ਅਕਾਲੀ ਦਲ ਨੇ ਪਰਮਿੰਦਰ ਢੀਂਡਸਾ ਨੂੰ ਥਾਪਿਆ ਵਿਧਾਇਕ ਦਲ ਦਾ ਨੇਤਾ

Saturday, Aug 03, 2019 - 12:40 AM (IST)

ਅਕਾਲੀ ਦਲ ਨੇ ਪਰਮਿੰਦਰ ਢੀਂਡਸਾ ਨੂੰ ਥਾਪਿਆ ਵਿਧਾਇਕ ਦਲ ਦਾ ਨੇਤਾ

ਚੰਡੀਗੜ੍ਹ (ਅਸ਼ਵਨੀ)-ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਪੰਜਾਬ ਵਿਧਾਨ ਸਭਾ ਅੰਦਰ ਪਾਰਟੀ ਦੇ ਵਿਧਾਇਕ ਦਲ ਦਾ ਨਵਾਂ ਨੇਤਾ ਨਿਯੁਕਤ ਕੀਤਾ ਹੈ ਜਦਕਿ ਐੱਨ. ਕੇ. ਸ਼ਰਮਾ ਨੂੰ ਚੀਫ ਵ੍ਹਿਪ ਅਤੇ ਪਵਨ ਕੁਮਾਰ ਟੀਨੂੰ ਨੂੰ ਸਦਨ ਦੇ ਅੰਦਰ ਪਾਰਟੀ ਦਾ ਡਿਪਟੀ ਆਗੂ ਥਾਪਿਆ ਹੈ। ਇਨ੍ਹਾਂ ਨਿਯੁਕਤੀਆਂ ਦਾ ਐਲਾਨ ਕਰਦਿਆਂ ਪਾਰਟੀ ਦੇ ਬੁਲਾਰੇ ਹਰਚਰਨ ਸਿੰਘ ਬੈਂਸ ਨੇ ਦੱਸਿਆ ਕਿ ਇਹ ਨਿਯੁਕਤੀਆਂ ਵਿਧਾਇਕ ਦਲ ਦੀ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਕੀਤੀਆਂ ਗਈਆਂ ਹਨ। ਬੈਂਸ ਨੇ ਕਿਹਾ ਕਿ ਪਾਰਟੀ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਬਾਦਲ ਵਲੋਂ ਇਸ ਤੋਂ ਪਹਿਲਾਂ ਪਾਰਟੀ ਵਿਧਾਇਕਾਂ ਨੂੰ ਨਵਾਂ ਆਗੂ ਚੁਣਨ ਲਈ ਕਹਿ ਦਿੱਤਾ ਸੀ, ਕਿਉਂਕਿ ਸੁਖਬੀਰ ਦੇ ਲੋਕ ਸਭਾ ਮੈਂਬਰ ਬਣਨ ਮਗਰੋਂ ਇਹ ਅਹੁਦਾ ਖਾਲੀ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਢੀਂਡਸਾ ਨੇ ਵਿੱਤ ਮੰਤਰੀ ਤੋਂ ਲੈ ਕੇ ਵੱਖ-ਵੱਖ ਅਹੁਦਿਆਂ 'ਤੇ ਰਹਿ ਕੇ ਪਾਰਟੀ ਦੀ ਸੇਵਾ ਕੀਤੀ ਹੈ। ਉਨ੍ਹਾਂ ਨੂੰ ਇਕ ਬਹੁਤ ਹੀ ਸੁਲਝੇ ਹੋਏ ਸਿਆਸਤਦਾਨ ਵਜੋਂ ਜਾਣਿਆ ਜਾਂਦਾ ਹੈ।

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਢੀਂਡਸਾ ਨੂੰ ਇਸ ਨਵੇਂ ਅਹੁਦੇ ਲਈ ਵਧਾਈ ਦਿੱਤੀ। ਬਾਅਦ ਵਿਚ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਢੀਂਡਸਾ ਨੇ ਪਾਰਟੀ ਪ੍ਰਧਾਨ ਅਤੇ ਬਾਦਲ ਦਾ ਤਹਿ ਦਿਲੋਂ ਸ਼ੁਕਰਾਨਾ ਅਦਾ ਕੀਤਾ ਅਤੇ ਕਿਹਾ ਕਿ ਉਹ ਵਿਧਾਇਕ ਦਲ ਦੇ ਆਗੂ ਵਜੋਂ ਆਪਣੀ ਜ਼ਿੰਮੇਵਾਰੀਆਂ ਨੂੰ ਪੂਰੀ ਵਚਨਬੱਧਤਾ ਅਤੇ ਈਮਾਨਦਾਰੀ ਨਾਲ ਨਿਭਾਉਣਗੇ। ਐੱਨ.ਕੇ. ਸ਼ਰਮਾ ਅਤੇ ਟੀਨੂੰ ਨੇ ਵੀ ਉਨ੍ਹਾਂ ਅੰਦਰ ਭਰੋਸਾ ਜਤਾਉਣ ਲਈ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਵਿਧਾਇਕ ਦਲ ਦਾ ਧੰਨਵਾਦ ਕੀਤਾ।


author

Karan Kumar

Content Editor

Related News