ਅਕਾਲੀ ਦਲ ਦੀ ਸਰਕਾਰ ਬਣਨ ''ਤੇ ਮੋਦੀ ਦੇ ਕਿਸਾਨ ਵਿਰੋਧੀ ਐਕਟ ਪੰਜਾਬ ''ਚੋਂ ਕਰਾਂਗੇ ਖਾਰਿਜ : ਸੁਖਬੀਰ

Friday, Oct 23, 2020 - 02:26 AM (IST)

ਅਕਾਲੀ ਦਲ ਦੀ ਸਰਕਾਰ ਬਣਨ ''ਤੇ ਮੋਦੀ ਦੇ ਕਿਸਾਨ ਵਿਰੋਧੀ ਐਕਟ ਪੰਜਾਬ ''ਚੋਂ ਕਰਾਂਗੇ ਖਾਰਿਜ : ਸੁਖਬੀਰ

ਚੰਡੀਗੜ੍ਹ,(ਜ.ਬ.)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਥੇ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ਮਗਰੋਂ ਅਸੀਂ ਮੋਦੀ ਦੇ ਕਿਸਾਨ ਵਿਰੋਧੀ ਐਕਟ ਰੱਦ ਕਰਾਂਗੇ ਤੇ ਪੰਜਾਬ ਵਿਚ ਲਾਗੂ ਹੋਣ 'ਤੋਂ ਰੋਕਾਂਗੇ, ਸਾਰੇ ਸੂਬੇ ਨੂੰ ਸਰਕਾਰੀ ਮੰਡੀ ਐਲਾਨਾਂਗੇ ਅਤੇ ਮਾਰੂ ਏ. ਪੀ. ਐੱਮ. ਸੀ. ਐਕਟ 2017, ਜੋ ਕੈਪਟਨ ਅਮਰਿੰਦਰ ਸਿੰਘ ਨੇ ਬਣਾਇਆ, ਨੂੰ ਖਾਰਿਜ ਕਰਾਂਗੇ। ਸੁਖਬੀਰ ਨੇ ਕਿਹਾ ਕਿ ਇਨ੍ਹਾਂ ਮੁੱਦਿਆਂ 'ਤੇ ਕੈਪਟਨ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨੇ ਪੇਸ਼ ਕਰਨ ਤੋਂ 10 ਮਿੰਟ ਪਹਿਲਾਂ ਇਹ ਬਿੱਲ ਸਾਨੂੰ ਦਿੱਤੇ ਤੇ ਇਨ੍ਹਾਂ ਨੂੰ ਪੜ੍ਹਨ ਦਾ ਸਮਾਂ ਹੀ ਨਹੀਂ ਦਿੱਤਾ ਗਿਆ। ਕੱਲ ਦੇ ਬਿੱਲ ਵੀ ਪਾਸ ਕੀਤੇ ਗਏ ਮਤੇ ਦੇ ਉਲਟ ਹਨ। ਮਤੇ ਵਿਚ ਮੋਦੀ ਦੇ ਕਿਸਾਨ ਵਿਰੋਧੀ ਐਕਟਾਂ ਨੂੰ ਰੱਦ ਕੀਤਾ ਗਿਆ ਤੇ ਸਾਰੇ ਪੰਜਾਬ ਨੂੰ ਸਰਕਾਰੀ ਮੰਡੀ ਐਲਾਨਣ ਦੀ ਮੰਗ ਕੀਤੀ ਗਈ ਸੀ। ਇਸ ਵਿਚ 2017 ਦੇ ਏ. ਪੀ. ਐੱਮ. ਸੀ. ਐਕਟ ਨੂੰ ਰੱਦ ਕਰਨ ਦੀ ਗੱਲ ਕੀਤੀ ਗਈ ਸੀ ਪਰ ਜਿਹੜੇ ਬਿੱਲ ਅਮਰਿੰਦਰ ਸਿੰਘ ਨੇ ਪੇਸ਼ ਕੀਤੇ, ਉਨ੍ਹਾਂ ਵਿਚ ਇਨ੍ਹਾਂ ਬਾਰੇ ਕੋਈ ਵਿਵਸਥਾ ਨਹੀਂ ਸੀ। ਇਸ ਤਰੀਕੇ ਕੈਪਟਨ ਨੇ ਕਿਸਾਨਾਂ ਤੇ ਸਦਨ ਦੋਵਾਂ ਨਾਲ ਧੋਖਾ ਕੀਤਾ ਹੈ।

