ਸੰਗਰੂਰ ਤੋਂ ਅਕਾਲੀ ਦਲ ਨੇ ਇਕਬਾਲ ਸਿੰਘ ਝੂੰਦਾ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ ''ਚ ਉਤਾਰਿਆ
Saturday, Apr 13, 2024 - 03:34 PM (IST)
ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਐਡਵੋਕੇਟ ਇਕਬਾਲ ਸਿੰਘ ਝੂੰਦਾ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਐਲਾਨ ਕਰ ਦਿੱਤਾ ਗਿਆ ਹੈ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਇਕਬਾਲ ਸਿੰਘ ਝੂੰਦਾ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕੀਤਾ ਜਾ ਰਿਹਾ ਸੀ ਅਤੇ ਉਹ ਪਿਛਲੇ ਸਮੇਂ ਵਿੱਚ ਅਕਾਲੀ ਦਲ ਦੀ ਟਿਕਟ ਤੇ ਵਿਧਾਇਕ ਰਹਿ ਚੁੱਕੇ ਹਨ ਅਤੇ ਆਜ਼ਾਦ ਉਮੀਦਵਾਰ ਵਜੋਂ ਵੀ ਉਹ ਵਿਧਾਇਕ ਦੀ ਚੋਣ ਜਿੱਤੇ ਸਨ।
ਇਕਬਾਲ ਸਿੰਘ ਝੂੰਦਾ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸਿੱਖ ਬੁੱਧੀਜੀਵੀ ਮੰਚ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਅਕਾਲੀ ਆਗੂ ਇੰਦਰਜੀਤ ਸਿੰਘ ਘਨੌਰੀ, ਰਣਜੀਤ ਸਿੰਘ ਰੰਧਾਵਾ ਸਾਬਕਾ ਚੇਅਰਮੈਨ, ਮੁਲਾਜ਼ਮ ਆਗੂ ਦਰਸ਼ਨ ਸਿੰਘ ਸ਼ੇਰਪੁਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੂੰ ਭਰੋਸਾ ਦਵਾਇਆ ਕਿ ਲੋਕ ਸਭਾ ਹਲਕਾ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾ ਨੂੰ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪਾਰਲੀਮੈਂਟ ਵਿੱਚ ਭੇਜਿਆ ਜਾਵੇਗਾ।
ਜਗ ਬਾਣੀ ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਐਡਵੋਕੇਟ ਇਕਬਾਲ ਸਿੰਘ ਝੂੰਦਾ ਉਮੀਦਵਾਰ ਲੋਕ ਸਭਾ ਹਲਕਾ ਸੰਗਰੂਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਬਖਸ਼ੇ ਇਸ ਮਾਨ ਸਨਮਾਨ ਲਈ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ ਅਤੇ ਪਾਰਟੀ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ ਲੋਕ ਸਭਾ ਹਲਕਾ ਸੰਗਰੂਰ ਦੀ ਸੀਟ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿੱਚ ਪਾਉਣਗੇ ਅਤੇ ਸਾਰੀ ਹੀ ਅਕਾਲੀ ਦਲ ਦੇ ਆਗੂਆਂ ਵਰਕਰਾਂ ਨੂੰ ਨਾਲ ਲੈ ਕੇ ਇਨ੍ਹਾਂ ਚੋਣਾਂ ਵਿੱਚ ਜਿੱਤ ਪ੍ਰਾਪਤ ਕੀਤੀ ਜਾਵੇਗੀ।