ਅਕਾਲੀ ਦਲ ਵਲੋਂ ਨਵਜੋਤ ਸਿੱਧੂ ਨੂੰ ਬਰਖਾਸਤ ਤੇ ਬੀਬੀ ਸਿੱਧੂ ਤੇ ਦੁਸਹਿਰਾ ਪ੍ਰਬੰਧਕਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ

10/22/2018 9:24:44 AM

ਚੰਡੀਗੜ੍ਹ(ਰਮਨਜੀਤ)— ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਐਤਵਾਰ ਨੂੰ ਅੰਮ੍ਰਿਤਸਰ ਹਾਦਸੇ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਸਥਾਨਕ ਸਰਕਾਰ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਤੁਰੰਤ ਬਰਖਾਸਤ ਕਰਨ ਅਤੇ ਨਵਜੋਤ ਕੌਰ ਸਿੱਧੂ ਅਤੇ ਦੁਸਹਿਰਾ ਸਮਾਗਮ ਦੇ ਪ੍ਰਬੰਧਕਾਂ ਖ਼ਿਲਾਫ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਇਥੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਜੁੜੀ ਕੋਰ ਕਮੇਟੀ, ਜਿਸ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਾਕੀ ਸੀਨੀਅਰ ਆਗੂਆਂ ਨੇ ਇਸ ਦੁਖਾਂਤਕ ਘਟਨਾ ਦੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਕਿਸੇ ਮੌਜੂਦਾ ਜੱਜ ਤੋਂ ਨਿਆਂਇਕ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ। ਇਸ ਹਾਦਸੇ ਨੂੰ ਸਮਾਗਮ ਦੇ ਪ੍ਰਬੰਧਕਾਂ ਦੀ ਲਾਪ੍ਰਵਾਹੀ ਕਰ ਕੇ ਵਾਪਰਿਆ 'ਅਣਕਿਆਸਿਆ ਕਹਿਰ' ਕਰਾਰ ਦਿੰਦਿਆਂ ਕੋਰ ਕਮੇਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਇਸ ਗੰਭੀਰ ਮਾਮਲੇ 'ਤੇ ਪਰਦਾ ਪਾਉਣ ਦੀਆਂ ਕੋਸ਼ਿਸ਼ਾਂ ਦੀ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਇਸ ਮਾਮਲੇ ਵਿਚ ਪੀੜਤ ਪਰਿਵਾਰਾਂ ਦੇ ਬਿਆਨ ਲੈ ਕੇ ਤਾਜ਼ਾ ਕੇਸ ਦਰਜ ਕੀਤਾ ਜਾਵੇ।