ਇਥੇ ਪਾਰਟੀ ਦੇ ਮੁੱਖ ਦਫਤਰ ਵਿਖੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਸੁਖਬੀਰ ਨੇ ਕਿਹਾ ਕਿ ਇਹ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਕੇਂਦਰ ਵਲੋਂ ਹਰ ਸਾਲ ਜਿਹੜੀਆਂ 22 ਫਸਲਾਂ ਲਈ ਐੱਮ. ਐੱਸ. ਪੀ. ਦਾ ਐਲਾਨ ਕੀਤਾ ਜਾਂਦਾ ਹੈ, ਕਿਸਾਨਾਂ ਦੀਆਂ ਜਿਣਸਾਂ ਦੀ ਉਹ ਇਸ ਐੱਮ. ਐੱਸ. ਪੀ. ਅਨੁਸਾਰ ਖਰੀਦ ਯਕੀਨੀ ਬਣਾਵੇ। ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ਮਗਰੋਂ ਅਸੀਂ ਇਸ ਮੰਗ ਨੂੰ ਇਕ ਪ੍ਰਾਪਤੀ ਵਿਚ ਬਦਲਣਾ ਯਕੀਨੀ ਬਣਾਵਾਂਗੇ। ਸੁਖਬੀਰ ਨੇ ਵਿਧਾਨ ਸਭਾ ਵਿਚ ਕਿਸਾਨਾਂ ਨੂੰ ਝੂਠ ਬੋਲਣ 'ਤੇ ਮੁੱਖ ਮੰਤਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਭਾਵੇਂ ਅਮਰਿੰਦਰ ਸਿੰਘ ਨੇ ਇਹ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਸਦਨ ਵਿਚ ਲਿਆਉਣ ਤੋਂ ਪਹਿਲਾਂ ਬਿੱਲਾਂ ਬਾਰੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਸੀ ਪਰ ਕੀ ਕਿਸਾਨ ਜਥੇਬੰਦੀਆਂ ਇਨ੍ਹਾਂ ਬਿੱਲਾਂ ਤੋਂ ਖੁਸ਼ ਹਨ? ਕੈਪਟਨ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਸਦਨ ਵਿਚ ਇਹ ਝੂਠ ਕਿਉਂ ਬੋਲਿਆ ਕਿ ਉਨ੍ਹਾਂ ਨੇ ਬਿੱਲਾਂ ਬਾਰੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਮੈਂਬਰ ਇਹ ਵੇਖ ਕੇ ਹੈਰਾਨ ਹਨ ਕਿ ਮੁੱਖ ਮੰਤਰੀ ਨੇ ਕਿਵੇਂ ਵਿਧਾਨ ਸਭਾ ਵਿਚ ਸਰਬਸੰਮਤੀ ਨਾਲ ਪਾਸ ਕੀਤੇ ਮਤੇ ਬਾਰੇ ਪੰਜਾਬ ਨਾਲ ਧੋਖਾ ਕੀਤਾ। ਮਤੇ ਵਿਚ ਕੇਂਦਰ ਦੇ ਕਿਸਾਨ ਵਿਰੋਧੀ ਐਕਟ ਰੱਦ ਕਰ ਦਿੱਤੇ ਗਏ ਤੇ ਸੂਬੇ ਨੂੰ ਸਰਕਾਰੀ ਮੰਡੀ ਬਣਾਉਣ ਦਾ ਐਲਾਨ ਕੀਤਾ ਸੀ। ਇਸਨੇ 2017 ਦੇ ਏ. ਪੀ. ਐੱਮ. ਸੀ. ਐਕਟ ਨੂੰ ਵੀ ਰੱਦ ਕੀਤਾ ਸੀ, ਜੋ ਮੋਦੀ ਦੇ ਕਿਸਾਨ ਵਿਰੋਧੀ ਐਕਟਾਂ ਦੀ ਹੂ-ਬ-ਹੂ ਨਕਲ ਹੈ ਪਰ ਜੋ ਬਿੱਲ ਅਮਰਿੰਦਰ ਸਰਕਾਰ ਨੇ ਬਾਅਦ ਵਿਚ ਲਿਆਂਦੇ, ਉਨ੍ਹਾਂ ਵਿਚੋਂ ਕਿਸੇ ਵਿਚ ਵੀ ਇਹ ਵਿਵਸਥਾ ਸ਼ਾਮਲ ਨਹੀਂ ਸਨ। ਅਮਰਿੰਦਰ ਸਰਕਾਰ ਸਦਨ ਨੂੰ ਗੁੰਮਰਾਹ ਕਰਨ ਤੇ ਇਸਦੇ ਵਿਸ਼ਵਾਸ ਨਾਲ ਧੋਖਾ ਕਰਨ ਦੇ ਦੋਸ਼ੀ ਹਨ।

