ਅਕਾਲੀ ਦਲ ਵੱਲੋਂ ਪ੍ਰਧਾਨ ਮੰਤਰੀ ਦੇ ਫ਼ੈਸਲੇ ਦਾ ਸਵਾਗਤ, ਕਿਹਾ ਕਿਸਾਨਾਂ ਤੇ ਮਜ਼ਦੂਰਾਂ ਦੀ ਜਿੱਤ ਹੋਈ

Friday, Nov 19, 2021 - 06:05 PM (IST)

ਅਕਾਲੀ ਦਲ ਵੱਲੋਂ ਪ੍ਰਧਾਨ ਮੰਤਰੀ ਦੇ ਫ਼ੈਸਲੇ ਦਾ ਸਵਾਗਤ, ਕਿਹਾ ਕਿਸਾਨਾਂ ਤੇ ਮਜ਼ਦੂਰਾਂ ਦੀ ਜਿੱਤ ਹੋਈ

ਭਗਤਾ ਭਾਈ (ਪਰਮਜੀਤ) : ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਗੁਰਪੁਰਬ ਦੇ ਮੌਕੇ ’ਤੇ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ ਤੇ ਇਹ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਤੇ ਸਮੂਹ ਪੰਜਾਬੀ ਭਾਈਚਾਰੇ ਦੀ ਵੱਡੀ ਜਿੱਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਵੱਲੋਂ ਖੇਤੀ ਕਾਨੂੰਨਾਂ ਦੇ ਰੱਦ ਹੋਣ ਦੇ ਆਏ ਫ਼ੈਸਲੇ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕੀਤਾ। ਮਲੂਕਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਇਹ ਫ਼ੈਸਲਾ ਬਹੁਤ ਜਲਦ ਲੈ ਲੈਣਾ ਚਾਹੀਦਾ ਸੀ ਕਿਉਂਕਿ ਦੇਸ਼ ਦੇ ਕਿਸਾਨਾਂ ਨੂੰ ਫ਼ੈਸਲੇ ਵਿਚ ਹੋਈ ਦੇਰੀ ਦਾ ਮੁੱਲ ਚੁਕਾਉਣਾ ਪਿਆ ਹੈ। ਫਿਰ ਵੀ ਦੇਰੀ ਨਾਲ ਹੀ ਸਹੀ ਕਿਸਾਨਾਂ ਦੇ ਹੱਕ ਵਿਚ ਲਏ ਫ਼ੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ। ਮਲੂਕਾ ਨੇ ਕਿਹਾ ਕਿ ਪੰਜਾਬ ਤੋਂ ਖੇਤੀ ਕਾਨੂੰਨ ਦੇ ਵਿਰੋਧ ਵਿਚ ਸ਼ੁਰੂ ਹੋਇਆ ਅੰਦੋਲਨ ਹੌਲੀ ਹੌਲੀ ਪੂਰੇ ਦੇਸ਼ ਵਿਚ ਫੈਲ ਗਿਆ ਸੀ।

ਕਿਸਾਨ ਜਥੇਬੰਦੀਆਂ ਵੱਲੋਂ ਜ਼ਾਬਤੇ ਵਿਚ ਰਹਿ ਕੇ ਸ਼ਾਂਤੀਪੂਰਵਕ ਅੰਦੋਲਨ ਕੀਤਾ ਗਿਆ। ਮਲੂਕਾ ਨੇ ਕਿਹਾ ਸਾਡਾ ਸੂਬਾ ਖੇਤੀ ਪ੍ਰਧਾਨ ਹੋਣ ਕਾਰਨ  ਸਾਡੇ ਸਾਰੇ ਕਾਰੋਬਾਰ ਤੇ ਖੇਤਰ ਕਿਸਾਨੀ ਨਾਲ ਜੁੜੇ ਹੋਏ ਹਨ, ਜਿਸ ਕਾਰਨ ਸੂਬੇ ਦੇ ਸਾਰੇ ਹੀ ਮੁਲਾਜ਼ਮ ਵਰਗ ਵਪਾਰੀ ਵਰਗ, ਮਜ਼ਦੂਰ ਵਰਗ ਕਿਸਾਨਾਂ ਦੀ ਦਿਲੋਂ ਮਦਦ ਕਰ ਰਹੇ ਸਨ। ਅੱਜ ਦੇ ਫੈਸਲੇ ਨਾਲ ਕਿਸਾਨ ਜਥੇਬੰਦੀਆਂ ਦੇ ਨਾਲ-ਨਾਲ ਹਰ ਪੰਜਾਬੀ ਦੀ ਜਿੱਤ ਹੋਈ ਹੈ। ਕਿਸਾਨਾਂ ਨੂੰ ਇਸ ਅੰਦੋਲਨ ਦਾ ਭਾਰੀ ਮੁੱਲ ਚੁਕਾਉਣਾ ਪਿਆ ਹੈ ਕਿਉਂਕਿ 700 ਤੋਂ ਵੱਧ ਕਿਸਾਨ ਸ਼ਹੀਦ ਹੋਏ ਅਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਭਾਰੀ ਆਰਥਿਕ ਮਾਰ ਵੀ ਝੱਲਣੀ ਪਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਰੁਖ਼ ਬਾਰੇ ਸਥਿਤੀ ਸਪੱਸ਼ਟ ਕਰਦਿਆਂ ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਕਿਸਾਨੀ ਮੰਗਾਂ ਦਾ ਮੁਦਈ ਰਿਹਾ ਹੈ, ਕੇਂਦਰ ਵੱਲੋਂ ਖੇਤੀ ਬਿੱਲ ਲਿਆਉਣ ਤੋਂ ਲੈ ਕੇ ਪਾਸ ਕਰਨ ਤਕ ਲੋਕ ਸਭਾ ਵਿਚ ਪਾਰਟੀ ਦੇ ਨੁਮਾਇੰਦੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਕਾਨੂੰਨਾਂ ਵਿਚ ਕਿਸਾਨਾਂ ਮੁਤਾਬਕ ਸੋਧ ਜਾਂ ਰੱਦ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਸੀ।

ਭਾਜਪਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੰਗ ਨਾ ਮੰਨੇ ਜਾਣ ਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਵਜ਼ੀਰੀ ਤੋਂ ਅਸਤੀਫ਼ਾ ਦਿੱਤਾ ਤੇ ਦਹਾਕਿਆਂ ਪੁਰਾਣਾ ਗਠਜੋੜ ਕਿਸਾਨਾਂ ਦੇ ਹੱਕ ਵਿਚ ਤੋੜ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਇਹ ਫ਼ੈਸਲਾ ਕਿਸਾਨਾਂ ਵੱਲੋਂ ਵਿਖਾਈ ਗਈ ਏਕਤਾ ਤੇ ਅਹਿੰਸਾ ਦੇ ਰਸਤੇ ਦੀ ਜਿੱਤ ਹੈ, ਜਿਸ ਲਈ ਉਹ ਪੰਜਾਬ ਅਤੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਨੂੰ ਵਧਾਈ ਦਿੰਦੇ ਹਨ।

 


author

Gurminder Singh

Content Editor

Related News