ਅਕਾਲੀ ਦਲ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ

Tuesday, Sep 17, 2019 - 09:15 PM (IST)

ਅਕਾਲੀ ਦਲ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ

ਚੰਡੀਗੜ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਰਿਆਣਾ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅੱਜ ਪਾਰਟੀ ਦੇ ਮੁੱਖ ਦਫ਼ਤਰ ਵਿਚ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ।
ਇਸ ਮੀਟਿੰਗ ਵਿਚ ਬਲਵਿੰਦਰ ਸਿੰਘ ਭੂੰਦੜ, ਹਰੀ ਸਿੰਘ ਜ਼ੀਰਾ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਬਿਕਰਮ ਸਿੰਘ ਮਜੀਠੀਆ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਬੀਬੀ ਉਪਿੰਦਰਜੀਤ ਕੌਰ, ਬਲਦੇਵ ਸਿੰਘ ਮਾਨ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸੁਰਜੀਤ ਸਿੰਘ ਰੱਖੜਾ ਨੇ ਭਾਗ ਲਿਆ।

ਕੋਰ ਕਮੇਟੀ ਵੱਲੋਂ ਲਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਮੁੱਖ ਬੁਲਾਰੇ ਹਰਚਰਨ ਸਿੰਘ ਬੈਂਸ ਨੇ ਦੱਸਿਆ ਕਿ ਪਾਰਟੀ ਨੇ 22 ਸਤੰਬਰ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਲੜਨ ਵਿਚ ਦਿਲਚਸਪੀ ਰੱਖਣ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲੈਣ ਲਈ ਕੁਰੂਕਸ਼ੇਤਰ ਵਿਖੇ ਇਕ ਮੀਟਿੰਗ ਸੱਦਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਇਕ ਸਕਰੀਨਿੰਗ ਕਮੇਟੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਲੜਨ ਵਿਚ ਦਿਲਚਸਪੀ ਰੱਖਣ ਵਾਲੇ ਸਾਰੇ ਉਮੀਦਵਾਰਾਂ ਨੂੰ 22 ਸਤੰਬਰ ਤਕ ਆਪਣੀਆਂ ਅਰਜ਼ੀਆਂ ਜਮ੍ਹਾ ਕਰਵਾਉਣ ਲਈ ਕਹਿ ਦਿੱਤਾ ਗਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਾਲੀ ਕਮੇਟੀ ਹਰਿਆਣਾ ਵਿਧਾਨ ਸਭਾ ਚੋਣਾਂ ਵਾਸਤੇ ਭਾਜਪਾ ਨਾਲ ਸੀਟਾਂ ਦੀ ਵੰਡ ਬਾਰੇ ਵਿਚਾਰ-ਚਰਚਾ ਕਰੇਗੀ। ਹਰਿਆਣਾ ਚੋਣ ਪ੍ਰਚਾਰ ਵਾਸਤੇ ਬਣਾਈ ਇਸ ਕਮੇਟੀ ਦੇ ਬਾਕੀ ਮੈਂਬਰਾਂ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਰਜੀਤ ਸਿੰਘ ਰੱਖੜਾ ਸ਼ਾਮਲ ਹਨ।


author

Karan Kumar

Content Editor

Related News