ਕੋਰ ਕਮੇਟੀ ਨੇ ਕਿਹਾ ਕਿ ਕਾਂਗਰਸ ਸਰਕਾਰ ਦੋਸ਼ੀਆਂ ਨੂੰ ਕਲੀਨ ਚਿੱਟ ਦੇਣ ਤੇ ਸਾਰਾ ਦੋਸ਼ ਭਾਰਤੀ ਰੇਲਵੇ 'ਤੇ ਮੜ੍ਹਨ ਲਈ ਇਕ ਬੋਗਸ ਜਾਂਚ ਕਰਵਾ ਕੇ ਗਰੀਬਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕੋਰ ਕਮੇਟੀ ਨੇ ਕਿਹਾ ਕਿ ਪੀੜਤ ਪਰਿਵਾਰ ਇਸ ਹਾਦਸੇ ਲਈ ਜ਼ਿੰਮੇਵਾਰ ਕਾਂਗਰਸੀ ਕੌਂਸਲਰ ਤੇ ਬੀਬੀ ਨਵਜੋਤ ਕੌਰ ਸਿੱਧੂ ਖ਼ਿਲਾਫ ਠੋਸ ਸਬੂਤ ਪੇਸ਼ ਕਰਨ ਲਈ ਤਿਆਰ ਹਨ ਪਰ ਇਸ ਦੇ ਬਾਵਜੂਦ ਕਾਂਗਰਸ ਸਰਕਾਰ ਵਲੋਂ ਮਾਮਲੇ ਨੂੰ ਰਫਾ ਦਫਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਮੇਟੀ ਨੇ ਕਿਹਾ ਕਿ ਕੌਂਸਲਰ ਅਤੇ ਬੀਬੀ ਸਿੱਧੂ ਖ਼ਿਲਾਫ ਸਬੂਤ ਜਨਤਕ ਹੋ ਚੁੱਕੇ ਹਨ, ਇਸ ਲਈ ਇਨ੍ਹਾਂ ਦੋਵਾਂ ਖ਼ਿਲਾਫ ਕਾਰਵਾਈ ਕਰਨ ਲਈ ਇਨ੍ਹਾਂ ਸਬੂਤਾਂ ਨੂੰ ਸਾਹਮਣੇ ਰੱਖਿਆ ਜਾਣਾ ਚਾਹੀਦਾ ਹੈ। ਕੋਰ ਕਮੇਟੀ ਨੇ ਕਿਹਾ ਕਿ ਕਿੰਨੀ ਨਿੰਦਣਯੋਗ ਗੱਲ ਹੈ ਕਿ ਦੁਨੀਆ ਭਰ ਵਿਚ ਇਸ ਹਾਦਸੇ ਦੀ ਕੀਤੀ ਨਿਖੇਧੀ ਅਤੇ ਰਸੂਖਵਾਨ ਮੁਲਜ਼ਮਾਂ ਨੂੰ ਸਜ਼ਾ ਦਿੱਤੇ ਜਾਣ ਦੀ ਮੰਗ ਉੱਠਣ ਦੇ ਬਾਵਜੂਦ ਸਰਕਾਰ ਕਾਂਗਰਸੀ ਆਗੂਆਂ ਖ਼ਿਲਾਫ ਕਾਰਵਾਈ ਕਰਨ ਤੋਂ ਇਨਕਾਰੀ ਹੈ।

ਇਸ ਮੀਟਿੰਗ ਵਿਚ ਸਰਕਾਰ ਨੂੰ ਪੀੜਤਾਂ ਦੇ ਬਿਆਨ ਲੈ ਕੇ ਇਕ ਤਾਜ਼ਾ ਕੇਸ ਦਰਜ ਕਰਨ ਤੇ ਇਸ ਮਾਮਲੇ ਦੀ ਨਿਆਂਇਕ ਜਾਂਚ ਕਰਵਾਉਣ ਤੋਂ ਇਲਾਵਾ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਅਲਟੀਮੇਟਮ ਦਿੱਤਾ ਗਿਆ। ਕਮੇਟੀ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਅਜਿਹਾ ਨਾ ਕੀਤਾ ਗਿਆ ਤਾਂ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਇਕ  ਅੰਦੋਲਨ ਕੀਤਾ ਜਾਵੇਗਾ। ਇਸ ਮੀਟਿੰਗ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸੀਨੀਅਰ ਆਗੂਆਂ ਜਥੇਦਾਰ ਤੋਤਾ ਸਿੰਘ,  ਬਲਵਿੰਦਰ ਸਿੰਘ ਭੂੰਦੜ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਪ੍ਰੋਫੈਸਰ  ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਜਨਮੇਜਾ ਸਿੰਘ ਸੇਖੋਂ, ਉਪਿੰਦਰਜੀਤ  ਕੌਰ, ਸਿਕੰਦਰ ਸਿੰਘ ਮਲੂਕਾ, ਸ਼ਰਨਜੀਤ ਸਿੰਘ ਢਿੱਲੋਂ, ਬੀਬੀ ਜਗੀਰ ਕੌਰ,  ਗੁਲਜ਼ਾਰ ਸਿੰਘ  ਰਣੀਕੇ, ਹੀਰਾ ਸਿੰਘ ਜ਼ੀਰਾ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ ਰੱਖੜਾ, ਡਾਕਟਰ  ਦਲਜੀਤ ਸਿੰਘ ਚੀਮਾ, ਬਲਦੇਵ ਸਿੰਘ ਮਾਨ ਅਤੇ ਵਿਰਸਾ ਸਿੰਘ ਵਲਟੋਹਾ ਹਾਜ਼ਰ ਸਨ।


Related News