ਅਕਾਲੀ ਦਲ (ਅ) ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਧਰਨਾ-ਪ੍ਰਦਰਸ਼ਨ
Tuesday, Dec 01, 2020 - 03:57 PM (IST)

ਪਟਿਆਲਾ (ਇੰਦਰਜੀਤ) : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕਾਰਕੁਨਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੋਤੀ ਮਹਿਲ ਦਾ ਘਿਰਾਓ ਕਰਨ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ ਹਾਲਾਂਕਿ ਮੋਤੀ ਮਹਿਲ ਤੋਂ ਕੁੱਝ ਦੂਰੀ 'ਤੇ ਲੱਗੇ ਬੈਰੀਕੇਡਸ 'ਤੇ ਪੁਲਸ ਵੱਲੋਂ ਕਾਰਕੁਨਾਂ ਨੂੰ ਰੋਕਿਆ ਗਿਆ। ਇਸ ਧਰਨੇ ਦੀ ਅਗਵਾਈ ਕਰ ਰਹੇ ਪਾਰਟੀ ਦੇ ਜਨਰਲ ਸਕੱਤਰ ਪ੍ਰੋ. ਮਹਿੰਦਰ ਪਾਲ ਸਿੰਘ ਨੇ ਦੱਸਿਆ ਕਿ ਪਿੰਡ ਜਵਾਹਰ ਕੇ ਦੇ ਰਾਜਿੰਦਰ ਸਿੰਘ 'ਤੇ ਹੋਏ ਕਾਤਲਾਨਾ ਹਮਲੇ ਨੂੰ ਲੈ ਕੇ ਪੁਲਸ ਨੇ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਹੈ, ਜਦੋਂ ਕਿ ਡੇਢ ਮਹੀਨਾ ਪਹਿਲਾਂ 307 ਦਾ ਮਾਮਲਾ ਦਰਜ ਹੋ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਉਹ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਇਸ ਲਈ ਆਏ ਹਨ ਕਿ ਪੰਜਾਬ 'ਚ ਉਨ੍ਹਾਂ ਦੀ ਸਰਕਾਰ ਹੈ ਅਤੇ ਮਾਮਲਾ ਦਰਜ ਹੋਣ ਤੋਂ ਬਾਅਦ ਵੀ ਪੁਲਸ ਸਹੀ ਢੰਗ ਨਾਲ ਕੰਮ ਨਹੀਂ ਕਰ ਰਹੀ, ਜੋ ਕਿ ਪੰਜਾਬ ਸਰਕਾਰ ਦੀ ਬਦਨਾਮੀ ਹੈ। ਪ੍ਰੋ. ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਡੇ ਕੋਲੋਂ ਮੰਗ ਪੱਤਰ ਲੈ ਲਿਆ ਹੈ ਅਤੇ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਕਿਸਾਨਾਂ ਦੇ ਅੰਦੋਲਨ 'ਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ 328 ਸਰੂਪਾਂ ਨੂੰ ਲੈ ਕੇ ਜਲਦੀ ਹੀ ਐਸ. ਜੀ. ਪੀ. ਸੀ. ਦੇ ਨਵੇਂ ਪ੍ਰਧਾਨ ਬੀਬੀ ਜਗੀਰ ਕੌਰ ਦੇ ਘਰ ਅੱਗੇ ਧਰਨਾ ਪ੍ਰਦਰਸ਼ਨ ਕਰੇਗੀ।