈਆਂ ਕਿ ਧਰਨੇ ਨੂੰ ਸਫਲ ਬਣਾਉਣ ਲਈ ਕੋਈ ਵੀ ਕਸਰ ਨਾ ਛੱਡੀ ਜਾਵੇ।

ਮੀਟਿੰਗ ਦੌਰਾਨ ਸ. ਰੱਖੜਾ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ 17 ਜੁਲਾਈ ਨੂੰ ਮਿੰਨੀ ਸਕੱਤਰੇਤ ਵਿਖੇ ਦਿੱਤੇ ਜਾ ਰਹੇ ਧਰਨੇ ਨੂੰ ਲੈ ਕੇ ਪਾਰਟੀ ਆਗੂਆਂ ਤੇ ਮੈਂਬਰਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਦਿੱਤਾ ਜਾਣ ਵਾਲਾ ਧਰਨਾ ਸਰਕਾਰ ਦੀਆਂ ਗਲਤ ਨੀਤੀਆਂ ਵਿਰੁੱਧ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸੱਤਾ 'ਚ ਆ ਕੇ ਸੂਬੇ ਦੇ ਲੋਕਾਂ ਨੂੰ ਰਾਹਤ ਤਾਂ ਕੀ ਦੇਣੀ ਸੀ, ਬਿਜਲੀ ਦਰਾਂ 'ਚ ਵਾਧਾ ਕਰ ਕੇ ਲੋਕਾਂ ਦਾ ਕਚੂੰਮਰ ਕੱਢ ਦਿੱਤਾ ਹੈ। ਸ. ਰੱਖੜਾ ਨੇ ਕਿਹਾ ਕਿ ਸੱਤਾ ਪ੍ਰਾਪਤੀ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਸਿਰੇ ਦਾ ਝੂਠਾ ਮੁੱਖ ਮੰਤਰੀ ਸਾਬਤ ਹੋਇਆ ਹੈ। ਅਕਾਲੀ ਦਲ ਵੱਲੋਂ ਸਰਕਾਰ ਖਿਲਾਫ ਕੀਤਾ ਜਾਣ ਵਾਲਾ ਅੰਦੋਲਨ ਮੋਗਾ, ਪਟਿਆਲਾ ਅਤੇ ਗੁਰਦਾਸਪੁਰ ਵਿਖੇ ਧਰਨੇ ਦੇ ਕੇ ਕੁੰਭਕਰਨੀ ਨੀਂਦ ਸੁੱਤੇ ਮੁੱਖ ਮੰਤਰੀ ਨੂੰ ਜਗਾਉਣ ਦਾ ਕੰਮ ਕਰੇਗਾ।

ਸ. ਰੱਖੜਾ ਨੇ ਕਿਹਾ ਕਿ ਅਕਾਲੀ ਦਲ ਦੇ ਧਰਨੇ 'ਚ ਯੂਥ ਬ੍ਰਿਗੇਡ ਵੱਡੀ ਗਿਣਤੀ 'ਚ ਸ਼ਮੂਲੀਅਤ ਕਰੇਗੀ। ਅਕਾਲੀ ਦਲ ਵੱਲੋਂ ਉਲੀਕੇ ਹਰ ਪ੍ਰੋਗਰਾਮ 'ਚ ਯੂਥ ਦੀ ਭੂਮਿਕਾ ਅਹਿਮ ਰਹੀ ਹੈ। ਉਨ੍ਹਾਂ ਕਿਹਾ ਕਿ ਧਰਨੇ ਦੀ ਸਫਲਤਾ ਲਈ ਯੂਥ ਵਰਕਰ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕਰਨਗੇ।
ਇਸ ਮੌਕੇ ਉਚੇਚੇ ਤੌਰ 'ਤੇ ਮਾਲਵਾ ਜ਼ੋਨ-2 ਦੇ ਪ੍ਰਧਾਨ ਸਤਬੀਰ ਸਿੰਘ ਖੱਟੜਾ, ਸਾਬਕਾ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ, ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਸਾਬਕਾ ਵਿਧਾਇਕ ਸੁਰਜੀਤ ਸਿੰਘ ਕੋਹਲੀ, ਸਾਬਕਾ ਚੇਅਰਮੈਨ ਇੰਮਪੂਰਵਮੈਂਟ ਟਰੱਸਟ ਇੰਦਰ ਮੋਹਨ ਸਿੰਘ ਬਜਾਜ, ਸਾਬਕਾ ਦਿਹਾਤੀ ਪ੍ਰਧਾਨ ਰਣਧੀਰ ਸਿੰਘ ਰੱਖੜਾ ਅਤੇ ਹਰਿੰਦਰਪਾਲ ਸਿੰਘ ਟੌਹੜਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ 'ਚ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸਤਵਿੰਦਰ ਸਿੰਘ ਟੌਹੜਾ, ਜਸਮੇਲ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ ਤੇ ਸ਼ਵਿੰਦਰ ਸਿੰਘ ਸੱਭਰਵਾਲ ਆਦਿ ਨੇ ਸ਼ਿਰਕਤ ਕੀਤੀ।


Related News