ਉਨ੍ਹਾਂ ਨੇ ਭਾਜਪਾ ਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਖਿਲਾਫ ਡੂੰਘੀ ਸਾਜ਼ਿਸ਼ ਰਚੇ ਜਾਣ ਦਾ ਖਦਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਜੋ ਕੱਲ ਚੰਡੀਗੜ੍ਹ ਵਿਚ ਹੋਇਆ, ਉਹ ਅਮਰਿੰਦਰ-ਭਾਜਪਾ ਸਾਂਝੀ ਤੇ ਮਾੜੀ ਖੇਡ ਦਾ ਹਿੱਸਾ ਸੀ, ਜਿਸ ਦਾ ਚਲਾਕੀ ਭਰਿਆ ਮਕਸਦ ਕਿਸਾਨਾਂ ਦੇ ਸੰਘਰਸ਼ ਨੂੰ ਇਸਦੀਆਂ ਪੰਜਾਬ ਵਿਚਲੀਆਂ ਜੜ੍ਹਾਂ ਤੋਂ ਪਾਸੇ ਕਰਨਾ ਹੈ। ਇਹ ਸਭ ਚਾਲਾਂ ਭਾਜਪਾ ਦੀ ਸਾਜ਼ਿਸ਼ ਦਾ ਹਿੱਸਾ ਹਨ, ਜੋ ਕਿ ਕਿਸਾਨਾਂ ਦੇ ਸੰਘਰਸ਼ ਨੂੰ ਖਤਮ ਕਰਨਾ ਚਾਹੁੰਦੀ ਹੈ ਤੇ ਕੈਪਟਨ ਨੇ ਪਹਿਲਾਂ ਹੀ ਕਸੂਤੇ ਫਸੇ ਕਿਸਾਨਾਂ ਖਿਲਾਫ ਮੋਦੀ ਦੀ ਰਣਨੀਤੀ ਵਿਚ ਮਦਦ ਦਿੱਤੀ ਹੈ।

ਕੇਂਦਰ ਵਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨਣ 'ਤੇ ਮੁੱਖ ਮੰਤਰੀ ਵੱਲੋਂ ਅਸਤੀਫਾ ਦੇਣ ਲਈ ਤਿਆਰ ਹੋਣ ਦੀ ਗੱਲ ਦਾ ਜ਼ਿਕਰ ਕਰਦਿਆਂ ਸੁਖਬੀਰ ਨੇ ਕਿਹਾ ਕਿ ਜੋ ਅਸਤੀਫੇ ਬਾਰੇ ਸੰਜੀਦਾ ਸੀ, ਉਹ ਪਹਿਲਾਂ ਹੀ ਅਸਤੀਫਾ ਦੇ ਚੁੱਕੇ ਹਨ ਜਦਕਿ ਕੈਪਟਨ ਸਾਹਿਬ ਸਿਰਫ ਸ਼ੇਖੀਆਂ ਮਾਰ ਰਹੇ ਹਨ। ਕੇਂਦਰੀ ਮੰਤਰੀ ਮੰਡਲ ਵਿਚ ਅਕਾਲੀ ਮੰਤਰੀ ਨੇ ਅਸਤੀਫਾ ਦੇ ਦਿੱਤਾ ਤੇ ਸ਼ੇਖੀ ਵੀ ਨਹੀਂ ਮਾਰੀ ਕਿਉਂਕਿ ਉਨ੍ਹਾਂ ਆਪਣਾ ਫਰਜ਼ ਪੂਰਾ ਕੀਤਾ ਹੈ।
 


author

Deepak Kumar

Content Editor

Related News