ਅਕਾਲੀ ਦਲ ਨੇ ਕਾਂਗਰਸ ਦੇ ਦਾਅਵਿਆਂ ਦੀ ਖੋਲ੍ਹੀ ਪੋਲ
Thursday, Sep 19, 2019 - 01:37 PM (IST)

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਹ ਸਵੀਕਾਰ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ ਕਿ ਉਨ੍ਹਾਂ ਵਲੋਂ ਕੀਤੇ ਗਏ ਨਿਵੇਸ਼ ਕਰਨ ਦੇ ਦਾਅਵੇ ਗਲਤ ਹਨ। ਅਕਾਲੀ ਦਲ ਨੇ ਇਹ ਦਾਅਵਾ ਕੀਤਾ ਹੈ ਕਿ ਕੈਪਟਨ ਸਰਕਾਰ ਵਲੋਂ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਣ ਦੇ ਕੀਤੇ ਦਾਅਵੇ ਬਿਲਕੁਲ ਗਲਤ ਹਨ, ਜਿਨ੍ਹਾਂ ਨੂੰ ਸਰਕਾਰੀ ਇਸ਼ਤਿਹਾਰਾਂ 'ਚ ਕੈਪਟਨ ਸਰਕਾਰ ਦੀ ਪਹਿਲੀ ਪ੍ਰਾਪਤੀ ਵਜੋਂ ਪੇਸ਼ ਕੀਤਾ ਗਿਆ ਸੀ। ਪਾਰਟੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਨੇ ਇਹ ਵੀ ਸਵੀਕਾਰ ਕੀਤਾ ਹੈ ਕਿ ਪਿਛਲੇ ਢਾਈ ਸਾਲਾਂ ਦੌਰਾਨ ਸੂਬੇ ਅੰਦਰ ਕੋਈ ਨਵਾਂ ਨਿਵੇਸ਼ ਨਹੀਂ ਹੋਇਆ ਹੈ।
ਇਕ ਝੂਠੇ ਦਾਅਵੇ ਨੂੰ ਦਰੁਸਤ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਡਾ. ਦਲਜੀਤ ਚੀਮਾ ਨੇ ਕਿਹਾ ਕਿ ਸਰਕਾਰ ਨੇ ਹੁਣ ਸਹੀ ਸਵੀਕਾਰ ਕੀਤਾ ਹੈ ਕਿ ਇਸ ਦੇ ਕਾਰਜਕਾਲ ਦੌਰਾਨ ਕੋਈ ਵੀ ਨਿਵੇਸ਼ ਨਹੀਂ ਹੋਇਆ ਹੈ ਅਤੇ ਵੱਖ-ਵੱਖ ਉਦਯੋਗਿਕ ਘਰਾਣਿਆਂ ਨਾਲ ਸਿਰਫ 299 ਐੱਮ. ਓ. ਯੂ. ਸਹੀਬੰਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਦਮ ਸ਼ਲਾਘਾਯੋਗ ਹੈ, ਭਾਵੇਂ ਕਿ ਇਸ ਗਲਤੀ ਨੂੰ ਦਰੁਸਤ ਕਰਦਿਆਂ ਇਹ ਨੁਕਤਾ ਪ੍ਰਾਪਤੀਆਂ ਦੀ ਸੂਚੀ 'ਚ ਪਹਿਲੇ ਨੰਬਰ ਤੋਂ ਹਟਾ ਕੇ ਜਾਰੀ ਕੀਤੇ ਇਸ਼ਤਿਹਾਰ ਅੰਦਰ ਪ੍ਰਾਪਤੀਆਂ ਦੀ ਸੂਚੀ 'ਚ ਸਭ ਤੋਂ ਅਖੀਰ 'ਚ ਪਾ ਦਿੱਤਾ ਹੈ। ਡਾ. ਚੀਮਾ ਨੇ ਕਿਹਾ ਕਿ ਅਕਾਲੀ ਦਲ ਨੇ ਕਾਂਗਰਸ ਦੇ ਦਾਅਵਿਆਂ ਦੀ ਪੋਲ੍ਹ ਖੋਲ੍ਹ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਸ ਗੱਲ ਨਾਲ ਸਰਕਾਰ ਇਹ ਸਵੀਕਾਰ ਕਰਨ ਲਈ ਮਜ਼ਬੂਰ ਹੋਈ ਕਿ ਉਸ ਨੇ ਗੁੰਮਰਾਹਕੁਨ ਇਸ਼ਤਿਹਾਰ ਜਾਰੀ ਕੀਤਾ ਸੀ। ਉਨ੍ਹਾਂ ਕਿਹਾ ਕਿ ਗਲਤੀ ਕਬੂਲਣਾ ਚੰਗੀ ਗੱਲ ਹੈ, ਸਰਕਾਰ ਨੂੰ ਇਹ ਵੀ ਸਵੀਕਾਰ ਕਰਨਾ ਚਾਹੀਦਾ ਹੈ ਕਿ ਇਸ ਨੇ ਭਾਰਤ ਸਰਕਾਰ ਦੀਆਂ ਸਕੀਮਾਂ ਅਤੇ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਕੀਮਾਂ ਨੂੰ ਆਪਣੀਆਂ ਸਕੀਮਾਂ ਵਜੋਂ ਵਿਖਾਉਣ ਦੀ ਕੋਸ਼ਿਸ਼ ਕੀਤੀ ਹੈ।