ਅਕਾਲੀ ਦਲ (ਬਾਦਲ) ਨੇ ਦਿੱਲੀ ''ਚ ਕਾਇਮ ਰੱਖੀ ਸਰਦਾਰੀ, ਜਾਣੋ ਕੀ ਬੋਲੇ ਸੁਖਬੀਰ ਬਾਦਲ

03/02/2017 1:09:40 PM

ਨਵੀਂ ਦਿੱਲੀ/ਜਲੰਧਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ''ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਜਿੱਤ ਦਾ ਝੰਡਾ ਲਹਿਰਾ ਦਿੱਤਾ ਹੈ। ਇੱਥੇ 26 ਫਰਵਰੀ ਨੂੰ 46 ਸੀਟਾਂ ''ਤੇ ਪਈਆਂ ਵੋਟਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ ਅਤੇ ਇਨ੍ਹਾਂ ਚੋਣ ਰੁਝਾਨਾਂ ਦੌਰਾਨ ਅਕਾਲੀ ਦਲ ਨੇ (ਬ) 46 ਸੀਟਾਂ ''ਚੋਂ 35 ਸੀਟਾਂ ''ਤੇ ਜਿੱਤ ਹਾਸਲ ਕਰ ਲਈ ਹੈ, ਜਦੋਂ ਕਿ ਅਕਾਲੀ ਦਲ (ਦਿੱਲੀ) ਨੂੰ 7 ਸੀਟਾਂ ''ਤੇ ਜਿੱਤ ਹਾਸਲ ਹੋਈ ਹੈ ਅਤੇ ਆਜ਼ਾਦ ਉਮੀਦਵਾਰਾਂ ਨੂੰ 4 ਸੀਟਾਂ ਹਾਸਲ ਹੋਈਆਂ ਹਨ ਪਰ ਪੰਥਕ ਸੇਵਾ ਦਲ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕਿਆ। ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਵੀ ਸਰਨਾ ਭਰਾਵਾਂ ਨੂੰ ਪਿੱਛੇ ਛੱਡਦਿਆਂ ਜਿੱਤ ਗਏ ਹਨ। ਦਿੱਲੀ ਕਮੇਟੀ ਦੀ ਜਿੱਤ ਤੋਂ ਬਾਅਦ ਅਕਾਲੀ ਦਲ (ਬਾਦਲ) ਦੀ ਲੀਡਰਸ਼ਿਪ ਖੁਸ਼ ਨਜ਼ਰ ਆ ਰਹੀ ਹੈ। ਇਸ ਜਿੱਤ ਤੋਂ ਬਾਅਦ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਦਿੱਲੀ ਦਾ ਕਿਲਾ ਫਤਿਹ ਕਰਨ ਤੋਂ ਬਾਅਦ ਇਹ ਗੱਲ ਸਾਬਿਤ ਹੋ ਚੁੱਕੀ ਹੈ ਕਿ ਸਿੱਖ ਭਾਈਚਾਰੇ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਇਸ ਮੌਕੇ ਸੁਖਬੀਰ ਬਾਦਲ ਨੇ ਅਕਾਲੀ ਦਲ (ਬ) ਦੇ ਆਗੂਆਂ ਨੂੰ ਵਧਾਈ ਦਿੱਤੀ ਹੈ ਅਤੇ ਕਿਹਾ ਹੈ ਕਿ ਇਸ ਜਿੱਤ ਤੋਂ ਸਾਫ ਹੋ ਗਿਆ ਹੈ ਕਿ ਦਿੱਲੀ ਦਾ ਸਿੱਖ ਭਾਈਚਾਰਾ ਵੀ ਅਕਾਲੀ ਦਲ ਦੇ ਨਾਲ ਖੜ੍ਹਾ ਹੈ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਅਕਾਲੀ ਦਲ ਜਨਤਾ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ।

Babita Marhas

News Editor

Related News