ਅਕਾਲੀ ਦਲ ਬਾਦਲ ਤੇ ਕਾਂਗਰਸ ਕਿਸਾਨ ਅੰਦੋਲਨ ਨੂੰ ਤਾਰਪੀਡੋ ਕਰਨ ਦੀ ਕਰ ਰਹੀਆਂ ਹਨ ਕੋਸ਼ਿਸ਼ : ਢੀਂਡਸਾ
Tuesday, Sep 07, 2021 - 12:48 PM (IST)
ਚੰਡੀਗੜ੍ਹ (ਅਸ਼ਵਨੀ) : ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਉੱਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਵਿਖੇ ਹੋਈ ਮਹਾਪੰਚਾਇਤ ਦੇ ਹੱਕ ਵਿਚ ਨਿੱਤਰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਮਹਾਪੰਚਾਇਤ ਵਿਚ ਕਿਸਾਨਾਂ ਦੇ ਜੁੜੇ ਜਨਸੈਲਾਬ ਨੇ ਇਕ ਵਾਰ ਫਿਰ ਇਹ ਗੱਲ ਸਾਬਿਤ ਕਰ ਦਿੱਤੀ ਹੈ ਕਿ ਕਿਸਾਨਾਂ ਦਾ ਇਹ ਸੰਘਰਸ਼ ਪੰਜਾਬ ਦੇ ਨਾਲ-ਨਾਲ ਹੋਰਨਾਂ ਸੂਬਿਆਂ ਵਿਚ ਵੀ ਫੈਲ ਚੁੱਕਾ ਹੈ। ਢੀਂਡਸਾ ਨੇ ਇਸ ਅੰਦੋਲਨ ਵਿਚ ਮੋਹਰੀ ਪੰਜਾਬ ਵਾਸੀਆਂ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਪੰਜਾਬ ਨੇ ਹੀ ਦੇਸ਼ ਦੇ ਕਿਸਾਨਾਂ ਨੂੰ ਰਾਹ ਦਿਖਾਇਆ ਹੈ, ਜਿਸ ਦੀ ਬਦੌਲਤ ਇਹ ਅੰਦੋਲਨ ਹੁਣ ਦੇਸ਼-ਵਿਆਪੀ ਰੂਪ ਧਾਰ ਚੁੱਕਾ ਹੈ। ਢੀਂਡਸਾ ਨੇ ਦੋਸ਼ ਲਗਾਇਆ ਕਿ ਕਿਸਾਨ ਅੰਦੋਲਨ ਨੂੰ ਸਿਆਸੀ ਪਾਰਟੀਆਂ ਵਲੋਂ ਲਗਾਤਾਰ ਤਾਰਪੀਡੋ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਇਸ ਦੇ ਬਾਵਜੂਦ ਪਿਛਲੇ ਲੰਮੇ ਸਮੇਂ ਤੋਂ ਅੰਨਦਾਤਾ ਆਪਣੇ ਹੱਕਾਂ ਲਈ ਡਟ ਕੇ ਮੁਕਾਬਲਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀ ਹੈ ਜਦੋਂ ਦੇਸ਼ ਦੇ ਕਿਸਾਨਾਂ ਦਾ ਏਕਾ ਕੇਂਦਰ ਸਣੇ ਰਾਜ ਸਰਕਾਰਾਂ ਨੂੰ ਝੁਕਣ ਲਈ ਮਜਬੂਰ ਕਰ ਦੇਵੇਗਾ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਲਈ ਮੱਧ ਪ੍ਰਦੇਸ਼ ਤੋਂ ਆਈਆਂ ਵੋਟਿੰਗ ਮਸ਼ੀਨਾਂ
ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ 27 ਸਤੰਬਰ ਨੂੰ ਭਾਰਤ ਬੰਦ ਦੀ ਮੁਕੰਮਲ ਹਮਾਇਤ ਕਰਦਿਆਂ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜੀ ਖੜ੍ਹਾ ਹੈ ਅਤੇ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਪਾਰਟੀ ਕਿਸਾਨਾਂ ਦੇ ਹਰੇਕ ਸੰਘਰਸ਼ ਵਿਚ ਉਨ੍ਹਾਂ ਦਾ ਸਾਥ ਦੇਵੇਗਾ ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਭਾਜਪਾ ਤੋਂ ਇਲਾਵਾ ਅਕਾਲੀ ਦਲ ਬਾਦਲ ਅਤੇ ਕਾਂਗਰਸ ਵੀ ਕਿਸਾਨ ਅੰਦੋਲਨ ਨੂੰ ਤਾਰਪੀਡੋ ਕਰਨ ਦੀ ਪੁਰਜੋਰ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਹੁਣ ਤੱਕ ਕਿਸਾਨ ਜਥੇਬੰਦੀਆਂ ਵਲੋਂ ਉਲੀਕੇ ਗਏ ਪ੍ਰੋਗਰਾਮਾਂ ਤਹਿਤ ਹੀ ਆਪਣੀ ਰਣਨੀਤੀ ਤੈਅ ਕਰਦਾ ਆਇਆ ਹੈ ਅਤੇ ਅੱਗੇ ਵੀ ਸਿਆਸੀ ਹਿੱਤਾਂ ਨੂੰ ਇਕ ਪਾਸੇ ਰੱਖ ਕੇ ਕਿਸਾਨਾਂ ਦਾ ਸਾਥ ਦਿੰਦਾ ਰਹੇਗਾ।
ਇਹ ਵੀ ਪੜ੍ਹੋ : ਟਰਾਂਸਪੋਰਟ ਮਾਫੀਆ ਅੱਗੇ ਗੋਡੇ ਟੇਕ ਕੇ ਸਰਕਾਰੀ ਬੱਸ ਸੇਵਾ ਦੀ ਬਲੀ ਲੈ ਰਹੀ ਹੈ ਕਾਂਗਰਸ ਸਰਕਾਰ : ਸਰਬਜੀਤ ਮਾਣੂੰਕੇ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